ਪੈਟ੍ਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਫੁਆਰਾ ਚੌਕ ਵਿਖੇ ‘ਆਪ’ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ
ਪਟਿਆਲਾ, 16 ਮਈ
ਆਮ ਆਦਮੀ ਪਾਰਟੀ ਵੱਲੋਂ ਫੁਆਰਾ ਚੌਕ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਪੈਟ੍ਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ‘ਤੇ ਮਹਿੰਗਾਈ ਦਾ ਵੱਡਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੁੰਦਾ ਹੈ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਵੀ ਮਹਿੰਗੀਆਂ ਹੋ ਜਾਂਦੀਆਂ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ ਹਾਲਾਤਾਂ ਅਤੇ ਪੱਛਮੀ ਦੇਸ਼ਾਂ ਵਿੱਚ ਤਣਾਅ ਨੂੰ ਬਹਾਨਾ ਬਣਾਕੇ ਲੋਕਾਂ ਦੀਆਂ ਜੇਬਾਂ ‘ਤੇ ਡਾਕਾ ਮਾਰ ਰਹੀ ਹੈ, ਜਿਸ ਦਾ ਸਿੱਧਾ ਅਸਰ ਆਮ ਪਰਿਵਾਰਾਂ ਦੇ ਘਰੇਲੂ ਬਜਟ ‘ਤੇ ਪੈ ਰਿਹਾ ਹੈ।
ਹਲਕਾ ਸੰਗਠਨ ਇੰਚਾਰਜ ਅਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਦਿਨੋਂ-ਦਿਨ ਮੁਸ਼ਕਿਲ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੇਗੀ ਅਤੇ ਮਹਿੰਗਾਈ ਖਿਲਾਫ਼ ਸੰਘਰਸ਼ ਜਾਰੀ ਰੱਖੇਗੀ।
watch…..ਜਨਗਣਨਾ-2026 ਦੀ ‘ਸੈਲਫ ਇਨੁਮੀਰੇਸ਼ਨ’ ਮੁਹਿੰਮ ਸ਼ੁਰੂ, ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਚੇਅਰਮੈਨ ਹਰਪਾਲ ਜੁਨੇਜਾ ਨੇ ਕੇਂਦਰ ਸਰਕਾਰ ਤੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੰਜਾਬੀ ਮਹਿਲਾ ਕਮਿਸ਼ਨ ਦੀ ਮੈਂਬਰ ਵੀਰਪਾਲ ਕੌਰ, ਜ਼ਿਲ੍ਹਾ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਵਿਨੋਦ ਸਿੰਗਲਾ, ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸਨ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਿਹਾਰ ਸਿੰਘ ਚੀਮਾ, ਚੇਅਰਮੈਨ ਜਰਨੈਲ ਸਿੰਘ ਮੰਨੂ, ਚੇਅਰਮੈਨ ਮਹਿੰਗਾ ਸਿੰਘ ਬਰਾੜ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਫਰਾਂਸਵਾਲਾ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਆਰਤੀ ਗੁਪਤਾ, ਕੋਆਰਡੀਨੇਟਰ ਦੀਪਮਾਲਾ ਦੁੱਗਲ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ, ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਮੀਤ ਤਕੇਜਾ, ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ, ਟ੍ਰੇਡ ਕਮਿਸ਼ਨ ਮੈਂਬਰ ਪੁਨੀਤ ਬੁੱਧੀਰਾਜਾ, ਮੀਡੀਆ ਵਿੰਗ ਦੇ ਹਲਕਾ ਇੰਚਾਰਜ ਸੰਦੀਪ ਬੰਧੂ, ਹਲਕਾ ਕੋਆਰਡੀਨੇਟਰ ਵੇਦ ਪ੍ਰਕਾਸ਼, ਹਲਕਾ ਸੋਸ਼ਲ ਮੀਡੀਆ ਇੰਚਾਰਜ ਦੀਪਕ ਮਹਿਰਾ, ਜ਼ਿਲ੍ਹਾ ਸਕੱਤਰ ਨਵਜੋਤ ਮਹਿਰਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

