-ਮਾਨ ਸਰਕਾਰ ਵੱਲੋਂ ਜਾਨਾਂ ਅਤੇ ਜਾਇਦਾਦ ਦੀ ਸੁਰੱਖਿਆ ਲਈ ਪੂਰੀ ਕੈਬਨਿਟ ਮੈਦਾਨ ਵਿੱਚ
-ਦੇਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ; ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਿੱਜੀ ਤੌਰ ’ਤੇ ਮੌਜੂਦ
ਚੰਡੀਗੜ੍ਹ, 27 ਅਗਸਤ
ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਸਥਿਤੀ ’ਤੇ ਕਾਬੂ ਪਾਉਣ ਤੱਕ ਮੈਦਾਨ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਹ ਕਦਮ ਸਰਕਾਰ ਦੀ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ।
ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕਾਨਫਰੰਸ ਕਾਲ ’ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡੀ ਪਹਿਲੀ ਤਰਜੀਹ ਹਰ ਜਾਨ ਨੂੰ ਬਚਾਉਣਾ ਅਤੇ ਹਰ ਜਾਇਦਾਦ ਦੀ ਰੱਖਿਆ ਕਰਨਾ ਹੈ।” ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਨਾ ਛੱਡਣ ਦੇ ਨਿਰਦੇਸ਼ ਦਿੱਤੇ।
watch…..Minister Orders 24×7 Vigilance Along River Embankments in Flood-Hit Districts
ਇਸੇ ਤਰ੍ਹਾਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਰਾਮਦਾਸ, ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ ਅਤੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ; ਬਰਿੰਦਰ ਕੁਮਾਰ ਗੋਇਲ ਅਜਨਾਲਾ, ਤਰਨ ਤਾਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿੱਚ; ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਕਪੂਰਥਲਾ ਦੇ ਪਿੰਡਾਂ ਵਿੱਚ; ਲਾਲ ਚੰਦ ਕਟਾਰੂਚੱਕ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿੱਚ; ਲਾਲਜੀਤ ਸਿੰਘ ਭੁੱਲਰ ਤਰਨ ਤਾਰਨ ਵਿੱਚ ਅਤੇ ਹਰਦੀਪ ਸਿੰਘ ਮੁੰਡੀਆਂ ਤਹਿਸੀਲ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਸਰਕਾਰ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਬਚਾਅ ਸਮਰੱਥਾਵਾਂ ਵਧਾ ਰਹੀ ਹੈ। ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਆਸਰਾ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

