ਐਸ.ਏ.ਐਸ. ਨਗਰ (ਮੋਹਾਲੀ), 20 ਸਤੰਬਰ
ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਦੇਣ ਦਾ ਦਾਅਵਾ ਕੀਤਾ ਗਿਆ ਹੈ। ਮੋਹਾਲੀ ਵਿੱਚ ਸਿਹਤ ਯੋਜਨਾ ਦੇ ਕਾਰਡ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1.26 ਕਰੋੜ ਸਿਹਤ ਕਾਰਡਾਂ ਰਾਹੀਂ 54 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਮੁਤਾਬਕ ਹੁਣ ਤੱਕ 7 ਲੱਖ ਤੋਂ ਵੱਧ ਮਰੀਜ਼ਾਂ ਦੇ ਇਲਾਜ ’ਤੇ 1,310 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਬਿਮਾਰੀ ਦੇ ਇਲਾਜ ਦੇ ਖਰਚੇ ਕਾਰਨ ਵਿੱਤੀ ਸੰਕਟ ਵਿੱਚ ਨਾ ਫਸੇ।
ਭਗਵੰਤ ਮਾਨ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਰਗ ਦੀ ਪਹੁੰਚ ਵਿੱਚ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੇ ਅਨੁਸਾਰ ਯੋਜਨਾ ਤਹਿਤ ਲੋਕ ਆਪਣੀ ਪਸੰਦ ਦੇ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦਾ ਵੱਡਾ ਟੀਚਾ ਪੰਜਾਬ ਨੂੰ ਅਜਿਹਾ ਸੂਬਾ ਬਣਾਉਣਾ ਹੈ ਜਿੱਥੇ ਲੋਕਾਂ ਨੂੰ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਵਿੱਤੀ ਦਬਾਅ ਦਾ ਸਾਹਮਣਾ ਨਾ ਕਰਨਾ ਪਵੇ।
watch….ਧੂਰੀ ਤੋਂ ‘ਆਪ’ ਦੀ ਘਰ-ਘਰ ਚੋਣ ਮੁਹਿੰਮ ਸ਼ੁਰੂ, ਮਾਨ ਨੇ ਸਰਕਾਰ ਦਾ ਰਿਪੋਰਟ ਕਾਰਡ ਲੋਕਾਂ ਤੱਕ ਪਹੁੰਚਾਇਆ
ਮੁੱਖ ਮੰਤਰੀ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁਫ਼ਤ ਬੱਸ ਸਫ਼ਰ, ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨਾ, ਮੇਰੀ ਰਸੋਈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਪਹਿਲਕਦਮੀਆਂ ਰਾਹੀਂ ਪਰਿਵਾਰਾਂ ਨੂੰ ਵਿੱਤੀ ਰਾਹਤ ਮਿਲ ਰਹੀ ਹੈ। ਉਨ੍ਹਾਂ ਮੁਤਾਬਕ ਕੁਝ ਪਰਿਵਾਰਾਂ ਨੂੰ ਇਨ੍ਹਾਂ ਸਕੀਮਾਂ ਰਾਹੀਂ ਸਾਲਾਨਾ 2.72 ਲੱਖ ਰੁਪਏ ਤੱਕ ਦਾ ਲਾਭ ਮਿਲ ਰਿਹਾ ਹੈ।
ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ 1,100 ਆਮ ਆਦਮੀ ਕਲੀਨਿਕਾਂ ਦਾ ਨੈੱਟਵਰਕ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚ ਲਗਭਗ 5.5 ਕਰੋੜ ਓ.ਪੀ.ਡੀ. ਦਰਜ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਮੁੱਢਲੀਆਂ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਈਆਂ ਗਈਆਂ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤਿੰਨ ਮਹੀਨਿਆਂ ਦੀ ਕਿਸ਼ਤ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਵੀ ਐਲਾਨ ਕੀਤਾ।
ਸਿੱਖਿਆ ਅਤੇ ਖੇਡਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਧਾਰਾਂ ਦਾ ਜ਼ਿਕਰ ਕੀਤਾ। ਉਨ੍ਹਾਂ ਪੰਜਾਬ ਦੀ ਸਿੱਖਿਆ ਵਿੱਚ ਦਰਜਾਬੰਦੀ ਸੁਧਰਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਰਾਹੀਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਹੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡਾਇਲਸਿਸ, ਦਿਲ ਦੇ ਇਲਾਜ, ਕੈਂਸਰ ਦੇ ਇਲਾਜ, ਗੋਡੇ ਬਦਲਣ, ਮੋਤੀਆਬਿੰਦ ਦੀ ਸਰਜਰੀ, ਸੀ-ਸੈਕਸ਼ਨ ਡਿਲੀਵਰੀ, ਟਰਾਂਸਪਲਾਂਟ ਅਤੇ ਐਮਰਜੈਂਸੀ ਇਲਾਜ ਸਮੇਤ ਕਈ ਸੇਵਾਵਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਯੋਜਨਾ ਤਹਿਤ ਹੋਏ ਪਹਿਲੇ ਕਿਡਨੀ ਟਰਾਂਸਪਲਾਂਟ ਦਾ ਵੀ ਜ਼ਿਕਰ ਕੀਤਾ।
ਸਿਹਤ ਵਿਭਾਗ ਮੁਤਾਬਕ ਇਸ ਵੇਲੇ ਪੰਜਾਬ ਅਤੇ ਚੰਡੀਗੜ੍ਹ ਵਿੱਚ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਰਾਹੀਂ 2,356 ਇਲਾਜ ਪੈਕੇਜ ਯੋਜਨਾ ਅਧੀਨ ਕਵਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਸਰਕਾਰੀ ਅਤੇ ਨਿੱਜੀ ਦੋਵੇਂ ਹਸਪਤਾਲ ਸ਼ਾਮਲ ਹਨ।
ਘਰ-ਘਰ ਪਹੁੰਚਾਏ ਜਾਣਗੇ ਸਿਹਤ ਕਾਰਡ
ਯੋਜਨਾ ਦੇ ਅਗਲੇ ਪੜਾਅ ਵਿੱਚ ਯੋਗ ਪਰਿਵਾਰਾਂ ਤੱਕ ਸਿਹਤ ਕਾਰਡ ਪਹੁੰਚਾਉਣ ਲਈ ਪੰਜਾਬ ਭਰ ਵਿੱਚ 1,800 ਤੋਂ ਵੱਧ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਸਿਹਤ ਮਿੱਤਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਕਾਰਡ ਵੰਡੇ ਜਾਣਗੇ। ਫੀਲਡ ਟੀਮਾਂ ਲਾਭਪਾਤਰੀਆਂ ਨੂੰ ਕਾਰਡ ਦੇ ਨਾਲ ਯੋਜਨਾ ਦੇ ਲਾਭਾਂ ਬਾਰੇ ਵੀ ਜਾਣਕਾਰੀ ਦੇਣਗੀਆਂ।
ਸਮਾਗਮ ਦੌਰਾਨ ਕੁਝ ਲਾਭਪਾਤਰੀਆਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਯੋਜਨਾ ਰਾਹੀਂ ਇਲਾਜ ਮਿਲਣ ਦੀ ਜਾਣਕਾਰੀ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਮੌਜੂਦ ਸਨ।





