ਚੰਡੀਗੜ੍ਹ, 3 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫ਼ੈਸਲਾਕੁੰਨ ਪੜਾਅ ਤੱਕ ਲੈ ਕੇ ਜਾ ਰਹੀ ਹੈ ਅਤੇ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ।
ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਵਿਖੇ ਪਹਿਲੀ ਵਾਰ ਕਰਵਾਈ ਗਈ ‘ਐਸ.ਐਚ.ਓਜ਼. ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਡੀ.ਜੀ.ਪੀ. ਤੋਂ ਲੈ ਕੇ ਥਾਣਾ ਮੁਖੀਆਂ ਤੱਕ ਦੇ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਪੁਲਿਸ ਦੇ ਕੰਮਕਾਜ, ਚੁਣੌਤੀਆਂ ਅਤੇ ਭਲਾਈ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਨਸ਼ਿਆਂ ਖ਼ਿਲਾਫ਼ ਜਨਤਕ ਸਹਿਯੋਗ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਲੋਕਾਂ ਦੀ ਭਾਗੀਦਾਰੀ ਵਾਲੀ ਮੁਹਿੰਮ ਬਣ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਫੋਰਸ ਨੂੰ ਜਲਦ ਹੀ 450 ਸਿੱਧੇ ਭਰਤੀ ਕੀਤੇ ਏ.ਐਸ.ਆਈ. ਅਤੇ ਲਗਭਗ 3,400 ਨਵੇਂ ਰੰਗਰੂਟ ਮਿਲਣਗੇ। ਇਸ ਤੋਂ ਇਲਾਵਾ ਅਗਲੇ ਵਿੱਤੀ ਵਰ੍ਹੇ ਵਿੱਚ ਪੁਲਿਸ ਦੀਆਂ 10,000 ਹੋਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ।
watch…..‘ਮਾਨ ਦੇ ਮੁਨਾਫ਼ੇ’ ਮੁਹਿੰਮ: ਕੋਹਲੀ ਦੀ ਲੋਕਾਂ ਨਾਲ ਸਿੱਧੀ ਗੱਲਬਾਤ, ਸਰਕਾਰੀ ਯੋਜਨਾਵਾਂ ਗਿਣਵਾਈਆਂ
ਮੁੱਖ ਮੰਤਰੀ ਨੇ ਕਿਹਾ ਕਿ ਥਾਣਾ ਮੁਖੀਆਂ ਦੀ ਜ਼ਿੰਮੇਵਾਰੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਪੁਲਿਸ ਦਾ ਸਿੱਧਾ ਸੰਪਰਕ ਐਸ.ਐਚ.ਓਜ਼ ਰਾਹੀਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਪੁਲਿਸ ਤੋਂ ਇਨਸਾਫ਼, ਸੁਰੱਖਿਆ ਅਤੇ ਤੁਰੰਤ ਕਾਰਵਾਈ ਦੀ ਉਮੀਦ ਰੱਖਦੇ ਹਨ। ਇਸ ਲਈ ਹਰ ਸ਼ਿਕਾਇਤ ਅਤੇ ਮਾਮਲੇ ਨੂੰ ਗੰਭੀਰਤਾ, ਪੇਸ਼ੇਵਰਤਾ, ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਨਜਿੱਠਿਆ ਜਾਣਾ ਚਾਹੀਦਾ ਹੈ।
ਆਧੁਨਿਕ ਤਕਨਾਲੋਜੀ ਨਾਲ ਮਜ਼ਬੂਤ ਹੋਵੇਗੀ ਪੁਲਿਸ
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਆਧੁਨਿਕ ਸਹੂਲਤਾਂ ਅਤੇ ਤਕਨਾਲੋਜੀ ਨਾਲ ਲੈਸ ਕਰ ਰਹੀ ਹੈ। ਇਸ ਤਹਿਤ ਸੀ.ਸੀ.ਟੀ.ਵੀ. ਕੈਮਰੇ, ਐਂਟੀ-ਡਰੋਨ ਸਿਸਟਮ, ਆਧੁਨਿਕ ਵਾਹਨ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਨੈੱਟਵਰਕ ਆਧੁਨਿਕ ਤਕਨੀਕ ਦੀ ਵਰਤੋਂ ਕਰ ਰਹੇ ਹਨ, ਇਸ ਲਈ ਪੁਲਿਸਿੰਗ ਵਿੱਚ ਤਕਨਾਲੋਜੀ ਦੀ ਭੂਮਿਕਾ ਹੋਰ ਵਧ ਗਈ ਹੈ। ਉਨ੍ਹਾਂ ਏ.ਆਈ. ਆਧਾਰਿਤ ਨਿਗਰਾਨੀ ਪ੍ਰਣਾਲੀਆਂ ਦੀ ਵਰਤੋਂ ਵੱਲ ਵੀ ਧਿਆਨ ਦਿਵਾਇਆ।
ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਨੂੰ ਤਕਨਾਲੋਜੀ ਆਧਾਰਿਤ ਪੁਲਿਸਿੰਗ ਦੀ ਉਦਾਹਰਨ ਦੱਸਦਿਆਂ ਕਿਹਾ ਕਿ ਫਰਵਰੀ 2024 ਵਿੱਚ ਸ਼ੁਰੂ ਕੀਤੀ ਗਈ ਇਸ ਫੋਰਸ ਨੇ ਸੜਕ ਸੁਰੱਖਿਆ ਅਤੇ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਨ ਵਿੱਚ ਭੂਮਿਕਾ ਨਿਭਾਈ ਹੈ।
ਨਸ਼ਾ ਵਿਰੋਧੀ ਮੁਹਿੰਮ ਵਿੱਚ ਰੋਕਥਾਮ ਤੇ ਮੁੜ-ਵਸੇਬੇ ’ਤੇ ਜ਼ੋਰ
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵਿਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਕੰਮ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਾ ਛੁਡਾਉਣ, ਮੁੜ-ਵਸੇਬੇ ਅਤੇ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਲੋਕਾਂ ਨੂੰ ਮੁੜ ਸਨਮਾਨਜਨਕ ਜ਼ਿੰਦਗੀ ਵੱਲ ਲਿਆਉਣਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਕੇਂਦਰ ਨਾਲ ਐਨ.ਡੀ.ਪੀ.ਐਸ. ਐਕਟ ਨੂੰ ਹੋਰ ਸਖ਼ਤ ਕਰਨ ਬਾਰੇ ਵੀ ਗੱਲਬਾਤ ਕਰ ਰਹੀ ਹੈ।
ਸਰਹੱਦ ਪਾਰੋਂ ਨਸ਼ਾ ਤਸਕਰੀ ਚੁਣੌਤੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ਨਸ਼ਾ ਤਸਕਰੀ ਨਾਲ ਨਜਿੱਠਣ ਦੀ ਚੁਣੌਤੀ ਹੋਰ ਗੰਭੀਰ ਹੈ। ਉਨ੍ਹਾਂ ਮੁਤਾਬਕ ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ ਹੈ ਅਤੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਸਰਹੱਦ ਨਾਲ ਲੱਗਦੇ ਹਨ।
ਉਨ੍ਹਾਂ ਕਿਹਾ ਕਿ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਪੁਲਿਸ ਅਤੇ ਸਰਹੱਦੀ ਖੇਤਰਾਂ ਦੇ ਲੋਕਾਂ ਵਿਚਕਾਰ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਸਥਾਨਕ ਵਸਨੀਕਾਂ ਨੂੰ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ।
95 ਹਜ਼ਾਰ ਤੋਂ ਵੱਧ ਐੱਫ.ਆਈ.ਆਰਜ਼. ਦਾ ਦਾਅਵਾ
ਮੁੱਖ ਮੰਤਰੀ ਨੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਕਾਰਵਾਈ ਦੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 95,644 ਤੋਂ ਵੱਧ ਐੱਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ ਕਰੀਬ 1,27,821 ਗ੍ਰਿਫ਼ਤਾਰੀਆਂ ਹੋਈਆਂ ਹਨ। ਉਨ੍ਹਾਂ ਮੁਤਾਬਕ ਇਸ ਦੌਰਾਨ 7,265 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਅਤੇ ਨਸ਼ਾ ਤਸਕਰਾਂ ਦੀ ਕਰੀਬ 375 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪਿੰਡ ਸੁਰੱਖਿਆ ਕਮੇਟੀਆਂ ਵੱਲੋਂ ਪੁਲਿਸ ਨੂੰ 24,083 ਗੁਪਤ ਸੂਚਨਾਵਾਂ ਦਿੱਤੀਆਂ ਗਈਆਂ, ਜਿਨ੍ਹਾਂ ਦੇ ਆਧਾਰ ’ਤੇ 4,843 ਐੱਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 6,515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਮੁਲਾਜ਼ਮਾਂ ਦੀ ਭਲਾਈ ਵੀ ਤਰਜੀਹ
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਵੀ ਕਦਮ ਚੁੱਕ ਰਹੀ ਹੈ। ਇਨ੍ਹਾਂ ਵਿੱਚ ਛੁੱਟੀਆਂ ਦੀ ਸਹੂਲਤ, ਪੈਨਸ਼ਨ ਨਾਲ ਸਬੰਧਤ ਬਕਾਇਆ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਅਤੇ ਅਪਰਾਧ ਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੀ ਕਾਰਵਾਈ ਨੂੰ ਤੇਜ਼ ਕਰਨਾ ਸ਼ਾਮਲ ਹੈ।
ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਡਿਊਟੀ ਦੌਰਾਨ ਉਨ੍ਹਾਂ ਦੇ ਨਾਲ ਖੜ੍ਹੇ ਰਹਿੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਮਾਨਦਾਰੀ, ਦਲੇਰੀ, ਪੇਸ਼ੇਵਰਾਨਾ ਰਵੱਈਏ ਅਤੇ ਹਮਦਰਦੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਸਮੇਤ ਪੰਜਾਬ ਪੁਲਿਸ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।





