– ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਹੋਵੇਗੀ ਪਾਲਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੋੜੀਂਦੀ ਗਿਣਤੀ ਵਿੱਚ ਬਣਾਏ ਜਾਣਗੇ ਡੌਗ ਸ਼ੈਲਟਰ, ਅਵਾਰਾ ਕੁੱਤਿਆਂ ਦੀ ਹੋਵੇਗੀ ਸਹੀ ਦੇਖਭਾਲ : ਮੁੱਖ ਮੰਤਰੀ
ਚੰਡੀਗੜ੍ਹ, 22 ਮਈ
ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਵਧ ਰਹੇ ਹਮਲਿਆਂ ਨੂੰ ਲੈ ਕੇ ਲੋਕਾਂ ਵਿੱਚ ਪੈਦਾ ਹੋ ਰਹੀ ਚਿੰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਵਾਰਾ ਕੁੱਤਿਆਂ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੂਰੇ ਸੂਬੇ ਵਿੱਚ ਸਖ਼ਤੀ ਨਾਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਹੀ ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ ‘ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਣ ਲਈ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਹਟਾਇਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ ਬਣਾਏ ਜਾਣਗੇ ਜਿੱਥੇ ਇਨ੍ਹਾਂ ਕੁੱਤਿਆਂ ਦੀ ਸਹੀ ਦੇਖਭਾਲ ਅਤੇ ਸੰਭਾਲ ਕੀਤੀ ਜਾਵੇਗੀ।
19 ਮਈ 2026 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਚੁੱਕੀ ਹੈ ਤਾਂ ਜੋ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੱਸਿਆ ਦਾ ਮਾਨਵੀ ਅਤੇ ਕਾਨੂੰਨੀ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾਅ ਜਾਂ ਲਾਇਲਾਜ ਬਿਮਾਰੀਆਂ ਨਾਲ ਪੀੜਤ ਅਤੇ ਬਹੁਤ ਜ਼ਿਆਦਾ ਖ਼ਤਰਨਾਕ ਕੁੱਤਿਆਂ ਦੇ ਮਾਮਲਿਆਂ ਵਿੱਚ ਜਾਨਵਰਾਂ ਉੱਤੇ ਅੱਤਿਆਚਾਰ ਰੋਕੂ ਕਾਨੂੰਨ ਅਤੇ ਏ.ਬੀ.ਸੀ. ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਲੋੜ ਪੈਣ ‘ਤੇ ਦਰਦ-ਰਹਿਤ ਮੌਤ ਵੀ ਸ਼ਾਮਲ ਹੋ ਸਕਦੀ ਹੈ।
watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਲੋਕਾਂ ਦੀ ਸੁਰੱਖਿਆ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ ਅਤੇ ਇਸ ਕਾਰਨ ਸਰਕਾਰ ਲਈ ਫੈਸਲਾਕੁੰਨ ਕਦਮ ਚੁੱਕਣਾ ਜ਼ਰੂਰੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਫੈਸਲਾ ਆਮ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ।
ਐਕਸ ‘ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲਿਖਿਆ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਪਾਲਣਾ ਕਰੇਗੀ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਦੋਵਾਂ ਲਈ ਇੱਕ ਸੰਤੁਲਿਤ ਅਤੇ ਜ਼ਿੰਮੇਵਾਰ ਨੀਤੀ ਅਪਣਾਏਗੀ।




