ਚੰਡੀਗੜ੍ਹ, 23 ਜੁਲਾਈ:
ਦਿੱਲੀ ਵਿੱਚ ਪੁਲਿਸ ਅਤੇ ਆਰ.ਐੱਸ.ਐੱਸ. ਨਾਲ ਜੁੜੇ ਤੱਤਾਂ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗਈ ਕਥਿਤ ਕੁੱਟਮਾਰ ਅਤੇ ਜਮਹੂਰੀ ਹੱਕਾਂ ‘ਤੇ ਹੋਏ ਹਮਲਿਆਂ ਦੇ ਵਿਰੋਧ ਵਿੱਚ 25 ਜੁਲਾਈ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਹੋਣ ਵਾਲੇ ਧਰਨੇ ਨੂੰ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਆਪਣਾ ਸਮਰਥਨ ਦਿੱਤਾ ਹੈ। ਸਭਾ ਨੇ ਪੰਜਾਬ ਦੇ ਸਮੂਹ ਲੇਖਕ ਭਾਈਚਾਰੇ ਨੂੰ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਾਂਤਮਈ ਢੰਗ ਨਾਲ ਆਪਣੀ ਰਾਇ ਪ੍ਰਗਟ ਕਰਨਾ, ਲੋਕ ਮੁੱਦਿਆਂ ਲਈ ਸੰਘਰਸ਼ ਕਰਨਾ ਅਤੇ ਜਮਹੂਰੀ ਹੱਕਾਂ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਅਸਹਿਮਤੀ ਦੀ ਆਵਾਜ਼ ਨੂੰ ਪੁਲਿਸ ਬਲ ਜਾਂ ਹਿੰਸਾ ਦੇ ਜ਼ਰੀਏ ਦਬਾਉਣ ਦੀ ਹਰ ਕੋਸ਼ਿਸ਼ ਜਮਹੂਰੀਅਤ ਦੀ ਭਾਵਨਾ ਅਤੇ ਸੰਵਿਧਾਨ ਦੀ ਰੂਹ ਦੇ ਉਲਟ ਹੈ, ਜਿਸ ਦਾ ਹਰ ਜਮਹੂਰੀ ਸ਼ਕਤੀ ਵੱਲੋਂ ਡਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
watch…..NEET पेपर लीक पर एकजुट हुए केजरीवाल और उद्धव ठाकरे, छात्रों के आंदोलन को दिया समर्थन
ਸਭਾ ਦੇ ਆਗੂਆਂ ਨੇ ਕਿਹਾ ਕਿ ਲੇਖਕ ਅਤੇ ਬੁੱਧੀਜੀਵੀ ਕਿਸੇ ਵੀ ਸਮਾਜ ਦੀ ਜ਼ਮੀਰ ਹੁੰਦੇ ਹਨ। ਜਦੋਂ ਨਾਗਰਿਕ ਆਜ਼ਾਦੀਆਂ, ਜਮਹੂਰੀ ਹੱਕਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ‘ਤੇ ਹਮਲੇ ਹੁੰਦੇ ਹਨ ਤਾਂ ਸਾਹਿਤਕ ਭਾਈਚਾਰੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਚੁੱਪ ਰਹਿਣ ਦੀ ਬਜਾਏ ਲੋਕਾਂ ਦੇ ਪੱਖ ਵਿੱਚ ਡਟ ਕੇ ਖੜ੍ਹੇ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ।
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੇ ਸਮੂਹ ਲੇਖਕਾਂ, ਕਵੀਆਂ, ਕਹਾਣੀਕਾਰਾਂ, ਨਾਟਕਕਾਰਾਂ, ਆਲੋਚਕਾਂ, ਪੱਤਰਕਾਰਾਂ ਅਤੇ ਸਾਹਿਤਕ-ਸੱਭਿਆਚਾਰਕ ਕਾਰਕੁਨਾਂ ਨੂੰ ਅਪੀਲ ਕੀਤੀ ਹੈ ਕਿ ਉਹ 25 ਜੁਲਾਈ ਨੂੰ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਹੋਣ ਵਾਲੇ ਇਸ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਜਮਹੂਰੀ ਹੱਕਾਂ, ਨਾਗਰਿਕ ਆਜ਼ਾਦੀਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ।




