ਚੰਡੀਗੜ੍ਹ, 29 ਮਈ:
ਪੰਜਾਬ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਦਿਆਂ ਸੂਬੇ ਦੀ ਰਾਜਨੀਤੀ ਵਿੱਚ ਆਪਣੀ ਮਜ਼ਬੂਤ ਪਕੜ ਸਾਬਤ ਕੀਤੀ ਹੈ। ਇਸ ਇਤਿਹਾਸਕ ਜਿੱਤ ਮੌਕੇ ‘ਆਪ’ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨਾਂ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜੇ ਪਾਰਟੀ ਦੇ ਹੱਕ ਵਿੱਚ ਆਉਣ ਲੱਗੇ ਤਾਂ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਦਫ਼ਤਰ ਪਹੁੰਚਣੇ ਸ਼ੁਰੂ ਹੋ ਗਏ।
ਪਾਰਟੀ ਵਰਕਰਾਂ ਨੇ ਢੋਲ ਦੀਆਂ ਥਾਪਾਂ ‘ਤੇ ਭੰਗੜਾ ਪਾ ਕੇ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਖੁਸ਼ੀ ਮਨਾਈ। ਜਿੱਤ ਦੇ ਇਸ ਸਮਾਗਮ ਵਿੱਚ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਸਮੇਤ ਕਈ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਮੌਜੂਦ ਰਹੇ।
ਇਸ ਮੌਕੇ ਆਗੂਆਂ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਲੋਕ-ਪੱਖੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ‘ਤੇ ਲੋਕਾਂ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਹੁਣ ਨਗਰ ਨਿਗਮਾਂ ਵਿੱਚ ਵੀ ‘ਆਪ’ ਦੀ ਸਰਕਾਰ ਬਣਨ ਨਾਲ ਸ਼ਹਿਰਾਂ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ।
watch……ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਨਤਾ ਨੇ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿਛਲੇ ਚਾਰ ਸਾਲਾਂ ਦੇ ਕੰਮਾਂ ‘ਤੇ ਪੂਰਾ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਪਸੰਦ ਆ ਰਹੇ ਹਨ।
ਸਿਸੋਦੀਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਹੋਈਆਂ ਜ਼ਿਲ੍ਹਾ ਪੰਚਾਇਤ ਚੋਣਾਂ ਵਿੱਚ ਪਿੰਡਾਂ ਦੇ ਲੋਕਾਂ ਨੇ ‘ਆਪ’ ਨੂੰ ਵੱਡਾ ਸਮਰਥਨ ਦਿੱਤਾ ਸੀ ਅਤੇ ਹੁਣ ਸ਼ਹਿਰੀ ਲੋਕਾਂ ਨੇ ਵੀ ਨਗਰ ਨਿਗਮ ਅਤੇ ਕੌਂਸਲ ਚੋਣਾਂ ਵਿੱਚ ਪਾਰਟੀ ਨੂੰ ਬੰਪਰ ਜਿੱਤ ਦਿਵਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਮਾਨ ਸਰਕਾਰ ਦੇ ਵਿਕਾਸ ਮਾਡਲ ਨਾਲ ਖੁਸ਼ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਚੋਣ ਨਤੀਜਿਆਂ ਨੇ ਦੋ ਵੱਡੇ ਸੰਦੇਸ਼ ਦਿੱਤੇ ਹਨ। ਪਹਿਲਾ, ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਖੁੱਲ੍ਹਾ ਸਮਰਥਨ ਦਿੱਤਾ ਹੈ। ਦੂਜਾ, ਭਾਜਪਾ ਦੀ “ਈਡੀ ਦੀ ਰਾਜਨੀਤੀ” ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਚੋਣ ਵਿੱਚ ਭਾਜਪਾ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ, ਜੋ ਲੋਕਾਂ ਦੇ ਫੈਸਲੇ ਨੂੰ ਸਾਫ਼ ਦਰਸਾਉਂਦਾ ਹੈ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਮੇਅਰ ਅਤੇ ਕੌਂਸਲਰ ਜ਼ਮੀਨੀ ਪੱਧਰ ‘ਤੇ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।




