ਘਨੌਰ, 29 ਜੁਲਾਈ
ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਕੇ ਹਲਕਾ ਘਨੌਰ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਖੇਤਰ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਨਹਿਰੀ ਪਾਣੀ ਨੂੰ ਸਿੰਚਾਈ ਲਈ ਵਰਤਣ ਦੀ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਭੂ-ਜਲ ਸੰਭਾਲ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਨਾਲ ਭਵਿੱਖ ਵਿੱਚ ਪਾਣੀ ਦੇ ਸੰਕਟ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਹੁਣ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਘਨੌਰ ਹਲਕੇ ਵਿੱਚੋਂ ਨਹਿਰ ਲੰਘਣ ਦੇ ਬਾਵਜੂਦ ਕਈ ਪਿੰਡ ਸਾਲਾਂ ਤੋਂ ਨਹਿਰੀ ਸਿੰਚਾਈ ਤੋਂ ਵਾਂਝੇ ਸਨ, ਪਰ ਹੁਣ ਉਨ੍ਹਾਂ ਖੇਤਾਂ ਤੱਕ ਵੀ ਪਾਣੀ ਪਹੁੰਚਾ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਨਾਲ 22.23 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਲਿਫ਼ਟਿੰਗ ਸਿਸਟਮ (ਪੁਰਾਣਾ ਨਾਮ ਰਾਜਖਾਂਟ, ਬਨੂੜ ਕੈਨਾਲ) ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਗਈ ਹੈ। ਇਸ ਪ੍ਰਾਜੈਕਟ ਨਾਲ 38 ਪਿੰਡਾਂ ਦੇ 15,129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਸਿੰਚਾਈ ਦੀ ਸਹੂਲਤ ਮਿਲੀ ਹੈ।
ਇਸ ਤੋਂ ਇਲਾਵਾ, ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਹਿੱਸੇ ਨੂੰ 4.50 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ। ਇਸ ਪ੍ਰਾਜੈਕਟ ਨਾਲ 4 ਪਿੰਡਾਂ ਦੇ 1,803 ਏਕੜ ਰਕਬੇ ਨੂੰ ਨਹਿਰੀ ਪਾਣੀ ਉਪਲਬਧ ਹੋਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ 450 ਕਰੋੜ ਰੁਪਏ ਖਰਚ ਕਰਕੇ ਪਿਛਲੇ ਪੰਜ ਦਹਾਕਿਆਂ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਘਨੌਰ ਹਲਕੇ ਵਿੱਚ ਹੀ ਘੱਗਰ ਦਰਿਆ ‘ਤੇ ਹੜ੍ਹ ਰੋਕੂ ਕੰਮਾਂ ਲਈ 13 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਘਨੌਰ ਵਿੱਚ ਰਿਕਾਰਡ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਕਿਹਾ ਕਿ ਲਿਫ਼ਟ ਸਿਸਟਮ ਰਾਹੀਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਣ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਸਿੰਚਾਈ ‘ਤੇ ਆਉਣ ਵਾਲਾ ਖਰਚ ਵੀ ਘਟੇਗਾ।
watch…..‘ਪੰਜਾਬ ਦੀ ਧਰਤੀ ‘ਤੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ’, ‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ
ਇਲਾਕੇ ਦੇ ਕਿਸਾਨਾਂ ਨੇ ਵੀ ਕੈਬਨਿਟ ਮੰਤਰੀ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਲਾਂ ਪੁਰਾਣੀ ਮੰਗ ਨੂੰ ਕੇਵਲ ਭਗਵੰਤ ਮਾਨ ਸਰਕਾਰ ਨੇ ਪੂਰਾ ਕੀਤਾ ਹੈ। ਹੁਣ ਉਨ੍ਹਾਂ ਦੇ ਖੇਤਾਂ ਨੂੰ ਸਿੰਚਾਈ ਲਈ ਨਿਯਮਤ ਨਹਿਰੀ ਪਾਣੀ ਮਿਲੇਗਾ, ਜਿਸ ਨਾਲ ਖੇਤੀਬਾੜੀ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਅਤੇ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ।
ਸਮਾਗਮ ਦੌਰਾਨ ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਟਿਊਬਵੈੱਲ ਕਾਰਪੋਰੇਸ਼ਨ ਦੇ ਨਿਗਰਾਨ ਇੰਜੀਨੀਅਰ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ, ਐਸ.ਡੀ.ਓ. ਕੁਮਾਰ ਧਵਨ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੇਲ ਸਿੰਘ, ਸਹਿਜਪਾਲ ਸਿੰਘ ਲਾਡਾ, ਕਪਤਾਨ ਸਿੰਘ, ਨਰਿੰਦਰ ਸਿੰਘ, ਬਲਾਕ ਸੰਮਤੀ ਸ਼ੰਭੂ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ, ਗੁਰਤਾਜ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।




