Onnline TV

ਪੰਜਾਬ ਪੰਜਾਬੀ

ਪੰਜਾਬ ਸਰਕਾਰ ਨੇ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਵਜੋਂ ਕੀਤਾ ਨੋਟੀਫਾਈ

ਇਹ ਇਤਿਹਾਸਕ ਫੈਸਲਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ; ਪਰਮਾਤਮਾ ਦਾ ਧੰਨਵਾਦ ਜਿਸ ਨੇ ਸਾਨੂੰ ਇਹ ਸੋਝੀ ਅਤੇ ਤਾਕਤ ਬਖਸ਼ੀ: ਮੁੱਖ ਮੰਤਰੀ  ਮਾਨ

ਤਿੰਨਾਂ ਪਵਿੱਤਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ

ਚੰਡੀਗੜ੍ਹ, 21 ਦਸੰਬਰ 2025:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ—ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ)—ਨੂੰ ਪਵਿੱਤਰ ਸ਼ਹਿਰਾਂ ਵਜੋਂ ਅਧਿਕਾਰਤ ਘੋਸ਼ਿਤ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ।

ਉਨ੍ਹਾਂ ਨੇ ਇਸ ਨੂੰ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਪਲ ਦੱਸਿਆ।

ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ: “ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਐਲਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤਾ ਗਿਆ ਸੀ। ਮੈਂ ਪਰਮਾਤਮਾ ਦਾ ਧੰਨਵਾਦ ਕਰਦਾ ਹਾਂ ਜਿਸ ਨੇ ਸਾਨੂੰ ਅਜਿਹਾ ਇਤਿਹਾਸਕ ਫੈਸਲਾ ਲੈਣ ਦੀ ਸੋਝੀ, ਤਾਕਤ ਅਤੇ ਸਮਰੱਥਾ ਬਖਸ਼ੀ।”

ਉਨ੍ਹਾਂ ਨੇ ਦੱਸਿਆ ਕਿ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਤਿੰਨ ਪੰਜਾਬ ਵਿੱਚ ਹਨ—ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)। ਹੁਣ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਅਧਿਕਾਰਤ ਤੌਰ ’ਤੇ ਰੂਹਾਨੀਅਤ ਦੇ ਕੇਂਦਰਾਂ ਅਤੇ ਪਵਿੱਤਰ ਸ਼ਹਿਰਾਂ ਵਜੋਂ ਮਾਨਤਾ ਮਿਲ ਗਈ ਹੈ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਇਨ੍ਹਾਂ ਸ਼ਹਿਰਾਂ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ਵ ਪੱਧਰੀ ਸਹੂਲਤਾਂ ਯਕੀਨੀ ਬਣਾਏਗੀ। ਈ-ਰਿਕਸ਼ਾ, ਮਿੰਨੀ ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਜਲਦ ਸ਼ੁਰੂ ਹੋਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ।

watch…..Punjab’s Innovative AI Career Guidance for Govt. School Students

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪੂਰੀ ਪਾਬੰਦੀ ਲਾਗੂ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ: “ਮੈਂ ਪੂਰੀ ਜ਼ਿੰਮੇਵਾਰੀ ਨਾਲ ਭਰੋਸਾ ਦਿਵਾਉਂਦਾ ਹਾਂ ਕਿ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਸਿਰਫ਼ ਰੂਹਾਨੀਅਤ ਦੇ ਕੇਂਦਰ ਨਹੀਂ, ਸਾਡੀ ਸੱਭਿਆਚਾਰਕ ਵਿਰਾਸਤ ਦੇ ਗੌਰਵਮਈ ਪ੍ਰਤੀਕ ਵੀ ਹਨ।”

ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ। 15 ਦਸੰਬਰ 2025 ਨੂੰ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਵਾਲਡ ਸਿਟੀ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਨੂੰ ਪੰਜਾਬ ਦੇ ਪਵਿੱਤਰ ਸ਼ਹਿਰਾਂ ਵਜੋਂ ਘੋਸ਼ਿਤ ਕੀਤਾ ਹੈ। ਇਹ ਨੋਟੀਫਿਕੇਸ਼ਨ ਇਨ੍ਹਾਂ ਸ਼ਹਿਰਾਂ ਦੀ ਅਧਿਆਤਮਕ ਅਤੇ ਵਿਸ਼ਵ ਵਿਆਪੀ ਅਕੀਦੇ ਨੂੰ ਮਾਨਤਾ ਦਿੰਦਾ ਹੈ।

LEAVE A RESPONSE

Your email address will not be published. Required fields are marked *