-ਮੱਧ ਪੂਰਬੀ ਟਕਰਾਅ ਕਾਰਨ ਫਸੇ ਲੋਕਾਂ ਲਈ ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਵਾਧੇ ‘ਤੇ ਰੋਕ ਲਗਾਉਣ ਦੀ ਅਪੀਲ
ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ
ਮੱਧ ਪੂਰਬ ਵਿੱਚ ਵਧ ਰਹੇ ਟਕਰਾਅ (ਖਾਸ ਕਰਕੇ ਇਰਾਨ-ਇਜ਼ਰਾਈਲ-ਅਮਰੀਕਾ ਸੰਬੰਧੀ) ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਪ੍ਰਵਾਸੀ ਫਸ ਗਏ ਹਨ। ਇਸ ਮੱਦੇਨਜ਼ਰ ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਫਸੇ ਹੋਏ ਪੰਜਾਬੀਆਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ (evacuation flights), ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਹੋਏ ਅਸਾਧਾਰਨ ਵਾਧੇ ‘ਤੇ ਰੋਕ ਲਗਾਉਣ ਦੀ ਮਜ਼ਬੂਤ ਮੰਗ ਕੀਤੀ।
ਡਾ. ਰਵਜੋਤ ਸਿੰਘ ਨੇ ਕਿਹਾ, “ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਅਸਥਿਰਤਾ ਕਾਰਨ ਬਹੁਤ ਸਾਰੇ ਉਡਾਣ ਰੱਦ ਹੋ ਗਏ ਹਨ, ਜਿਸ ਨਾਲ ਪੰਜਾਬੀ ਭਾਈਚਾਰੇ ਦੇ ਬਹੁਤ ਸਾਰੇ ਲੋਕ ਫਸ ਗਏ ਹਨ। ਪੰਜਾਬ ਦੀ ਆਬਾਦੀ ਦਾ ਇੱਕ ਵੱਡਾ ਹਿੱਸਾ ਖਾੜੀ ਦੇਸ਼ਾਂ ਵਿੱਚ ਕੰਮ ਕਰਦਾ ਹੈ ਅਤੇ ਉੱਥੇ ਰਹਿੰਦਾ ਹੈ। ਉਨ੍ਹਾਂ ਦੇ ਪਰਿਵਾਰ ਇੱਥੇ ਬਹੁਤ ਚਿੰਤਤ ਹਨ। ਇਸ ਸੰਕਟ ਵਿੱਚ ਸਾਡੇ ਲੋਕਾਂ ਨੂੰ ਇਕੱਲੇ ਨਹੀਂ ਛੱਡਿਆ ਜਾ ਸਕਦਾ।”
ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੁਰੱਖਿਅਤ ਕੋਰੀਡੋਰਾਂ ‘ਤੇ ਏਅਰਲਾਈਨਾਂ ਨਾਲ ਤਾਲਮੇਲ ਕਰਕੇ ਉਡਾਣਾਂ ਤੁਰੰਤ ਬਹਾਲ ਕੀਤੀਆਂ ਜਾਣ ਅਤੇ ਫਸੇ ਹੋਏ ਯਾਤਰੀਆਂ ਲਈ ਵਿਸ਼ੇਸ਼ ਨਿਕਾਸੀ ਜਹਾਜ਼ (special evacuation flights) ਚਲਾਏ ਜਾਣ। ਉਨ੍ਹਾਂ ਕਿਹਾ, “ਵੱਧ ਤਣਾਅ ਵਾਲੇ ਖੇਤਰਾਂ ਵਿੱਚ ਫਸੇ ਲੋਕਾਂ ਜਾਂ ਐਮਰਜੈਂਸੀ ਵਿੱਚ ਘਰ ਵਾਪਸ ਜਾਣ ਵਾਲਿਆਂ ਲਈ ਤੁਰੰਤ ਰਾਹਤ ਉਡਾਣਾਂ ਦੀ ਲੋੜ ਹੈ।”
ਹਵਾਈ ਕਿਰਾਏ ਵਿੱਚ ਵਾਧੇ ਦੇ ਮੁੱਦੇ ‘ਤੇ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਉਡਾਣਾਂ ਦੀ ਘੱਟ ਹੋਈ ਗਿਣਤੀ ਕਾਰਨ ਕਈ ਏਅਰਲਾਈਨਾਂ ਨੇ ਕਿਰਾਏ ਵਿੱਚ ਬੇਲੋੜਾ ਵਾਧਾ ਕਰ ਦਿੱਤਾ ਹੈ, ਜੋ ਯਾਤਰੀਆਂ ਦਾ ਸ਼ੋਸ਼ਣ ਹੈ। ਇਸ ਸੰਕਟ ਦੌਰਾਨ ਇਨ੍ਹਾਂ ਰੂਟਾਂ ‘ਤੇ ਕਿਰਾਏ ਨੂੰ ਨਿਯੰਤਰਿਤ ਕੀਤਾ ਜਾਵੇ ਤਾਂ ਜੋ ਨਾਗਰਿਕਾਂ ਦਾ ਵਿੱਤੀ ਸ਼ੋਸ਼ਣ ਰੁਕ ਸਕੇ।”
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰੀ ਮੰਤਰੀ ਕੇ. ਆਰ. ਨਾਇਡੂ ਨਾਲ ਟੈਲੀਫੋਨ ‘ਤੇ ਗੱਲ ਕੀਤੀ ਅਤੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਬਿਨਾਂ ਦੇਰੀ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਅਤੇ ਲੋੜ ਪੈਣ ‘ਤੇ ਪੰਜਾਬ ਲਈ ਵਿਸ਼ੇਸ਼ ਉਡਾਣਾਂ ਦੀ ਆਗਿਆ ਦੇਣ ਦੀ ਮੰਗ ਕੀਤੀ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਠਾਈਆਂ ਚਿੰਤਾਵਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ। ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ ‘ਤੇ ਕੰਮ ਕਰ ਰਹੀ ਹੈ ਕਿਉਂਕਿ ਕਈ ਸੂਬਿਆਂ ਦੇ ਲੋਕ ਵੀ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ।
ਐਨਆਰਆਈ ਮੰਤਰੀ ਨੇ ਆਈਜੀਆਈ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਵਾਪਸ ਆ ਰਹੇ ਪੰਜਾਬੀਆਂ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਦਾ ਵਾਅਦਾ ਕੀਤਾ।
watch….ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ
ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ ਫਸੇ ਹੋਏ ਪੰਜਾਬੀਆਂ ਲਈ 24×7 ਹੈਲਪਲਾਈਨ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ ਫੋਨ ਨੰਬਰ 0172-2260042, 0172-2260043 ‘ਤੇ ਕਾਲ ਕਰ ਸਕਦੇ ਹਨ ਜਾਂ ਵਟਸਐਪ ਨੰਬਰ +91 94787 79112 ‘ਤੇ ਮੈਸੇਜ ਭੇਜ ਸਕਦੇ ਹਨ। ਸਥਿਤੀ ਦੀ ਨਿਗਰਾਨੀ ਲਈ ਏਡੀਜੀਪੀ ਆਰ. ਕੇ. ਜੈਸਵਾਲ ਦੀ ਅਗਵਾਈ ਹੇਠ ਉੱਚ ਪੱਧਰੀ ਟੀਮ ਵੀ ਬਣਾਈ ਗਈ ਹੈ।”
ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਇਸ ਸੰਕਟ ਵਿੱਚ ਪੰਜਾਬੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਅਤੇ ਫਸੇ ਹੋਏ ਪੰਜਾਬੀਆਂ ਬਾਰੇ ਪੁੱਛਗਿੱਛ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਸਨ।




