ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ ਵੱਡਾ ਐਲਾਨ: ਮਾਤਾ ਸੀਤਾ, ਲਵ-ਕੁਸ਼ ਨੂੰ ਸਮਰਪਿਤ ਬਣੇਗਾ ਵਿਸ਼ਾਲ ਮੰਦਰ
-ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ, ਰਿਸ਼ੀਕੇਸ਼ ਅਤੇ ਮਾਤਾ ਨੈਣਾ ਦੇਵੀ ਰੂਟ ਦੇ ਸ਼ਾਮਲ ਹੋਣ ਨਾਲ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ
ਅੰਮ੍ਰਿਤਸਰ, 28 ਜੂਨ:
ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਧਾਰਮਿਕ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿੱਚ ਕਰਵਾਈ ਗਈ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਸੈਰ-ਸਪਾਟੇ ਅਤੇ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਕਈ ਵੱਡੇ ਐਲਾਨ ਕੀਤੇ ਗਏ। ਇਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ ਮਾਤਾ ਸੀਤਾ, ਮਾਤਾ ਜਾਨਕੀ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਦਾ ਨਿਰਮਾਣ, ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ, 1 ਅਗਸਤ ਤੋਂ ਪੂਰੇ ਪੰਜਾਬ ਵਿੱਚ ਅਧਿਆਤਮਿਕ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਅਤੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ 80 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਨਵੀਨੀਕਰਨ ਦੇ ਕੰਮ ਸ਼ਾਮਲ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਆਸਥਾ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਪ੍ਰਤੀਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਵਿੱਤਰ ਸਥਾਨਾਂ ਦੀ ਸੰਭਾਲ, ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਵਚਨਬੱਧ ਹੈ।
ਭਜਨ ਸੰਧਿਆ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਇਹ ਪ੍ਰੋਗਰਾਮ ਲੋਕਾਂ ਨੂੰ ਭਗਤੀ ਅਤੇ ਆਧਿਆਤਮਿਕਤਾ ਨਾਲ ਜੋੜਨ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਸ਼ੁਰੂ ਹੋਈ ‘ਇੱਕ ਸ਼ਾਮ ਸ਼ਿਵ ਜੀ ਕੇ ਨਾਮ’ ਭਜਨ ਸੰਧਿਆ ਹੁਣ ਪੰਜਾਬ ਦੇ 22 ਸ਼ਹਿਰਾਂ ਵਿੱਚ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਦਾ 80 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜੋ ਸਤੰਬਰ ਤੱਕ ਪੂਰਾ ਹੋ ਜਾਵੇਗਾ।
ਕੇਜਰੀਵਾਲ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਤਹਿਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਇਲਾਵਾ ਹੁਣ ਸਾਲਾਸਰ ਬਾਲਾਜੀ, ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਵਰਗੇ ਨਵੇਂ ਧਾਰਮਿਕ ਸਥਾਨਾਂ ਲਈ ਯਾਤਰਾ ਰੂਟ ਸ਼ੁਰੂ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਰਧਾਲੂਆਂ ਦੇ ਸਫ਼ਰ, ਰਹਿਣ-ਸਹਿਣ, ਭੋਜਨ ਅਤੇ ਦਰਸ਼ਨਾਂ ਦਾ ਪੂਰਾ ਖ਼ਰਚਾ ਚੁੱਕਦੀ ਹੈ ਤਾਂ ਜੋ ਹਰ ਵਰਗ ਦੇ ਲੋਕ ਧਾਰਮਿਕ ਯਾਤਰਾ ਦਾ ਲਾਭ ਲੈ ਸਕਣ।
ਉਨ੍ਹਾਂ ਅੱਗੇ ਐਲਾਨ ਕੀਤਾ ਕਿ 1 ਅਗਸਤ ਤੋਂ ਪੂਰੇ ਪੰਜਾਬ ਵਿੱਚ ਭਗਵਾਨ ਰਾਮ ’ਤੇ ਆਧਾਰਿਤ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਨਾਟਕ ਪੰਜਾਬ ਦੇ ਲੋਕਾਂ ਲਈ ਮੁਫ਼ਤ ਹੋਵੇਗਾ।
ਅੰਮ੍ਰਿਤਸਰ ਦੀ ਧਾਰਮਿਕ ਮਹੱਤਤਾ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸ਼ਹਿਰ ਹਰ ਧਰਮ ਦੇ ਲੋਕਾਂ ਲਈ ਪਵਿੱਤਰ ਸਥਾਨ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਇੱਥੇ ਰਹਿ ਕੇ ਰਾਮਾਇਣ ਦੀ ਰਚਨਾ ਕੀਤੀ ਸੀ ਅਤੇ ਮਾਤਾ ਸੀਤਾ, ਲਵ ਤੇ ਕੁਸ਼ ਨਾਲ ਜੁੜੀ ਇਸ ਧਰਤੀ ਦੀ ਮਹੱਤਤਾ ਬਹੁਤ ਵੱਡੀ ਹੈ।
ਉਨ੍ਹਾਂ ਐਲਾਨ ਕੀਤਾ ਕਿ ਭਗਵਾਨ ਵਾਲਮੀਕਿ ਮੰਦਰ ਦੇ ਨੇੜੇ ਲਵ, ਕੁਸ਼ ਅਤੇ ਮਾਤਾ ਜਾਨਕੀ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮੰਦਰ ਆਸਥਾ ਦਾ ਵੱਡਾ ਕੇਂਦਰ ਬਣੇਗਾ ਅਤੇ ਦੁਨੀਆ ਭਰ ਤੋਂ ਸ਼ਰਧਾਲੂਆਂ ਨੂੰ ਆਕਰਸ਼ਿਤ ਕਰੇਗਾ।
watch……ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ
ਅੰਮ੍ਰਿਤਸਰ ਨੂੰ ਭਾਈਚਾਰਕ ਸਾਂਝ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਵਰਗੇ ਮਹੱਤਵਪੂਰਨ ਸਥਾਨ ਹਨ, ਜੋ ਦੁਨੀਆ ਨੂੰ ਸ਼ਾਂਤੀ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਆਸਥਾ ਦਾ ਸਤਿਕਾਰ ਕਰਨ ਦੇ ਨਾਲ-ਨਾਲ ਸਿਹਤ, ਰੋਜ਼ਗਾਰ ਅਤੇ ਵਿਕਾਸ ਦੇ ਖੇਤਰ ਵਿੱਚ ਵੀ ਕੰਮ ਕਰ ਰਹੀ ਹੈ।
ਭਜਨ ਸੰਧਿਆ ਦੌਰਾਨ ਮਸ਼ਹੂਰ ਗਾਇਕ ਹੰਸਰਾਜ ਰਘੂਵੰਸ਼ੀ ਦੇ ਭਜਨਾਂ ਨਾਲ ਪੂਰਾ ਮਾਹੌਲ ਭਗਤੀਮਈ ਹੋ ਗਿਆ। ਹਜ਼ਾਰਾਂ ਸ਼ਰਧਾਲੂਆਂ ਨੇ “ਹਰ ਹਰ ਮਹਾਦੇਵ” ਦੇ ਜੈਕਾਰਿਆਂ ਨਾਲ ਭਗਵਾਨ ਸ਼ਿਵ ਦੀ ਭਗਤੀ ਕੀਤੀ।


