ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮਿਲੇਗਾ: ਡਾ. ਬਲਬੀਰ ਸਿੰਘ
ਰਾਜਪੁਰਾ/ਪਟਿਆਲਾ, 25 ਜਨਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜਪੁਰਾ ਸਿਵਲ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਵਾਲੇ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਯੋਜਨਾ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਵਾਉਣ ਦੀ ਪੂਰੀ ਪ੍ਰਕਿਰਿਆ ਨੂੰ ਸੌਖੇ ਸ਼ਬਦਾਂ ਵਿੱਚ ਸਮਝਾਇਆ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਰਾਹੀਂ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ (ਕਰੀਬ 3 ਕਰੋੜ ਲੋਕਾਂ) ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਪੰਜਾਬ ਦੇ ਸਿਹਤ ਖੇਤਰ ਲਈ ਇੱਕ ਨਵੀਂ ਸ਼ੁਰੂਆਤ ਹੈ ਅਤੇ ਇਹ ਮੀਲ ਪੱਥਰ ਸਾਬਤ ਹੋਵੇਗਾ।
ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਨੇ ਬੀਮਾ ਕੰਪਨੀ ਨੂੰ ਪਹਿਲਾਂ ਹੀ ਪੂਰੀ ਰਕਮ ਅਦਾ ਕਰ ਦਿੱਤੀ ਹੈ ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ ਪੱਧਰੀ ਸਿਹਤ ਸੇਵਾਵਾਂ ਲੈ ਸਕਣ। ਇਸ ਕਾਰਡ ਨਾਲ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
watch….Punjab Government Signs Agreement for ₹10 Lakh Universal Cashless Health Insurance Scheme
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਖਾਸ ਤੌਰ ’ਤੇ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਹੈ। ਗੰਭੀਰ ਬਿਮਾਰੀਆਂ ਦੇ ਇਲਾਜ ’ਤੇ ਆਉਣ ਵਾਲੇ ਵੱਡੇ ਖਰਚ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਕੋਈ ਵੀ ਵਿਅਕਤੀ ਸਿਰਫ਼ ਪੈਸੇ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ।
ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਸੌਖੀ ਅਤੇ ਪਾਰਦਰਸ਼ੀ ਹੈ। ਲੋੜੀਂਦੇ ਦਸਤਾਵੇਜ਼ ਲੈ ਕੇ ਨਿਰਧਾਰਤ ਸੈਂਟਰ ’ਤੇ ਪਹੁੰਚ ਕੇ ਕੁਝ ਹੀ ਸਮੇਂ ਵਿੱਚ ਕਾਰਡ ਤਿਆਰ ਹੋ ਜਾਂਦਾ ਹੈ। ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ, ਜੋ ਯੋਜਨਾ ਦੀ ਸਫਲਤਾ ਨੂੰ ਦਰਸਾਉਂਦਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਮੁਫ਼ਤ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।


