ਮਲੇਰਕੋਟਲਾ, 12 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਇਮਾਰਤ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਨੂੰ ਪੰਜਾਬ ਦੀਆਂ ਧੀਆਂ ਲਈ 80ਵੇਂ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਤੋਹਫ਼ਾ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ 6.39 ਕਰੋੜ ਰੁਪਏ ਦੀ ਮਨਜ਼ੂਰਸ਼ੁਦਾ ਲਾਗਤ ਵਾਲਾ ਇਹ ਪ੍ਰਾਜੈਕਟ 6.34 ਕਰੋੜ ਰੁਪਏ ਵਿੱਚ ਪੂਰਾ ਕੀਤਾ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਦੀ ਬੱਚਤ ਹੋਈ। ਕਰੀਬ 54,000 ਵਰਗ ਫੁੱਟ ਵਿੱਚ ਫੈਲੀ ਇਸ ਇਮਾਰਤ ਵਿੱਚ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਕਾਮਨ ਰੂਮ, ਵਾਸ਼ਰੂਮ ਅਤੇ ਹੋਰ ਆਧੁਨਿਕ ਸਹੂਲਤਾਂ ਉਪਲਬਧ ਹਨ।
ਉਨ੍ਹਾਂ ਕਿਹਾ ਕਿ ਨਵਾਂ ਸਕੂਲ ਮਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਵਿਦਿਆਰਥਣਾਂ ਨੂੰ ਘਰ ਦੇ ਨੇੜੇ ਹੀ ਮਿਆਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਦੇਵੇਗਾ। ਮੁੱਖ ਮੰਤਰੀ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਅਤੇ 361 ਨੇ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ 15,000 ਤੋਂ ਵੱਧ ਲੜਕੀਆਂ ਲਈ ਵਿਸ਼ੇਸ਼ ਬੱਸ ਸੇਵਾ ਉਪਲਬਧ ਕਰਵਾਈ ਜਾ ਰਹੀ ਹੈ, ਜਦਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 118 ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ 2022 ਵਿੱਚ ਉਨ੍ਹਾਂ ਦੀ ਸਰਕਾਰ ਬਣਨ ਸਮੇਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ, ਜਦਕਿ ਹੁਣ ਸੂਬਾ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਿਖਲਾਈ, ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਿੱਖਿਆ ਸੁਧਾਰਾਂ ਨੇ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਵੱਡਾ ਬਦਲਾਅ ਲਿਆਂਦਾ ਹੈ।
ਮਾਨ ਨੇ ਦੱਸਿਆ ਕਿ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਸੀ, ਜਦਕਿ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ।
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਤਹਿਤ ਪੰਜਾਬ ਦੇ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਸਕੂਲਾਂ ਨੂੰ ਫੀਸਾਂ ਵਿੱਚ ਪੰਜ ਫ਼ੀਸਦ ਤੋਂ ਵੱਧ ਵਾਧਾ ਨਾ ਕਰਨ ਲਈ ਕਿਹਾ ਗਿਆ ਹੈ। ਸਰਕਾਰੀ ਸਕੂਲਾਂ ਵਿੱਚ ਕਰਵਾਈਆਂ ਮਾਪੇ-ਅਧਿਆਪਕ ਮੀਟਿੰਗਾਂ ਵਿੱਚ 24 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਦਾ ਵੀ ਉਨ੍ਹਾਂ ਜ਼ਿਕਰ ਕੀਤਾ।
ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 1,090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਤੋਂ 5 ਕਰੋੜ ਤੋਂ ਵੱਧ ਲੋਕ ਲਾਭ ਲੈ ਚੁੱਕੇ ਹਨ। ਉਨ੍ਹਾਂ ਮਲੇਰਕੋਟਲਾ ਵਿੱਚ ਜਲਦ ਨਵਾਬ ਸ਼ੇਰ ਖਾਨ ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਵੀ ਕਹੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ 43,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਖੇਤੀਬਾੜੀ ਖੇਤਰ ਵਿੱਚ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਣ ਦਾ ਵੀ ਉਨ੍ਹਾਂ ਦਾਅਵਾ ਕੀਤਾ। ਰੁਜ਼ਗਾਰ ਦੇ ਮੋਰਚੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਅਤੇ ਭ੍ਰਿਸ਼ਟਾਚਾਰ ਦੇ ਮੈਰਿਟ ਦੇ ਆਧਾਰ ’ਤੇ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣ ਅਤੇ ਹੁਣ ਤੱਕ 937 ਕਰੋੜ ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦਾ ਲਾਭ ਮਿਲਣ ਦਾ ਦਾਅਵਾ ਕੀਤਾ। ਉਨ੍ਹਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
watch…..ਪੰਜਾਬ ਦੇ ਹਰ ਪਿੰਡ ਵਿੱਚ ਲੱਗਣਗੀਆਂ 3 ਲੱਖ ਸੋਲਰ ਸਟਰੀਟ ਲਾਈਟਾਂ, ਸਰਕਾਰ ਖਰਚੇਗੀ ₹470 ਕਰੋੜ
ਮਲੇਰਕੋਟਲਾ ਦੀ ਇਤਿਹਾਸਕ ਵਿਰਾਸਤ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ਹਿਰ ਏਕਤਾ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦਾ ਵਿਕਾਸ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਖੇਡਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਉਨ੍ਹਾਂ ਆਸ ਜਤਾਈ ਕਿ ਇਸ ਅੰਤਰਰਾਸ਼ਟਰੀ ਮੁਕਾਬਲੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਣਾ ਮਿਲੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੰਡ ਪਾਊ ਅਤੇ ਫ਼ਿਰਕੂ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਜ਼ਬੂਤ ਸਮਾਜਿਕ ਏਕਤਾ ਨੂੰ ਕੋਈ ਵੀ ਤਾਕਤ ਤੋੜ ਨਹੀਂ ਸਕਦੀ।





