ਚੰਡੀਗੜ੍ਹ, 5 ਮਈ
ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ 3 ਮਈ ਨੂੰ ਆਏ ਭਿਆਨਕ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਿਜਲੀ ਬਹਾਲੀ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਲਈ ਤਿਆਰੀਆਂ ਵਿਸਥਾਰ ਨਾਲ ਵਿਚਾਰਨ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਵਿੱਚ ਪੀਐਸਪੀਸੀਐਲ ਦੇ ਚੇਅਰਮੈਨ, ਡਾਇਰੈਕਟਰਾਂ, ਮੁੱਖ ਇੰਜੀਨੀਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਤੂਫਾਨ ਨਾਲ ਸਭ ਤੋਂ ਵੱਧ ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਪ੍ਰਭਾਵਿਤ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਤੂਫਾਨ ਕਾਰਨ ਲਗਭਗ 1300 ਫੀਡਰ ਖਰਾਬ ਹੋਏ, 1500 ਖੰਭੇ ਟੁੱਟੇ, 300 ਤੋਂ ਵੱਧ ਟ੍ਰਾਂਸਫਾਰਮਰ ਪ੍ਰਭਾਵਿਤ ਹੋਏ ਅਤੇ 70 ਕਿਲੋਮੀਟਰ ਤੋਂ ਵੱਧ ਐਚਟੀ/ਐਲਟੀ ਲਾਈਨਾਂ ਨੁਕਸਾਨੀਆਂ ਗਈਆਂ। ਇੱਕ 220 ਕੇਵੀ ਟ੍ਰਾਂਸਮਿਸ਼ਨ ਟਾਵਰ ਨੂੰ ਵੀ ਨੁਕਸਾਨ ਪਹੁੰਚਿਆ। ਇਸ ਤੂਫਾਨ ਕਾਰਨ ਲਗਭਗ 8 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੀਐਸਪੀਸੀਐਲ ਦੀਆਂ ਟੀਮਾਂ ਵੱਲੋਂ ਚੁਣੌਤੀਪੂਰਨ ਹਾਲਾਤਾਂ ਵਿੱਚ ਵੀ ਦਿਨ-ਰਾਤ ਕੀਤੇ ਗਏ ਸ਼ਾਨਦਾਰ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਤੂਫਾਨ ਤੋਂ ਬਾਅਦ 83,000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚੋਂ ਲਗਭਗ 70 ਫੀਸਦੀ ਸ਼ਿਕਾਇਤਾਂ ਸਿਰਫ਼ ਦੋ ਘੰਟਿਆਂ ਵਿੱਚ ਹੱਲ ਕੀਤੀਆਂ ਗਈਆਂ।
watch……PSPCL Employee Arrested for Taking ₹2,000 Bribe
ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ:
- ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਲਈ ਡਿਜ਼ਾਸਟਰ ਪ੍ਰੀਪੇਅਰਡਨੈੱਸ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
- ਰੋਕਥਾਮ ਰੱਖ-ਰਖਾਅ ਅਤੇ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।
- ਤੇਜ਼ ਰਿਸਪਾਂਸ ਅਤੇ ਖੇਤਰੀ ਤਾਲਮੇਲ ਨੂੰ ਹੋਰ ਬਿਹਤਰ ਬਣਾਇਆ ਜਾਵੇ।
- ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਸੰਜੀਵ ਅਰੋੜਾ ਨੇ ਕਿਹਾ ਕਿ ਬਿਜਲੀ ਬਹਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਲਈ ਜ਼ੀਰੋ ਟਾਲਰੈਂਸ ਹੋਣਾ ਚਾਹੀਦਾ ਹੈ। ਉਨ੍ਹਾਂ ਪੀਐਸਪੀਸੀਐਲ ਦੇ ਫੀਲਡ ਸਟਾਫ, ਇੰਜੀਨੀਅਰਾਂ ਅਤੇ ਅਧਿਕਾਰੀਆਂ ਦੇ ਅਣਥੱਕ ਯਤਨਾਂ ਅਤੇ ਸਮਰਪਣ ਦੀ ਵੀ ਤਾਰੀਫ਼ ਕੀਤੀ।
ਮੰਤਰੀ ਨੇ ਖਪਤਕਾਰਾਂ ਨੂੰ ਹੋਈ ਅਸੁਵਿਧਾ ਲਈ ਅਫ਼ਸੋਸ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਸਬਰ ਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇੱਕ ਹੋਰ ਮਜ਼ਬੂਤ ਅਤੇ ਭਰੋਸੇਯੋਗ ਬਿਜਲੀ ਵਿਵਸਥਾ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।


