‘ਮਿਸ਼ਨ ਰੋਜ਼ਗਾਰ’ ਅਧੀਨ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ, ਹੁਣ ਤੱਕ 51,655 ਨੌਕਰੀਆਂ ਦਿੱਤੀਆਂ

-ਨੌਕਰੀ ’ਤੇ ਜਾਂਦੇ ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਵਾਲਾ ਡੱਬਾ ਹੀ ਨਸ਼ਿਆਂ ਦੀ ਲਾਹਣਤ ਦੇ ਖਿਲਾਫ਼ ਸਭ ਤੋਂ ਕਾਰਗਰ ਹਥਿਆਰ ਸਾਬਤ ਹੋਵੇਗਾ
ਚੰਡੀਗੜ੍ਹ, 5 ਮਾਰਚ:
ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਨਾਲ, ਨੌਜਵਾਨਾਂ ਨੂੰ ਕੁੱਲ ਇੱਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਅੱਗੇ ਵਧਾਉਂਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨੌਜਵਾਨਾਂ ਨੂੰ ਸਹਿਕਾਰਤਾ, ਸਿਹਤ, ਪਰਿਵਾਰ ਭਲਾਈ, ਉੱਚ ਸਿੱਖਿਆ ਅਤੇ ਭਾਸ਼ਾਵਾਂ ਵਿਭਾਗਾਂ ਵਿੱਚ ਚੁਣਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ ਕਿਸੇ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਦੀ ਗੱਲ ਹੈ ਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ, “ਮੈਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿ ਸਕਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਵਾਹ ਲਾ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਬੇਰੁਜ਼ਗਾਰੀ ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ, ਅਤੇ ਸੂਬਾ ਸਰਕਾਰ ਇਸ ਰੋਗ ਨੂੰ ਖਤਮ ਕਰਨ ‘ਤੇ ਸਭ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੀ ਹੈ।”
see this link also…..Cabinet Approves New Excise Policy 2025-26 Under CM Mann’s Leadership
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।
ਮਾਨ ਨੇ ਕਿਹਾ ਕਿ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ ਅਤੇ ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨੌਜਵਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਪੰਜਾਬ ਵਿੱਚ ਵਤਨ ਵਾਪਸੀ ਦਾ ਰੁਝਾਨ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਆ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਪ੍ਰੇਰਿਤ ਹੋ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਹੋਰ ਗਣਮਾਨਿਤ ਸ਼ਖਸੀਅਤਾਂ ਵੀ ਮੌਜੂਦ ਸਨ।

