ਸੰਘੋਲ, 19 ਅਕਤੂਬਰ (ਔਜਲਾ): ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਫੂਡ ਸੇਫਟੀ ਅਫ਼ਸਰ ਸੰਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਭੜੀ, ਖੇੜੀ ਨੌਧ ਸਿੰਘ ਅਤੇ ਖਮਾਣੋਂ ਦੀਆਂ ਵੱਖ-ਵੱਖ ਦੁਕਾਨਾਂ ਤੋਂ ਤਿੰਨ ਸੈਂਪਲ ਲਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਅਤੇ ਗ਼ੈਰ-ਮਿਆਰੀ ਉਤਪਾਦਾਂ ਦੀ ਵਿਕਰੀ ਨੂੰ ਰੋਕਣ ਦੇ ਉਦੇਸ਼ ਨਾਲ ਕੀਤੀ ਗਈ ਹੈ। ਜਾਂਚ ਦੌਰਾਨ ਮਠਿਆਈਆਂ, ਬੇਕਰੀ ਉਤਪਾਦਾਂ, ਦੁੱਧ, ਦਹੀਂ, ਖੋਆ, ਮੱਖਣ ਅਤੇ ਘਿਓ ਵਰਗੀਆਂ ਵਸਤਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲਏ ਗਏ ਸੈਂਪਲਾਂ ਦੀ ਜਾਂਚ ਰਿਪੋਰਟ ਅਗਲੇ 20 ਦਿਨਾਂ ਦੇ ਅੰਦਰ ਆਉਣ ਦੀ ਉਮੀਦ ਹੈ। ਜੇਕਰ ਕਿਸੇ ਵੀ ਸੈਂਪਲ ਦੀ ਰਿਪੋਰਟ ਫੇਲ੍ਹ ਪਾਈ ਜਾਂਦੀ ਹੈ ਤਾਂ ਸਬੰਧਤ ਦੁਕਾਨ ਦੇ ਮਾਲਕ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫੂਡ ਸੇਫਟੀ ਅਫ਼ਸਰ ਨੇ ਦੁਕਾਨਦਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ।
watch…ਮੈਡੀਕਲ ਸਟੋਰਾਂ ’ਤੇ ਕਥਿਤ ਤੌਰ ’ਤੇ ਹੋ ਰਹੀ ਪ੍ਰੈਕਟਿਸ, ਸਿਹਤ ਵਿਭਾਗ ਕਦੋਂ ਕਰੇਗਾ ਕਾਰਵਾਈ?
ਜ਼ਿਲ੍ਹੇ ਵਿੱਚ ਪਹਿਲਾਂ ਵੀ 11 ਸੈਂਪਲ ਫੇਲ੍ਹ ਹੋਏ
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਇਸ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਕੁੱਲ 23 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 11 ਸੈਂਪਲ ਫੇਲ੍ਹ ਪਾਏ ਗਏ ਸਨ। ਇਸ ਤੋਂ ਬਾਅਦ ਵਿਭਾਗ ਵੱਲੋਂ ਮਿਲਾਵਟਖੋਰੀ ਵਿਰੁੱਧ ਕਾਰਵਾਈ ਤੇਜ਼ ਕੀਤੀ ਗਈ ਹੈ।
ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਲਾਕੇ ਵਿੱਚ ਗ਼ੈਰ-ਮਿਆਰੀ ਮਠਿਆਈਆਂ ਅਤੇ ਘਟੀਆ ਕਿਸਮ ਦੇ ਖਾਦ ਪਦਾਰਥਾਂ ਦੀ ਵਿਕਰੀ ਸਬੰਧੀ ਖ਼ਬਰਾਂ ਸਾਹਮਣੇ ਆਈਆਂ ਸਨ। ਇਸ ਦੇ ਮੱਦੇਨਜ਼ਰ ਵਿਭਾਗ ਦੀ ਕਾਰਵਾਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਤਿਉਹਾਰਾਂ ਦੇ ਦਿਨਾਂ ਵਿੱਚ ਮਿਲਾਵਟਖੋਰੀ ’ਤੇ ਨਕੇਲ ਕੱਸਣ ਲਈ ਅਜਿਹੀਆਂ ਜਾਂਚ ਮੁਹਿੰਮਾਂ ਦੀ ਲਗਾਤਾਰਤਾ ਬੇਹੱਦ ਜ਼ਰੂਰੀ ਹੈ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਮਿਲ ਸਕਣ।
NOTE-AI IMAGE





