ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਵੱਡੀ ਰਾਹਤ: ਮਾਨ ਸਰਕਾਰ ਲਿਆਏਗੀ ਸੂਬਾ ਪੱਧਰੀ ਨੀਤੀ
ਚੰਡੀਗੜ੍ਹ, 10 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਜਾਂ ਮਕਾਨ ਖਰੀਦਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਪੰਜਾਬ ਸਰਕਾਰ ਜਲਦ ਹੀ ਇੱਕ ਸੂਬਾ ਪੱਧਰੀ ਨੀਤੀ ਲਿਆਏਗੀ।
ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਜ਼ਾਰਾਂ ਪਰਿਵਾਰਾਂ ਨੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਇਨ੍ਹਾਂ ਕਲੋਨੀਆਂ ਵਿੱਚ ਲਗਾਈ, ਪਰ ਬਾਅਦ ਵਿੱਚ ਉਨ੍ਹਾਂ ਨੂੰ ਰਜਿਸਟਰੀ, ਬਿਜਲੀ, ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰਹਿਣਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਭੋਲੇ-ਭਾਲੇ ਲੋਕਾਂ ਨੂੰ ਝੂਠੇ ਵਾਅਦਿਆਂ ਅਤੇ ਆਕਰਸ਼ਕ ਬਰੋਸ਼ਰਾਂ ਰਾਹੀਂ ਗੁੰਮਰਾਹ ਕਰਕੇ ਪਲਾਟ ਵੇਚਣ ਵਾਲੇ ਧੋਖੇਬਾਜ਼ ਕਾਲੋਨਾਈਜ਼ਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਲੋਕਾਂ ਦੇ ਹਿੱਤਾਂ ਦੀ ਪੂਰੀ ਰਾਖੀ ਕਰੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਨੀਤੀ ਕਿਸੇ ਇੱਕ ਸ਼ਹਿਰ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਪੂਰੇ ਪੰਜਾਬ ਵਿੱਚ ਇੱਕੋ ਜਿਹੀ ਤਰ੍ਹਾਂ ਲਾਗੂ ਕੀਤੀ ਜਾਵੇਗੀ ਤਾਂ ਜੋ ਹਰ ਪ੍ਰਭਾਵਿਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
watch…….CM Mann Holds Strategic Meeting on Border Security with Western Command Chief
ਉਨ੍ਹਾਂ ਦੱਸਿਆ ਕਿ ਜਲਦ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਕਾਨੂੰਨੀ-ਵਿੱਤੀ ਮੁੱਦਿਆਂ ਦੀ ਸਮੀਖਿਆ ਕੀਤੀ ਜਾਵੇਗੀ, ਜਿਸ ਤੋਂ ਬਾਅਦ ਇੱਕ ਵਿਹਾਰਕ ਅਤੇ ਲੰਬੇ ਸਮੇਂ ਵਾਲਾ ਹੱਲ ਤਿਆਰ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਲੋਕਾਂ ਨੂੰ ਜਾਇਦਾਦ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਉਸ ਨੂੰ ਪੁੱਡਾ, ਗਮਾਡਾ, ਗਲਾਡਾ ਜਾਂ ਹੋਰ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਪ੍ਰਾਪਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲਤ ਵਿੱਚ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਬਣਦੀ ਰਾਹਤ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

