Onnline TV

ਧਰਮ ਪੰਜਾਬ ਪੰਜਾਬੀ

ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰी ਜੀ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ

-ਲੱਖਾਂ ਸੰਗਤਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੇ ਕੀਤਾ ਸਤਿਕਾਰ ਭੇਟ

ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰी ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੌਰਾਨ ਅੱਜ ਲੱਖਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜਪੁਜੀ ਸਾਹਿਬ ਦੇ ਪਾਠ ਤੋਂ ਬਾਅਦ ਸ਼ੁਰੂ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਅਰਦਾਸ ਨਾਲ ਸੰਪੰਨ ਹੋਇਆ।

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਦੇ ਪਾਠ ਤੋਂ ਬਾਅਦ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੁਣਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।

ਨਗਰ ਕੀਰਤਨ ਵਿੱਚ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਵਿਖਾਏ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਨਗਰ ਕੀਰਤਨ ਦੇ ਸਾਰੇ ਰਸਤਿਆਂ ’ਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤ ਨੇ ਗੁਰਮੰਤਰ ਤੇ ਮੂਲਮੰਤਰ ਦਾ ਜਾਪ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ।

watch…….ਲੱਖਾਂ ਸੰਗਤਾਂ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ

ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਇਆ, ਜਿਸ ਦੀ ਸਮਾਪਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿੱਚ ਹੋਈ। ਇਸ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸੋਹਿਲਾ ਸਾਹਿਬ ਦਾ ਪਾਠ ਗਿਆਨੀ ਪਰਵਿੰਦਰਪਾਲ ਸਿੰਘ ਨੇ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਕੂਮਤ ਸਮਝਦੀ ਸੀ ਕਿ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਕੇ ਸਿੱਖੀ ਖਤਮ ਹੋ ਜਾਵੇਗੀ, ਪਰ ਉਹ ਨਹੀਂ ਸਮਝੇ ਕਿ ਸਰੀਰ ਤਾਂ ਖਤਮ ਕੀਤੇ ਜਾ ਸਕਦੇ ਹਨ ਪਰ ਸਿੱਖੀ ਸੋਚ ਨੂੰ ਨਹੀਂ। ਖਾਲਸਾ ਪੰਥ ਦੇ ਵੱਡੇ ਇਕੱਠ ਦਰਸਾਉਂਦੇ ਹਨ ਕਿ ਸਾਹਿਬਜ਼ਾਦਿਆਂ ਪ੍ਰਤੀ ਸਿੱਖਾਂ ਦੇ ਮਨਾਂ ਵਿੱਚ ਕਿੰਨਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਹਕੂਮਤਾਂ ਹਮੇਸ਼ਾ ਸਿੱਖੀ ਨੂੰ ਜ਼ਬਰਦਸਤੀ ਖਤਮ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ, ਪਰ ਪੰਥ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਿਹਾ ਹੈ। ਉਨ੍ਹਾਂ ਗੁਰਦੁਆਰਿਆਂ ਨੂੰ ਸਿੱਖ ਆਸਥਾ ਦਾ ਕੇਂਦਰ ਦੱਸਦਿਆਂ ਕਿਹਾ ਕਿ ਇਨ੍ਹਾਂ ਦਾ ਪ੍ਰਬੰਧ ਪੰਥ ਕੋਲ ਰਹੇਗਾ ਅਤੇ ਪੰਥ ਆਪਣੇ ਫੈਸਲੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕਰਦਾ ਰਹੇਗਾ। ਉਨ੍ਹਾਂ ਸਮੁੱਚੇ ਪੰਥ ਨੂੰ ਹਕੂਮਤਾਂ ਵੱਲੋਂ ਦਖ਼ਲਅੰਦਾਜ਼ੀ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਸੰਗਤਾਂ ਦੀ ਭਾਵਨਾ ਅਨੁਸਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ਵਿੱਚ ਨਸ਼ਾ ਬੰਦੀ ਹੋਣ ਦੀ ਮੰਗ ਕੀਤੀ।

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਅਵਤਾਰ ਸਿੰਘ ਰਿਆ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

LEAVE A RESPONSE

Your email address will not be published. Required fields are marked *