Onnline TV

ਪੰਜਾਬ ਪੰਜਾਬੀ

ਮਾਵਾਂ-ਧੀਆਂ ਲਈ ਵੱਡਾ ਤੋਹਫ਼ਾ, 1 ਜੁਲਾਈ ਤੋਂ ਖਾਤਿਆਂ ਵਿੱਚ ਆਵੇਗੀ ਪਹਿਲੀ ਕਿਸ਼ਤ

ਫਤਿਹਗੜ੍ਹ ਸਾਹਿਬ, 22 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਨੇ ਐਲਾਨ ਕੀਤਾ ਹੈ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਪਹਿਲੀ ਵਿੱਤੀ ਸਹਾਇਤਾ ਦੀ ਕਿਸ਼ਤ 1 ਜੁਲਾਈ ਨੂੰ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾਵੇਗੀ।

ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਲਈ 4500 ਰੁਪਏ ਦਿੱਤੇ ਜਾਣਗੇ, ਜਦਕਿ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਮਹਿਲਾਵਾਂ ਨੂੰ 3000 ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਸ਼ਕਤੀਕਰਨ, ਆਰਥਿਕ ਸੁਰੱਖਿਆ ਅਤੇ ਸਮਾਜਿਕ ਸਨਮਾਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਜਦੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਰਹੇਗੀ, ਇਹ ਵਿੱਤੀ ਸਹਾਇਤਾ ਨਿਰੰਤਰ ਜਾਰੀ ਰਹੇਗੀ।

 ਮਾਨ ਨੇ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਉਪਰੰਤ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਸੂਚਨਾ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਰਕਮ ਬਿਨਾਂ ਕਿਸੇ ਵਿਚੋਲੇ ਦੇ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਮਹਿਲਾਵਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਮਿਲਣ ਦੀ ਉਮੀਦ ਹੈ ਅਤੇ ਇਸ ਲਈ ਸੂਬਾ ਸਰਕਾਰ ਵੱਲੋਂ 9300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

watch….ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਇਹ ਆਰਥਿਕ ਸਹਾਇਤਾ ਭਾਵੇਂ ਮਹਿਲਾਵਾਂ ਨੂੰ ਅਮੀਰ ਨਹੀਂ ਬਣਾਏਗੀ, ਪਰ ਉਨ੍ਹਾਂ ਨੂੰ ਸਨਮਾਨ, ਆਤਮ-ਵਿਸ਼ਵਾਸ ਅਤੇ ਖੁਦਮੁਖਤਿਆਰੀ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, “ਜਦੋਂ ਮਹਿਲਾਵਾਂ ਆਰਥਿਕ ਤੌਰ ‘ਤੇ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ ਖੁਸ਼ਹਾਲ ਹੁੰਦੇ ਹਨ ਅਤੇ ਸਮਾਜ ਤਰੱਕੀ ਕਰਦਾ ਹੈ।”

ਵੋਟਰ ਤਸਦੀਕ ਪ੍ਰਕਿਰਿਆ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਅਸਲੀ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਕੱਟਣ ਨਹੀਂ ਦੇਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਤਾਕਤਾਂ ਇਸ ਪ੍ਰਕਿਰਿਆ ਦਾ ਸਿਆਸੀ ਫਾਇਦੇ ਲਈ ਦੁਰਪਯੋਗ ਕਰਨ ਦੀ ਕੋਸ਼ਿਸ਼ ਕਰ ਸਕਦੀਆਂ ਹਨ, ਪਰ ਸਰਕਾਰ ਹਰ ਅਸਲੀ ਵੋਟਰ ਦੇ ਹੱਕਾਂ ਦੀ ਰੱਖਿਆ ਕਰੇਗੀ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਲੋਕਾਂ ਤੋਂ ਕੱਟੀਆਂ ਰਹੀਆਂ ਅਤੇ ਸੱਤਾ ਦਾ ਇਸਤੇਮਾਲ ਆਪਣੇ ਨਿੱਜੀ ਹਿੱਤਾਂ ਲਈ ਕਰਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਹੈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ।

ਹਾਲ ਹੀ ਵਿੱਚ ਪਾਸ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੁਧਾਰ ਐਕਟ, 2026 ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਹਥਿਆਰ ਸਾਬਤ ਹੋਵੇਗਾ ਅਤੇ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਏਗਾ।

ਉਨ੍ਹਾਂ ਆਪਣੀ ਸਰਕਾਰ ਦੀਆਂ ਹੋਰ ਲੋਕ ਭਲਾਈ ਸਕੀਮਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਸ਼ਾਮਲ ਹੈ, ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

LEAVE A RESPONSE

Your email address will not be published. Required fields are marked *