-ਸਨੌਰ ਦੇ ਹਰਮੀਤ ਸਿੰਘ ਪਠਾਨਮਾਜਰਾ, ਸਮਾਣਾ ਦੇ ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਲੀ ਸਥਿਤ ਭਾਜਪਾ ਦੇ ਕੌਮੀ ਦਫ਼ਤਰ ਵਿਖੇ ਫੜਿਆ ਭਾਜਪਾ ਦਾ ਪੱਲਾ
ਪਟਿਆਲਾ, 2 ਨਵੰਬਰ
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਤਿੰਨ ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਂ ਸ਼ਾਮਲ ਹਨ।
ਤਿੰਨਾਂ ਆਗੂਆਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਦੇ ਕੌਮੀ ਦਫ਼ਤਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਭਾਜਪਾ ਦੇ ਪੰਜਾਬ ਇੰਚਾਰਜ ਵਰਿੰਦਰ ਸਚਦੇਵਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਤੋਂ ਇਲਾਵਾ ਭਾਜਪਾ ਦੇ ਕੌਮੀ ਸਕੱਤਰ ਸੰਦੀਪ ਪਾਠਕ ਨੇ ਵੀ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਈ।
‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਿੰਨਾਂ ਆਗੂਆਂ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਸੂਬੇ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਬੀਤੇ ਪੰਜ ਸਾਲ ਉਨ੍ਹਾਂ ਲਈ ਇੱਕ ਤਰ੍ਹਾਂ ਦਾ ਸਿਖਲਾਈ ਸਮਾਂ ਰਹੇ ਹਨ।
watch…ਹੈਪੀ ਜਾਂ ਜੀਪੀ? ਬੱਸੀ ਪਠਾਣਾਂ ਦੀ ਟਿਕਟ ਨੂੰ ਲੈ ਕੇ ਚਰਚਾ ਤੇਜ਼
ਦੂਜੇ ਪਾਸੇ, ਹਰਮੀਤ ਸਿੰਘ ਪਠਾਨਮਾਜਰਾ ਨੇ ਪੰਜਾਬ ਸਿਰ ਵਧ ਰਹੇ ਕਰਜ਼ੇ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ।
ਚੇਤਨ ਸਿੰਘ ਜੌੜਾਮਾਜਰਾ ਨੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਸੂਬੇ ਵਿੱਚ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ’ਤੇ ਜ਼ੋਰ ਦਿੱਤਾ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ
ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਆਗੂਆਂ ਦਾ ਆਮ ਆਦਮੀ ਪਾਰਟੀ ਤੋਂ ਵੱਖ ਹੋਣਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰਿਆ ਅਹਿਮ ਸਿਆਸੀ ਘਟਨਾਕ੍ਰਮ ਹੈ। ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਪਹਿਲਾਂ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਚੁੱਕੇ ਸਨ, ਜਦਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।
ਹੁਣ ਤਿੰਨਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਸ਼ੁਰੂ ਹੋ ਗਈ ਹੈ। ਇਸ ਘਟਨਾਕ੍ਰਮ ਦਾ ਆਮ ਆਦਮੀ ਪਾਰਟੀ, ਭਾਜਪਾ ਅਤੇ ਹੋਰ ਸਿਆਸੀ ਪਾਰਟੀਆਂ ’ਤੇ ਕੀ ਅਸਰ ਪੈਂਦਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦੀ ਕੀ ਭੂਮਿਕਾ ਰਹਿੰਦੀ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।





