ਸੰਗਰੂਰ, 9 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਕੇ ਪੰਜਾਬ ਨੂੰ ਡਰਾਇਆ ਨਹੀਂ ਜਾ ਸਕਦਾ ਅਤੇ ਪੰਜਾਬ ਕਦੇ ਵੀ ਜ਼ੁਲਮ ਅੱਗੇ ਨਹੀਂ ਝੁਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇਕ ਸਾਲ ਵਿੱਚ ਤਿੰਨ ਵਾਰ ਅਤੇ ਇਕ ਮਹੀਨੇ ਵਿੱਚ ਦੋ ਵਾਰ ਈ.ਡੀ. ਦੀਆਂ ਰੇਡਾਂ ਹੋਈਆਂ, ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਉਨ੍ਹਾਂ ਸਵਾਲ ਕੀਤਾ ਕਿ ਇਹ ਕਾਰਵਾਈਆਂ ਸਿਰਫ਼ ਉਹਨਾਂ ਸੂਬਿਆਂ ਵਿੱਚ ਹੀ ਕਿਉਂ ਹੁੰਦੀਆਂ ਹਨ ਜਿੱਥੇ ਭਾਜਪਾ ਦੀ ਸਰਕਾਰ ਨਹੀਂ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦਾ ਮਕਸਦ ਕਾਲਾ ਧਨ ਬਰਾਮਦ ਕਰਨਾ ਨਹੀਂ, ਸਗੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਦਬਾਅ ਹੇਠ ਭਾਜਪਾ ਵਿੱਚ ਸ਼ਾਮਲ ਕਰਵਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਈ ਆਗੂਆਂ ਨੇ ਜਾਂਚ ਏਜੰਸੀਆਂ ਦੀ ਕਾਰਵਾਈ ਦਾ ਸਾਹਮਣਾ ਕੀਤਾ, ਪਰ ਜਿਵੇਂ ਹੀ ਉਹ ਭਾਜਪਾ ਵਿੱਚ ਗਏ, ਉਨ੍ਹਾਂ ਨੂੰ ਰਾਜਨੀਤਿਕ ਸੁਰੱਖਿਆ ਮਿਲ ਗਈ।
ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਔਰੰਗਜ਼ੇਬ ਦੇ ਜ਼ੁਲਮਾਂ ਅੱਗੇ ਨਹੀਂ ਝੁਕਿਆ ਸੀ ਅਤੇ ਨਾ ਹੀ ਅੱਜ ਮੋਦੀ ਸਰਕਾਰ ਅੱਗੇ ਝੁਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਈ.ਡੀ.-ਭਾਜਪਾ ਦੇ “ਅਨੈਤਿਕ ਗੱਠਜੋੜ” ਦਾ ਪਤਨ ਪੰਜਾਬ ਤੋਂ ਹੀ ਸ਼ੁਰੂ ਹੋਵੇਗਾ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਈ.ਡੀ., ਸੀ.ਬੀ.ਆਈ., ਇਨਕਮ ਟੈਕਸ ਅਤੇ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ ਨੂੰ ਭਾਜਪਾ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸੰਸਥਾਵਾਂ ਹੁਣ ਨਿਰਪੱਖ ਢੰਗ ਨਾਲ ਕੰਮ ਕਰਨ ਦੀ ਬਜਾਏ ਵਿਰੋਧੀ ਧਿਰ ਵਾਲੇ ਸੂਬਿਆਂ ਨੂੰ ਨਿਸ਼ਾਨਾ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦਾ ਸੁਨੇਹਾ ਸਪੱਸ਼ਟ ਹੈ—“ਭਾਜਪਾ ਵਿੱਚ ਸ਼ਾਮਲ ਹੋਵੋ ਨਹੀਂ ਤਾਂ ਛਾਪੇਮਾਰੀ ਅਤੇ ਜਾਂਚ ਦਾ ਸਾਹਮਣਾ ਕਰੋ।” ਉਨ੍ਹਾਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਘਰ, ਯੂਨੀਵਰਸਿਟੀ ਅਤੇ ਕਾਰੋਬਾਰੀ ਥਾਵਾਂ ’ਤੇ ਦੋ ਦਿਨ ਤੱਕ ਰੇਡਾਂ ਚੱਲਦੀਆਂ ਰਹੀਆਂ, ਪਰ ਜਿਵੇਂ ਹੀ ਉਹ ਭਾਜਪਾ ਵਿੱਚ ਗਏ, ਸਭ ਕੁਝ ਰੁਕ ਗਿਆ ਅਤੇ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ ਵੀ ਮਿਲ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਧਮਕੀਆਂ ਨਾਲ ਨਹੀਂ ਡਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾਂ ਜ਼ੁਲਮਾਂ ਦੇ ਖ਼ਿਲਾਫ਼ ਡਟ ਕੇ ਖੜ੍ਹਿਆ ਹੈ ਅਤੇ ਅੱਗੇ ਵੀ ਖੜ੍ਹਿਆ ਰਹੇਗਾ।
ਬੇਅਦਬੀ ਵਿਰੋਧੀ ਕਾਨੂੰਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਪਵਿੱਤਰਤਾ ਦੀ ਰੱਖਿਆ ਲਈ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਨੂੰ ਦੁਨੀਆ ਭਰ ਦੀਆਂ ਸੰਗਤਾਂ ਦਾ ਵੱਡਾ ਸਮਰਥਨ ਮਿਲਿਆ ਹੈ ਅਤੇ ਇਸਨੂੰ ਕਿਸੇ ਵੀ ਦਬਾਅ ਹੇਠ ਵਾਪਸ ਨਹੀਂ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖਲਾਹਟ ਵਿੱਚ ਹੈ ਅਤੇ ਪੰਜਾਬ ਸਰਕਾਰ ਨੂੰ ਡਰਾਉਣ ਲਈ ਹਰ ਰੋਜ਼ ਨਵੇਂ ਹੱਥਕੰਡੇ ਵਰਤ ਰਹੀ ਹੈ।
watch…..ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਉਮਰ ਕੈਦ! ਮਾਨ ਸਰਕਾਰ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਸਰਹੱਦਾਂ ਦੀ ਰੱਖਿਆ ਵਿੱਚ ਵੱਡਾ ਯੋਗਦਾਨ ਦਿੱਤਾ ਹੈ, ਪਰ ਇਸ ਦੇ ਬਾਵਜੂਦ ਕੇਂਦਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਰ.ਡੀ.ਐਫ. ਸਮੇਤ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕੇ ਗਏ ਹਨ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਪ੍ਰਭਾਵਿਤ ਕੀਤਾ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਭਾਈਚਾਰੇ, ਪਿਆਰ ਅਤੇ ਸਾਂਝ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੀ ਰਾਜਨੀਤੀ ਕਦੇ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹਿੰਦੂਆਂ ਅਤੇ ਸਿੱਖਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਪੰਜਾਬ ਦੇ ਲੋਕ ਕਦੇ ਸਫਲ ਨਹੀਂ ਹੋਣ ਦੇਣਗੇ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਨੂੰ ਰਾਜਪਾਲ ਦੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਇਸਨੂੰ ਵਾਪਸ ਲੈਣ ਦਾ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾਂ ਆਪਣੇ ਹੱਕਾਂ ਅਤੇ ਮਾਣ-ਸਨਮਾਨ ਲਈ ਲੜਦੇ ਆਏ ਹਨ ਅਤੇ ਅੱਗੇ ਵੀ ਲੜਦੇ ਰਹਿਣਗੇ। ਉਨ੍ਹਾਂ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਡਰਾਉਣ ਜਾਂ ਅਸਥਿਰ ਕਰਨ ਦੀ ਹਰ ਕੋਸ਼ਿਸ਼ ਦਾ ਇੱਕਜੁੱਟ ਹੋ ਕੇ ਜਵਾਬ ਦਿੱਤਾ ਜਾਵੇਗਾ।


