ਚਵਿੰਡਾ ਦੇਵੀ, 26 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਵਿੰਡਾ ਦੇਵੀ ਵਿਖੇ ਹੋਈ ਵਿਸ਼ਾਲ ‘ਲੋਕ ਮਿਲਣੀ’ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਲਈ ਭਾਜਪਾ ਨਾਲ ਮੁੜ ਗਠਜੋੜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਦੀ ਕਥਿਤ ‘ਪਰਚੇ, ਗੁੰਡਾਗਰਦੀ ਅਤੇ ਡਰ’ ਵਾਲੀ ਸਿਆਸਤ ਨੂੰ ਭੁੱਲੇ ਨਹੀਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਜੀਠਾ ਹਲਕੇ ਦੇ ਲੋਕ ਹੁਣ ਸਿਆਸਤ ਦਾ ਨਵਾਂ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਨੌਕਰੀਆਂ, ਸਕੂਲਾਂ, ਹਸਪਤਾਲਾਂ, ਸੜਕਾਂ, ਬਿਜਲੀ ਅਤੇ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਯੋਗਤਾ ਦੇ ਆਧਾਰ ‘ਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਅਕਾਲੀ ਦਲ ਨੂੰ ਲੈ ਕੇ CM ਮਾਨ ਦੇ ਤਿੱਖੇ ਤੇਵਰ
ਮੁੱਖ ਮੰਤਰੀ ਨੇ ਬੇਅਦਬੀ ਦੇ ਮਾਮਲਿਆਂ ਅਤੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਵੀ ਅਕਾਲੀ ਦਲ ਦੇ ਰਵੱਈਏ ‘ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਅਕਾਲੀ ਲੀਡਰਸ਼ਿਪ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਅਤੇ ਡਰ ਦਾ ਮਾਹੌਲ ਬਣਿਆ ਰਿਹਾ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ਦੋਵਾਂ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਕਾਂਗਰਸ ਨੂੰ ਅੰਦਰੂਨੀ ਧੜੇਬੰਦੀ ਨਾਲ ਜੂਝ ਰਹੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਇਸ ਕੋਲ ਪੰਜਾਬ ਲਈ ਕੋਈ ਸਪੱਸ਼ਟ ਵਿਜ਼ਨ ਨਹੀਂ ਹੈ।
ਮੁਫ਼ਤ ਬਿਜਲੀ ਤੋਂ ਸਿਹਤ ਸਹੂਲਤਾਂ ਤੱਕ ਗਿਣਾਈਆਂ ਸਰਕਾਰੀ ਉਪਲਬਧੀਆਂ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ 69 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ ਅਤੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਲੋਕਾਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਕਰਵਾਈ ਹੈ।
ਸਿਹਤ ਖੇਤਰ ਬਾਰੇ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਇਸ ਯੋਜਨਾ ਤਹਿਤ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾਇਆ ਜਾ ਚੁੱਕਾ ਹੈ।
ਮਹਿਲਾਵਾਂ ਲਈ 1,000 ਅਤੇ SC ਮਹਿਲਾਵਾਂ ਲਈ 1,500 ਰੁਪਏ ਮਹੀਨਾ
ਮੁੱਖ ਮੰਤਰੀ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦੀ ਗੱਲ ਵੀ ਉਨ੍ਹਾਂ ਕਹੀ।
watch……ਵੱਧ ਜਾਂ ਗਲਤ ਬਿਜਲੀ ਬਿੱਲ ਆਇਆ? PSPCL ਦੀ ਸਮਰਪਿਤ 24 ਘੰਟੇ ਹੈਲਪਲਾਈਨ ’ਤੇ ਕਰੋ ਸ਼ਿਕਾਇਤ
ਸਿੱਖਿਆ ‘ਤੇ ਫੋਕਸ, NEET ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ
ਮਾਨ ਨੇ ਸਿੱਖਿਆ ਨੂੰ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ ਕਿ ਅਧਿਆਪਕ ਸਿਖਲਾਈ, ਸਕੂਲਜ਼ ਆਫ਼ ਐਮੀਨੈਂਸ ਅਤੇ ਹੋਰ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਸੁਧਾਰ ਆਇਆ ਹੈ।
ਉਨ੍ਹਾਂ ਦੇ ਮੁਤਾਬਕ 2021 ਵਿੱਚ ਸਰਕਾਰੀ ਸਕੂਲਾਂ ਦੇ 80 ਵਿਦਿਆਰਥੀਆਂ ਨੇ NEET ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ ਵੱਧ ਕੇ 882 ਹੋ ਗਈ ਹੈ।
ਨਹਿਰੀ ਸਿੰਜਾਈ ਦਾ ਦਾਇਰਾ ਵਧਾਉਣ ਦਾ ਦਾਅਵਾ
ਸਿੰਜਾਈ ਅਤੇ ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਪਹਿਲਾਂ ਨਹਿਰੀ ਪਾਣੀ ਨਹੀਂ ਸੀ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਨਹਿਰੀ ਸਿੰਜਾਈ ਹੇਠਲਾ ਖੇਤਰ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ 2022 ਵਿੱਚ 20.89 ਲੱਖ ਏਕੜ ਦੇ ਮੁਕਾਬਲੇ ਹੁਣ 60.30 ਲੱਖ ਏਕੜ ਰਕਬਾ ਨਹਿਰੀ ਸਿੰਜਾਈ ਹੇਠ ਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਲਗਭਗ 45 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਦਾ ਕੰਮ ਚੱਲ ਰਿਹਾ ਹੈ।
ਚਵਿੰਡਾ ਦੇਵੀ ਇਲਾਕੇ ਲਈ 58 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ
‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਲਾਕੇ ਦੇ ਵਿਕਾਸ ਕਾਰਜਾਂ ਲਈ 58 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਥਾਨਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਵਿਕਾਸ ਨੂੰ ਹਲਕੇ ਦੇ ਹਰ ਖੇਤਰ ਤੱਕ ਪਹੁੰਚਾਉਣਾ ਹੈ।





