ਮੁਕੇਰੀਆਂ, 15 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕੇਰੀਆਂ ਵਿਖੇ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦਾ ਸਫ਼ਰ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਇਤਿਹਾਸਕ ਫ਼ੈਸਲੇ ਲੈ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਰਾਜਨੀਤੀ ਸੱਤਾ ਦਾ ਆਨੰਦ ਮਾਣਨ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਅਤੇ ਅਧਿਕਾਰ ਦੇਣ ਲਈ ਕੰਮ ਕਰ ਰਹੀ ਹੈ, ਉੱਥੇ ਵਿਰੋਧੀ ਪਾਰਟੀਆਂ ਸਿਰਫ਼ ਸੱਤਾ ਹਾਸਲ ਕਰਨ ਦੀ ਲੜਾਈ ਵਿੱਚ ਉਲਝੀਆਂ ਹੋਈਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ।
ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਆਗੂ ਆਪਸ ਵਿੱਚ ਹੀ ਮੁੱਖ ਮੰਤਰੀ ਦੀ ਕੁਰਸੀ ਲਈ ਲੜ ਰਹੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਕਾਂਗਰਸ ਦੇ ਆਗੂ ਇਕੱਠੇ ਬੱਸ ਯਾਤਰਾ ਤਾਂ ਸ਼ੁਰੂ ਕਰ ਸਕਦੇ ਹਨ, ਪਰ ਆਪਸੀ ਖਿੱਚਤਾਣ ਕਾਰਨ ਇਕੱਠੇ ਵਾਪਸ ਨਹੀਂ ਆਉਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਨੂੰ ਇੰਨਾ ਵੱਡਾ ਜਨਮੰਡੇਟ ਦਿੱਤਾ ਜਾਵੇ ਕਿ ਵਿਰੋਧੀ ਪਾਰਟੀਆਂ ਨੂੰ ਸਰਕਾਰ ਬਣਾਉਣ ਜਾਂ ਲੋਕ ਭਲਾਈ ਸਕੀਮਾਂ ਬੰਦ ਕਰਨ ਦਾ ਮੌਕਾ ਹੀ ਨਾ ਮਿਲੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਖੁਦ ਕਈ ਵਾਰ ਕਹਿ ਚੁੱਕੇ ਹਨ ਕਿ ਸੱਤਾ ਵਿੱਚ ਆਉਣ ‘ਤੇ ਲੋਕ ਭਲਾਈ ਯੋਜਨਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ।
watch…..ਜਲਿਆਂਵਾਲਾ ਬਾਗ ਤੋਂ ਵਾਹਗਾ ਬਾਰਡਰ ਤੱਕ ਦਰਸ਼ਨ ਕਰਵਾਏਗੀ ਮੁੱਖ ਮੰਤਰੀ ਤੀਰਥ ਯਾਤਰਾ
ਅਕਾਲੀ ਦਲ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਨੇ ਸਾਲਾਂ ਤੱਕ ਝੂਠੇ ਵਾਅਦਿਆਂ ਅਤੇ ਧਾਰਮਿਕ ਭਾਵਨਾਵਾਂ ਦਾ ਸਿਆਸੀ ਲਾਭ ਲੈ ਕੇ ਪੰਜਾਬ ਨੂੰ ਪਿੱਛੇ ਧੱਕਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਜ ਵਾਰ ਸੱਤਾ ਮਿਲਣ ਦੇ ਬਾਵਜੂਦ ਪੰਜਾਬ ਦੇ ਵਿਕਾਸ ਦੀ ਥਾਂ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ।
ਉਨ੍ਹਾਂ ਕਿਹਾ ਕਿ ਅਕਾਲੀ ਆਗੂ ਆਪਣੀਆਂ ਰੈਲੀਆਂ ਵਿੱਚ ਭੀੜ ਇਕੱਠੀ ਕਰਨ ਲਈ ਲੋਕਾਂ ਨੂੰ ਪੈਸੇ ਦੇ ਕੇ ਲਿਆਉਂਦੇ ਹਨ, ਜਦਕਿ ਪੰਜਾਬ ਦੇ ਲੋਕ ਹੁਣ ਉਨ੍ਹਾਂ ਦੀ ਅਸਲੀਅਤ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਮੁੜ ਕਦੇ ਗੁੰਮਰਾਹ ਨਹੀਂ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਟੈਕਸ ਦੇ ਹਰ ਪੈਸੇ ਨੂੰ ਲੋਕ ਭਲਾਈ ‘ਤੇ ਖਰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਕਈ ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ ਲੱਖਾਂ ਰੁਪਏ ਦੀ ਬਚਤ ਕਰਵਾਈ ਹੈ ਅਤੇ ਸੂਬੇ ਭਰ ਵਿੱਚ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਸਿੰਚਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਬਣਨ ਵੇਲੇ ਸਿਰਫ਼ 22 ਫੀਸਦੀ ਖੇਤੀ ਨਹਿਰੀ ਪਾਣੀ ਨਾਲ ਹੁੰਦੀ ਸੀ, ਜੋ ਹੁਣ ਵਧ ਕੇ 88 ਫੀਸਦੀ ਤੋਂ ਵੀ ਉੱਪਰ ਪਹੁੰਚ ਚੁੱਕੀ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਉਣ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਦੋ ਤੋਂ ਚਾਰ ਮੀਟਰ ਤੱਕ ਸੁਧਰਿਆ ਹੈ।
ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨੀਤੀ ਆਯੋਗ ਦੀ ਰਿਪੋਰਟ ਅਨੁਸਾਰ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਾਰਟ ਕਲਾਸਰੂਮ, ਅਧਿਆਪਕਾਂ ਦੀ ਵਿਸ਼ੇਸ਼ ਟ੍ਰੇਨਿੰਗ ਅਤੇ ਸਕੂਲਾਂ ਦੇ ਆਧੁਨਿਕੀਕਰਨ ਕਾਰਨ ਇਹ ਸੰਭਵ ਹੋਇਆ ਹੈ।
ਸਿਹਤ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਹੈਲਥ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ। ਹੁਣ ਤੱਕ 30 ਲੱਖ ਤੋਂ ਵੱਧ ਪਰਿਵਾਰਾਂ ਨੂੰ ਕਾਰਡ ਮਿਲ ਚੁੱਕੇ ਹਨ ਅਤੇ ਲਾਭਪਾਤਰੀ ਲਗਭਗ 650 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟਿਆਂ ਤੋਂ ਵੱਧ ਨਿਰਵਿਘਨ ਅਤੇ ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਸਹੂਲਤ ਮਿਲੀ ਹੈ।
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਯੋਗ ਮਹਿਲਾ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। 32 ਲੱਖ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈ ਰਹੀਆਂ ਹਨ ਅਤੇ ਅਗਸਤ ਮਹੀਨੇ ਦੀ ਕਿਸ਼ਤ ਵੀ ਸਮੇਂ ਸਿਰ ਜਾਰੀ ਕੀਤੀ ਜਾਵੇਗੀ। ਜਿਨ੍ਹਾਂ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਜੁਲਾਈ ਵਿੱਚ ਨਹੀਂ ਹੋ ਸਕੀ, ਉਨ੍ਹਾਂ ਨੂੰ ਅਗਸਤ ਵਿੱਚ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਦੀਆਂ ਇਨ੍ਹਾਂ ਸਕੀਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਹ ਯੋਜਨਾਵਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ।
ਸਭਾ ਦੇ ਅੰਤ ਵਿੱਚ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਸਿਰਫ਼ ਲੋਕਾਂ ਦੀ ਸੇਵਾ ਅਤੇ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਮੁਕੇਰੀਆਂ ਦੀ ਧਰਤੀ ‘ਤੇ ਮਿਲਿਆ ਪਿਆਰ ਅਤੇ ਭਰੋਸਾ ਹੀ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਲਈ ਹੋਰ ਵੱਧ ਮਿਹਨਤ ਕਰਨ ਦੀ ਪ੍ਰੇਰਣਾ ਦਿੰਦਾ ਹੈ।




