Homeਪੰਜਾਬੀਪੰਜਾਬਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ...

ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ

- Advertisement -spot_img

ਫਗਵਾੜਾ, 19 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਾਰੀ-ਵਾਰੀ ਸੱਤਾ ਭੋਗਣ ਵਾਲੀਆਂ ਰਵਾਇਤੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਨਾਲ ਧੋਖਾ ਕਰਨ ਵਾਲਿਆਂ ਨੂੰ ਆਪਣੇ ਕਰਤੂਤਾਂ ਦਾ ਹਿਸਾਬ ਦੇਣਾ ਪਵੇਗਾ।

ਫਗਵਾੜਾ ਵਿੱਚ ਇੱਕ ਵਿਸ਼ਾਲ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਝਾੜੂ ਪੰਜਾਬ ਦੀ ਸਿਆਸੀ ਪ੍ਰਣਾਲੀ ਨੂੰ ਸਾਫ਼ ਕਰ ਰਿਹਾ ਹੈ, ਜਦਕਿ ਅਕਾਲੀ ਦਲ ਅਤੇ ਕਾਂਗਰਸ, ਜੋ ਇੱਕੋ ਸਿੱਕੇ ਦੇ ਦੋ ਪਾਸੇ ਹਨ, ਆਪਣੇ ਸਵਾਰਥੀ ਰਾਜਨੀਤਿਕ ਏਜੰਡਿਆਂ ਕਾਰਨ ਅੱਜ ਆਪਣੀ ਸਿਆਸੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਆਗੂ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਜਿਹੜੇ ਲੋਕ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਆਪਣੀਆਂ ਅੰਦਰੂਨੀ ਖਿੱਚਤਾਣ ਕਾਰਨ ਆਖ਼ਰੀ ਸਾਹਾਂ ‘ਤੇ ਹੈ, ਜਦਕਿ ‘ਆਪ’ ਸਰਕਾਰ ਦੀ ਲੋਕ-ਪੱਖੀ ਨੀਤੀਆਂ ਕਾਰਨ ਪੰਜਾਬ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਇਤਿਹਾਸਕ ਤਰੱਕੀ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ, “ਉਹ ਦਿਨ ਲੰਘ ਗਏ ਜਦੋਂ ਇਹ ਪਾਰਟੀਆਂ ਸੱਤਾ ਦੀ ਕੁਰਸੀ ਲਈ ਵਾਰੀ ਦੀ ਉਡੀਕ ਕਰਦੀਆਂ ਸਨ। ਅਸਲ ਵਿੱਚ, ਸੱਤਾ ਵਿੱਚ ਰਹਿੰਦਿਆਂ ਇਨ੍ਹਾਂ ਨੇ ਇੱਕ-ਦੂਜੇ ਦੇ ਹਿਤਾਂ ਦੀ ਰੱਖਿਆ ਕੀਤੀ, ਜਿਸ ਕਾਰਨ ਉਨ੍ਹਾਂ ਦੀਆਂ ਕਰਤੂਤਾਂ ਕਦੇ ਸਾਹਮਣੇ ਨਹੀਂ ਆਈਆਂ। ਪਰ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਪਾਰਟੀ ਦਾ ਝਾੜੂ ਸਿਆਸੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ ਜਦੋਂ ਅਕਾਲੀ ਆਪਣੇ ਪਾਪਾਂ ਦੀ ਸਜ਼ਾ ਭੁਗਤਦੇ ਹੋਏ ਜੇਲ੍ਹਾਂ ਵਿੱਚ ਹੋਣਗੇ।”

ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਹਮੇਸ਼ਾ ਆਪਣੇ ਨਿੱਜੀ ਹਿਤਾਂ ਲਈ ਕੰਮ ਕਰਦੀਆਂ ਰਹੀਆਂ ਹਨ। ਇਨ੍ਹਾਂ ਨੂੰ ਲੋਕਾਂ ਦੀ ਨਹੀਂ, ਸਿਰਫ਼ ਆਪਣੇ ਸਵਾਰਥਾਂ ਦੀ ਚਿੰਤਾ ਰਹੀ ਹੈ। ਬੇਅਦਬੀ ਦੀਆਂ ਘਟਨਾਵਾਂ ਹੋਣ ਦੌਰਾਨ ਵੀ ਇਨ੍ਹਾਂ ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਰਹੀ ਅਤੇ ਬਾਅਦ ਵਿੱਚ ਇਹ ਲੋਕ ਖੁਦ ਆਪਣੀਆਂ ਗ਼ਲਤੀਆਂ ਮੰਨਦੇ ਵੀ ਰਹੇ ਹਨ।

ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਸ਼ਾਨੋ-ਸ਼ੌਕਤ ਅਤੇ ਸੁਰੱਖਿਅਤ ਮਾਹੌਲ ਵਿੱਚ ਬਿਤਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਕਰਨ ਵਾਲਾ ਇਹ ਆਗੂ ਸੂਬੇ ਦੀ ਬੁਨਿਆਦੀ ਭੂਗੋਲ ਅਤੇ ਕਿਸਾਨੀ ਹਕੀਕਤਾਂ ਤੱਕ ਤੋਂ ਜਾਣੂ ਨਹੀਂ ਹੈ।

ਬੇਅਦਬੀ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰਾ ਝਟਕਾ ਲੱਗਾ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਸਖ਼ਤ ਕਾਨੂੰਨ ਤਿਆਰ ਕੀਤਾ ਗਿਆ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਹੁਣ ਤੱਕ 67 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬੋਰਟਰੀਆਂ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

watch……ਨਕਲੀ ਵੀਡੀਓ ਦੀ ਸੱਚਾਈ ਬੇਨਕਾਬ: 1,191 ਫਰੇਮਾਂ ਵਿੱਚੋਂ ਇੱਕ ਵੀ ਮੇਰੇ ਨਾਲ ਮੇਲ ਨਹੀਂ ਖਾਂਦਾ — ਮੁੱਖ ਮੰਤਰੀ ਮਾਨ

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ JEE, NEET, CLAT ਅਤੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਪੰਜਾਬ ਨੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਸਿਹਤ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਲਗਭਗ 1,000 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ 2022 ਤੋਂ ਬਾਅਦ ਸੂਬੇ ਦੇ ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਦਿਨ ਦੇ ਸਮੇਂ ਨਿਰੰਤਰ ਬਿਜਲੀ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 14,000 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਅਤੇ ਖਾਲਾਂ ਬਣਾਈਆਂ ਗਈਆਂ ਹਨ, ਜਿਸ ਨਾਲ 21,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਕਈ ਖੇਤਰਾਂ ਵਿੱਚ ਭੂ-ਜਲ ਪੱਧਰ ਵੀ ਵਧਿਆ ਹੈ।

ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਜਦਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੱਜ ਹਰ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। 49,000 ਕਿਲੋਮੀਟਰ ਤੋਂ ਵੱਧ ਪਿੰਡਾਂ ਦੀਆਂ ਸੜਕਾਂ ਦਾ ਨਿਰਮਾਣ ਜ਼ੋਰਾਂ ‘ਤੇ ਹੈ ਅਤੇ 19 ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਕਰੋੜਾਂ ਰੁਪਏ ਬਚਾਏ ਜਾ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਫਗਵਾੜਾ ਹਲਕੇ ਦੇ ਵਿਕਾਸ ਲਈ 18 ਕਰੋੜ ਰੁਪਏ ਤੋਂ ਵੱਧ ਦੀ ਗ੍ਰਾਂਟ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਪੁਲ ਦਾ ਕੰਮ ਕਰਦੀਆਂ ਹਨ ਅਤੇ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਕਈ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here