Onnline TV

ਪੰਜਾਬ ਪੰਜਾਬੀ

ਮਾਪਿਆਂ ਨੂੰ ਵੱਡੀ ਰਾਹਤ: ਪ੍ਰਾਈਵੇਟ ਸਕੂਲ 5% ਤੋਂ ਵੱਧ ਨਹੀਂ ਵਧਾ ਸਕਣਗੇ ਫੀਸ

– ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ‘ਤੇ ਕੱਸਿਆ ਸ਼ਿਕੰਜਾ

ਚੰਡੀਗੜ੍ਹ, 3 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਬੇਤਹਾਸਾ ਫੀਸ ਵਾਧੇ ਨੂੰ ਰੋਕਣ ਲਈ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਦਿਆਂ ਨਵਾਂ ਫੀਸ ਰੈਗੂਲੇਸ਼ਨ ਢਾਂਚਾ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ 2019 ਵਿੱਚ ਕੀਤੀਆਂ ਸੋਧਾਂ ਰਾਹੀਂ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ ਸੀ, ਜਿਸ ਕਾਰਨ ਮਾਪਿਆਂ ‘ਤੇ ਵੱਡਾ ਆਰਥਿਕ ਬੋਝ ਪਿਆ। ਹੁਣ ਆਮ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਲਿਆ ਰਹੀ ਹੈ।

ਨਵੇਂ ਨਿਯਮਾਂ ਅਨੁਸਾਰ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਇਹ ਸੀਮਾ ਸਿਰਫ਼ ਟਿਊਸ਼ਨ ਫੀਸ ਤੱਕ ਸੀਮਿਤ ਨਹੀਂ ਹੋਵੇਗੀ, ਸਗੋਂ ਸਕੂਲਾਂ ਵੱਲੋਂ ਲਏ ਜਾਂਦੇ ਸਾਰੇ ਲਾਜ਼ਮੀ ਫੰਡਾਂ ਅਤੇ ਹੋਰ ਖਰਚਿਆਂ ‘ਤੇ ਵੀ ਲਾਗੂ ਹੋਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੈਸਲੇ ਨੂੰ ਤੁਰੰਤ ਲਾਗੂ ਕਰਨ ਲਈ ਸਰਕਾਰ ਆਰਡੀਨੈਂਸ ਲਿਆਵੇਗੀ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇਸ ਸਬੰਧੀ ਕਾਨੂੰਨ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੇ ਨਾਂ ‘ਤੇ ਮਾਪਿਆਂ ਅਤੇ ਵਿਦਿਆਰਥੀਆਂ ਦੀ ਲੁੱਟ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਫੀਸ ਵਾਧੇ ਸਬੰਧੀ ਸਾਰੀਆਂ ਲੰਬਿਤ ਸ਼ਿਕਾਇਤਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਰੈਗੂਲੇਟਰੀ ਬਾਡੀ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਸਕੂਲ ਮੁਨਾਫ਼ਾਖੋਰੀ ਦੇ ਉਦੇਸ਼ ਨਾਲ ਫੀਸਾਂ ਨਾ ਵਧਾਏ।

watch……Historic Moment: Rural Students Beat Urban in Punjab Class 10th Exams; Jaito’s Harleen Bags Top Spot

ਉਲੰਘਣਾ ਕਰਨ ਵਾਲੇ ਸਕੂਲਾਂ ਲਈ ਸਖ਼ਤ ਸਜ਼ਾਵਾਂ

ਸਰਕਾਰ ਵੱਲੋਂ ਤੈਅ ਕੀਤੇ ਨਵੇਂ ਢਾਂਚੇ ਅਨੁਸਾਰ:

  • ਪਹਿਲੀ ਉਲੰਘਣਾ ‘ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ।
  • ਦੂਜੀ ਵਾਰ ਨਿਯਮ ਤੋੜਨ ‘ਤੇ ਜੁਰਮਾਨੇ ਦੀ ਰਕਮ ਵਧਾ ਦਿੱਤੀ ਜਾਵੇਗੀ।
  • ਤੀਜੀ ਉਲੰਘਣਾ ਦੀ ਸੂਰਤ ਵਿੱਚ ਸਕੂਲ ਦੀ ਮਾਨਤਾ ਜਾਂ ਐਫੀਲੀਏਸ਼ਨ ਰੱਦ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਰੈਗੂਲੇਟਰੀ ਬਾਡੀ ਕੋਲ ਮਾਪਿਆਂ ਤੋਂ ਵਸੂਲੀ ਗਈ ਵਾਧੂ ਫੀਸ ਵਾਪਸ ਕਰਵਾਉਣ ਦੇ ਅਧਿਕਾਰ ਵੀ ਹੋਣਗੇ।

ਵਿੱਤੀ ਆਡਿਟ ਦੀ ਵੀ ਤਿਆਰੀ

ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਦੇ ਖਾਤਿਆਂ ਦੀ ਜਾਂਚ ਲਈ ਚਾਰਟਰਡ ਅਕਾਊਂਟੈਂਟਾਂ ਦੀ ਵਿਸ਼ੇਸ਼ ਕਮੇਟੀ ਬਣਾਉਣ ‘ਤੇ ਵੀ ਵਿਚਾਰ ਕਰ ਰਹੀ ਹੈ। ਇਹ ਕਮੇਟੀ ਪਿਛਲੇ ਤਿੰਨ ਤੋਂ ਪੰਜ ਸਾਲਾਂ ਦੇ ਵਿੱਤੀ ਰਿਕਾਰਡਾਂ, ਫੀਸ ਉਗਰਾਹੀ, ਖਰਚਿਆਂ, ਤਨਖਾਹਾਂ ਅਤੇ ਹੋਰ ਲੈਣ-ਦੇਣ ਦੀ ਸਮੀਖਿਆ ਕਰੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਕੱਠੇ ਕੀਤੇ ਗਏ ਫੰਡਾਂ ਦੀ ਵਰਤੋਂ ਸਿਰਫ਼ ਸਿੱਖਿਆ ਦੇ ਮਕਸਦ ਲਈ ਹੀ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਾਪਿਆਂ ਦੇ ਹੱਕਾਂ ਦੀ ਰੱਖਿਆ ਯਕੀਨੀ ਬਣਾਵੇਗਾ ਅਤੇ ਪੰਜਾਬ ਵਿੱਚ ਸਿੱਖਿਆ ਦੇ ਨਾਂ ‘ਤੇ ਹੋ ਰਹੀ ਲੁੱਟ-ਖਸੁੱਟ ਦਾ ਅੰਤ ਕਰੇਗਾ।

LEAVE A RESPONSE

Your email address will not be published. Required fields are marked *