ਚੰਡੀਗੜ੍ਹ, 25 ਮਈ
ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ। ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਦਿੰਦਿਆਂ ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ ਖਾਲਸਾ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ‘ਆਪ’ ਪਰਿਵਾਰ ਵਿੱਚ ਤਹਿ ਦਿਲੋਂ ਸਵਾਗਤ ਕੀਤਾ। ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਹਾਜ਼ਰ ਸਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਆਗੂ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ।
ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ ਇਲਾਕੇ ਦੀਆਂ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵੀ ‘ਆਪ’ ਦਾ ਦਾਮਨ ਫੜਿਆ। ਇਨ੍ਹਾਂ ਵਿੱਚ ਸਾਬਕਾ RTI ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ ਖਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠਾ ਵੀ ਸ਼ਾਮਲ ਹਨ।
ਇਨ੍ਹਾਂ ਸਾਰੇ ਆਗੂਆਂ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਅਤੇ ਪੰਜਾਬ ਸਰਕਾਰ ਦੇ ਕੰਮਕਾਜ ’ਤੇ ਪੂਰਾ ਭਰੋਸਾ ਜਤਾਇਆ।
ਮੁੱਖ ਮੰਤਰੀ ਮਾਨ ਨੇ ਐਕਸ (ਪਹਿਲਾਂ ਟਵਿੱਟਰ) ’ਤੇ ਲਿਖਿਆ ਕਿ ਅੱਜ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਇਕ ਬਹੁਤ ਵੱਡਾ ਅਤੇ ਅਹਿਮ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਾਰਮਿਕ, ਸਮਾਜਿਕ ਅਤੇ ਸਿਆਸੀ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
watch….ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਉਨ੍ਹਾਂ ਕਿਹਾ ਕਿ ਅਜਿਹੇ ਤਜ਼ਰਬੇਕਾਰ ਅਤੇ ਪੰਜਾਬ ਦੀ ਤਰੱਕੀ ਲਈ ਸੋਚਣ ਵਾਲੇ ਆਗੂਆਂ ਦੇ ਸਾਥ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਹੋਰ ਬਲ ਮਿਲੇਗਾ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਸਰਕਾਰ ਲਗਾਤਾਰ ਕੰਮ ਕਰਦੀ ਰਹੇਗੀ।




