ਚੰਡੀਗੜ੍ਹ, 18 ਅਗਸਤ
ਪੰਜਾਬ ਵਿੱਚ ਪੇਂਡੂ ਖੇਤਰਾਂ ਤੱਕ ਜਨਤਕ ਆਵਾਜਾਈ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਸ਼ਾਮਲ ਕਰ ਦਿੱਤੀਆਂ ਜਾਣਗੀਆਂ। ਇਹ ਮਿਡੀ ਬੱਸਾਂ ਆਇਸ਼ਰ ਵੱਲੋਂ ਤਿਆਰ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹ ਐਲਾਨ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ ਗਿਆ। ਮੀਟਿੰਗ ਦੌਰਾਨ ਵਿਭਾਗ ਵੱਲੋਂ ਚੱਲ ਰਹੇ ਬੁਨਿਆਦੀ ਢਾਂਚੇ ਦੇ ਅੱਪਗ੍ਰੇਡੇਸ਼ਨ ਅਤੇ ਜਨਤਕ ਆਵਾਜਾਈ ਸੇਵਾਵਾਂ ਦੇ ਵਿਸਥਾਰ ਦਾ ਜਾਇਜ਼ਾ ਲਿਆ ਗਿਆ।
ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜਨਤਕ ਆਵਾਜਾਈ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਈ ਨਵੇਂ ਅਤੇ ਪ੍ਰਭਾਵਸ਼ਾਲੀ ਵਿਚਾਰ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੀ.ਆਰ.ਟੀ.ਸੀ. ਅਤੇ ਪਨਬੱਸ ਦੀ ਵਿੱਤੀ ਸਥਿਰਤਾ ਅਤੇ ਸੰਚਾਲਨ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਆਮਦਨ ਦੇ ਨਵੇਂ ਸਰੋਤ ਵਿਕਸਿਤ ਕਰਨ ’ਤੇ ਵੀ ਜ਼ੋਰ ਦਿੱਤਾ।
ਸਰਕਾਰੀ ਬੱਸਾਂ ਦੀ ਗਿਣਤੀ 3,546 ਹੋਵੇਗੀ
ਸੂਬਾ ਸਰਕਾਰ ਵੱਲੋਂ ਜਨਤਕ ਟਰਾਂਸਪੋਰਟ ਨੂੰ ਮਜ਼ਬੂਤ ਕਰਨ ਲਈ 1,279 ਨਵੀਆਂ ਬੱਸਾਂ ਬੇੜੇ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਨਾਲ ਸਰਕਾਰੀ ਬੱਸਾਂ ਦੀ ਕੁੱਲ ਗਿਣਤੀ 2,267 ਤੋਂ ਵਧ ਕੇ 3,546 ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਪਿਛਲੇ 20 ਸਾਲਾਂ ਦੌਰਾਨ ਸਰਕਾਰੀ ਬੱਸਾਂ ਦੀ ਗਿਣਤੀ ਵਿੱਚ ਸਭ ਤੋਂ ਵੱਡਾ ਵਾਧਾ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਜਨਤਕ ਆਵਾਜਾਈ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ।
watch…..ਪੰਜਾਬ ‘ਚ ‘ਆਪ’ ਨੂੰ ਵੱਡਾ ਹੁੰਗਾਰਾ, ਕਾਂਗਰਸ ਦੇ ਕਈ ਆਗੂਆਂ ਨੇ ਫੜ੍ਹਿਆ ਝਾੜੂ
ਦਿੱਲੀ ਏਅਰਪੋਰਟ ਲਈ 15 ਪ੍ਰੀਮੀਅਮ ਬੱਸਾਂ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਪ੍ਰਵਾਸੀ ਭਾਰਤੀਆਂ, ਅੰਤਰਰਾਸ਼ਟਰੀ ਯਾਤਰੀਆਂ ਅਤੇ ਆਮ ਲੋਕਾਂ ਲਈ ਬਿਹਤਰ ਆਵਾਜਾਈ ਸਹੂਲਤਾਂ ਨਾਲ ਜੋੜਨ ਲਈ ਵੀ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਲਈ 15 ਪ੍ਰੀਮੀਅਮ ਏਅਰਪੋਰਟ ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵੋਲਵੋ ਕੋਚ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਨਾਲ ਯਾਤਰੀਆਂ ਨੂੰ ਵਧੇਰੇ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਮਿਲੀ ਹੈ ਅਤੇ ਨਿੱਜੀ ਟਰਾਂਸਪੋਰਟ ਮਾਫ਼ੀਆ ਦੀ ਪਕੜ ਨੂੰ ਵੀ ਕਮਜ਼ੋਰ ਕੀਤਾ ਗਿਆ ਹੈ।
ਸਮੀਖਿਆ ਮੀਟਿੰਗ ਵਿੱਚ ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ, ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਮਨੀਸ਼ਾ ਰਾਣਾ, ਵਧੀਕ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਨਵਦੀਪ ਕੁਮਾਰ ਅਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਚੰਡੀਗੜ੍ਹ ਅਮਨਵੀਰ ਟਿਵਾਣਾ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।





