ਚੰਡੀਗੜ੍ਹ, 13 ਸਤੰਬਰ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਬਣਦੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ।
ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ ਉਜਾਗਰ ਕਰਦਿਆਂ ਸੌਂਦ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਦੇ ਨਾਲ-ਨਾਲ ਸੂਬੇ ਦੀ ਆਰਥਿਕਤਾ ਲਈ ਭਰੋਸੇਯੋਗ ਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਕੇਂਦਰੀ ਬਿਜਲੀ ਮੰਤਰੀ ਨੂੰ ਪੱਤਰ ਵੀ ਲਿਖਿਆ ਗਿਆ ਹੈ, ਜਿਸ ਵਿੱਚ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਪੂਰਾ ਹਿੱਸਾ ਦੇਣ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਕੋਲ ਕੋਲੇ ਦੀ ਕੋਈ ਕਮੀ ਨਹੀਂ: ਸੌਂਦ
ਕੋਲੇ ਦੀ ਘਾਟ ਸਬੰਧੀ ਚੱਲ ਰਹੀਆਂ ਅਫ਼ਵਾਹਾਂ ਨੂੰ ਰੱਦ ਕਰਦਿਆਂ ਬਿਜਲੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਨੂੰ ਪਹਿਲਾਂ ਹੀ ਚਾਲੂ ਕੀਤਾ ਜਾ ਚੁੱਕਾ ਹੈ, ਜਿਸ ਨਾਲ ਸਰਕਾਰੀ ਬਿਜਲੀ ਉਤਪਾਦਨ ਪਲਾਂਟਾਂ ਲਈ ਕੋਲੇ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣੀ ਹੈ।
ਸੌਂਦ ਨੇ ਕਿਹਾ ਕਿ ਪੰਜਾਬ ਆਪਣੀ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਲੈ ਰਿਹਾ ਹੈ ਅਤੇ ਇਸ ਸਮੇਂ ਸਰਕਾਰੀ ਪਲਾਂਟਾਂ ਲਈ ਲੋੜੀਂਦਾ ਕੋਲਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੱਸਿਆ ਮੁੱਖ ਤੌਰ ’ਤੇ ਨਿੱਜੀ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਨਾਲ ਸਬੰਧਤ ਹੈ, ਜਿਸ ਦੀ ਜ਼ਿੰਮੇਵਾਰੀ ਕੋਲ ਇੰਡੀਆ ਦੀ ਹੈ।
ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਨਿੱਜੀ ਥਰਮਲ ਪਾਵਰ ਪਲਾਂਟ ਕੋਲੇ ਦੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
ਬਿਜਲੀ ਉਤਪਾਦਨ ਯੂਨਿਟਾਂ ਦੀ ਸਥਿਤੀ ’ਤੇ ਨਜ਼ਰ
ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 10 ਥਰਮਲ ਬਿਜਲੀ ਉਤਪਾਦਨ ਯੂਨਿਟ ਹਨ। ਇਨ੍ਹਾਂ ਵਿੱਚ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਚਾਰ-ਚਾਰ ਯੂਨਿਟ ਅਤੇ ਗੋਇੰਦਵਾਲ ਸਾਹਿਬ ਵਿਖੇ ਦੋ ਯੂਨਿਟ ਸ਼ਾਮਲ ਹਨ। ਇਸ ਤੋਂ ਇਲਾਵਾ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਥਰਮਲ ਪਾਵਰ ਪਲਾਂਟ ਨਿੱਜੀ ਕੰਪਨੀਆਂ ਵੱਲੋਂ ਚਲਾਏ ਜਾ ਰਹੇ ਹਨ।
watch…..ਪਟਿਆਲਾ ਤੋਂ ਹਰਿਦੁਆਰ-ਰਿਸ਼ੀਕੇਸ਼ ਲਈ ਬੱਸ ਰਵਾਨਾ, ਵਿਧਾਇਕ ਕੋਹਲੀ ਦੀਆਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ
ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਵੱਲੋਂ ਇੱਕ ਯੂਨਿਟ ਵਿੱਚ ਆਈ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਬਿਜਲੀ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।
ਸੌਂਦ ਨੇ ਕਿਹਾ ਕਿ ਨਿੱਜੀ ਥਰਮਲ ਪਾਵਰ ਪਲਾਂਟਾਂ ਦੇ ਬਾਕੀ ਯੂਨਿਟਾਂ ਨੂੰ ਵੀ ਜਲਦ ਤੋਂ ਜਲਦ ਬਹਾਲ ਕਰਨ ਲਈ ਯਤਨ ਜਾਰੀ ਹਨ।
ਬਿਜਲੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਖ਼ਾਸ ਕਰਕੇ ਬਿਜਲੀ ਦੀ ਵੱਧ ਮੰਗ ਵਾਲੇ ਸਮੇਂ ਦੌਰਾਨ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਡਾ. ਬਸੰਤ ਗਰਗ ਅਤੇ ਡਾਇਰੈਕਟਰ (ਉਤਪਾਦਨ) ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਵੀ ਹਾਜ਼ਰ ਸਨ।





