-ਲੈਂਡ ਪੂਲਿੰਗ ਸਕੀਮ ਬਾਰੇ ਗੁਮਰਾਹਕੁਨ ਪ੍ਰਚਾਰ ਲਈ ਵਿਰੋਧੀ ਧਿਰ ਦੀ ਆਲੋਚਨਾ ਕੀਤੀ
-ਸਕੀਮ ਨੂੰ ਕਿਸਾਨ ਪੱਖੀ ਅਤੇ ਵਿਕਾਸ ਮੁਖੀ ਦੱਸਿਆ
-ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜਬੂਤੀ ਦੇਣ ਦਾ ਐਲਾਨ
ਧੂਰੀ (ਸੰਗਰੂਰ), 21 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਅਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਅਤੇ ਵਿਕਾਸ ਮੁਖੀ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।
ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਿਰਫ਼ ਆਪਣੇ ਸਿਆਸੀ ਸਵਾਰਥਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਅਧੀਨ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਸਿਰਫ਼ ਸਹਿਮਤੀ ਵਾਲੇ ਕਿਸਾਨਾਂ ਦੀ ਜ਼ਮੀਨ ਹੀ ਲਈ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਸਿਆਸੀ ਆਗੂਆਂ ਦੇ ਸੁਭਾਅ ਤੋਂ ਚੰਗੀ ਤਰ੍ਹਾਂ ਵਾਕਿਫ ਹਨ, ਜੋ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੈਂਡ ਪੂਲਿੰਗ ਸਕੀਮ ਦਾ ਮਕਸਦ ਕਿਸਾਨਾਂ ਲਈ ਸਥਾਈ ਆਮਦਨ ਦੇ ਸਰੋਤ ਪੈਦਾ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਇਸ ਸਕੀਮ ਅਧੀਨ ਕਿਸਾਨਾਂ ਨੂੰ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟ ਮਿਲਣਗੇ, ਜੋ ਉਨ੍ਹਾਂ ਲਈ ਆਮਦਨ ਦਾ ਸਥਾਈ ਸਰੋਤ ਬਣਨਗੇ। ਮਾਨ ਨੇ ਕਿਹਾ ਕਿ ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਤੇਜ ਕਰੇਗੀ ਅਤੇ ਹਰ ਵਰਗ ਨੂੰ ਲਾਭ ਪਹੁੰਚਾਏਗੀ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਮੀਨ ਦੀ ਐਕੁਆਇਰਮੈਂਟ ਪਾਰਦਰਸ਼ੀ ਅਤੇ ਕਾਨੂੰਨੀ ਢੰਗ ਨਾਲ ਹੋਵੇਗੀ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਦੇ ਨਸ਼ਿਆਂ ਦੇ ਦਾਗ ਨੂੰ ਖਤਮ ਕਰਨ ਦਾ ਮਜਬੂਤ ਹਥਿਆਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸਮਲਿਤ ਵੱਡੇ ਅਪਰਾਧੀਆਂ ਨੂੰ ਨਾਭਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ ਅਤੇ ਲੋਕ ਉਨ੍ਹਾਂ ਦਾ ਹਸ਼ਰ ਦੇਖ ਸਕਦੇ ਹਨ। ਮਾਨ ਨੇ ਜੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਵਿੱਚੋਂ ਇਸ ਖ਼ਤਰੇ ਦਾ ਪੂਰਨ ਸਫ਼ਾਇਆ ਨਹੀਂ ਹੋ ਜਾਂਦਾ।
watch…..CM Mann Joins Thousands to Bid Emotional Farewell to Marathon Legend Fauja Singh
ਮੁੱਖ ਮੰਤਰੀ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਫੰਡਾਂ ਦੀ ਸੋਚ-ਸਮਝ ਨਾਲ ਵਰਤੋਂ ਕਰਨ ਅਤੇ ਕੰਮਾਂ ਦੀ ਗੁਣਵੱਤਾ ਦੀ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਲਈ ਫੰਡ ਜਾਰੀ ਕਰਨ ਦੀ ਪਰਵਾਹ ਨਹੀਂ ਕੀਤੀ, ਪਰ ਉਨ੍ਹਾਂ ਦੀ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮਾਨ ਨੇ ਵਾਅਦਾ ਕੀਤਾ ਕਿ ਧੂਰੀ ਹਲਕੇ ਦੇ ਸਾਰੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਕਾਗਜ਼ੀ ਫੰਡ ਜਾਰੀ ਕੀਤੇ, ਜਿਸ ਕਾਰਨ ਵਿਕਾਸ ਕੰਮ ਵੀ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹੇ। ਉਨ੍ਹਾਂ ਨੇ ਜੋਰ ਦਿੱਤਾ ਕਿ ‘ਆਪ’ ਸਰਕਾਰ ਨੇ 15947 ਖ਼ਾਲਾਂ ਅਤੇ ਕੱਸੀਆਂ ਨੂੰ ਸੁਰਜੀਤ ਕਰਕੇ ਦੂਰ-ਦੁਰਾਡੇ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਸੰਭਾਲ ਹੋਈ ਹੈ।
ਮਾਨ ਨੇ ਕਿਹਾ ਕਿ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ 3 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਕਰਵਾਇਆ। ਉਨ੍ਹਾਂ ਨੇ ਮੈਰਿਟ ਅਧਾਰਤ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੀ ਵੰਡ ਦਾ ਵੀ ਜ਼ਿਕਰ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕੀਤੇ ਗਏ, ਜਿਸ ਨਾਲ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਪੰਜਾਬ ਨੇ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਸਥਾਪਤ ਕੀਤੀ, ਜਿਸ ਨਾਲ ਸੜਕ ਹਾਦਸਿਆਂ ਵਿੱਚ ਮੌਤਾਂ 48 ਫੀਸਦੀ ਤੋਂ ਵੱਧ ਘਟੀਆਂ। ਇਸ ਫੋਰਸ ਵਿੱਚ ਸਿਖਲਾਈ ਪ੍ਰਾਪਤ ਜਵਾਨ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ, 144 ਆਧੁਨਿਕ ਵਾਹਨਾਂ ਨਾਲ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 2 ਅਕਤੂਬਰ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਹੋਵੇਗੀ, ਜੋ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇਵੇਗੀ। ਇਹ ਦੇਸ਼ ਦੀ ਪਹਿਲੀ ਅਜਿਹੀ ਸਕੀਮ ਹੈ, ਜੋ ਵਿੱਤੀ ਬੋਝ ਘਟਾਉਂਦੀ ਹੋਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਏਗੀ।
ਮਾਨ ਨੇ ‘ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਬਿੱਲ, 2025’ ਦਾ ਜ਼ਿਕਰ ਕੀਤਾ, ਜੋ ਪੇਂਡੂ ਖੇਡਾਂ, ਖ਼ਾਸਕਰ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਪ੍ਰੋਤਸਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਬੈਲ ਗੱਡੀਆਂ ਦੀਆਂ ਦੌੜਾਂ ਨਾਲ ਵਿਸ਼ੇਸ਼ ਮੋਹ ਹੈ, ਅਤੇ ਇਹ ਬਿੱਲ ਪਸ਼ੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਖੇਡਾਂ ਨੂੰ ਮਕਬੂਲ ਕਰੇਗਾ।




