ਬਾਬਾ ਬਕਾਲਾ ਸਾਹਿਬ, 28 ਅਗਸਤ: ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ‘ਸਨਮਾਨ ਰਾਸ਼ੀ’ ਵਜੋਂ 181.50 ਕਰੋੜ ਰੁਪਏ ਟਰਾਂਸਫਰ ਕੀਤੇ। ਇਸ ਦੇ ਨਾਲ ਹੀ ਇਸ ਯੋਜਨਾ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਯੋਜਨਾ ਦਾ ਦਾਇਰਾ ਵਧਾ ਕੇ ਇੱਕ ਕਰੋੜ ਔਰਤਾਂ ਤੱਕ ਲਿਜਾਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਲਈ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਕਰਨ ਵਾਲੀਆਂ 1.38 ਲੱਖ ‘ਸਤਿਕਾਰ ਸਖੀਆਂ’ ਨੂੰ 51 ਕਰੋੜ ਰੁਪਏ ਮਾਣ-ਭੱਤੇ ਵਜੋਂ ਦਿੱਤੇ ਜਾ ਚੁੱਕੇ ਹਨ, ਜਦਕਿ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਰੱਖੜ ਪੁੰਨਿਆ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਭੈਣਾਂ ਨਾਲ ਕੀਤਾ ਵਾਅਦਾ ਨਿਭਾਉਂਦਿਆਂ ਅੱਜ 5.30 ਲੱਖ ਔਰਤਾਂ ਦੇ ਖਾਤਿਆਂ ਵਿੱਚ 181.50 ਕਰੋੜ ਰੁਪਏ ‘ਸ਼ਗਨ’ ਵਜੋਂ ਭੇਜੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 70.92 ਲੱਖ ਮਾਵਾਂ-ਭੈਣਾਂ ਇਸ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ।
ਉਨ੍ਹਾਂ ਪੰਜਾਬ ਸਰਕਾਰ ਦੀਆਂ ਹੋਰ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ।
ਧਰਮ ਦੀ ਆੜ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼
ਰੱਖੜ ਪੁੰਨਿਆ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਕੁਝ ਲੋਕ ਧਰਮ ਦੀ ਆੜ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਰੈਲੀਆਂ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਜਿਹੀਆਂ ਕੋਸ਼ਿਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਣਗੇ।
ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਆਗੂਆਂ ਨੂੰ ਸਿਆਸੀ ਤੌਰ ’ਤੇ ਨਕਾਰ ਦਿੱਤਾ ਹੈ, ਜੋ ਆਪਣੇ ਸੱਤਾ ਦੇ ਸਮੇਂ ਮਹਿਲਾਂ ਵਿੱਚ ਰਹਿੰਦੇ ਰਹੇ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੀ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ ਹੈ।
ਅਕਾਲੀ ਦਲ ’ਤੇ ਤਿੱਖੇ ਨਿਸ਼ਾਨੇ
ਮੁੱਖ ਮੰਤਰੀ ਨੇ ਅਕਾਲੀ ਦਲ ’ਤੇ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪਿਛਲੇ ਲੰਬੇ ਸ਼ਾਸਨ ਦੌਰਾਨ ਬੇਅਦਬੀ ਮਾਮਲਿਆਂ, ਗੋਲੀਬਾਰੀ ਅਤੇ ਮਾਫੀਆ ਨੂੰ ਕਥਿਤ ਸ਼ਹਿ ਦੇਣ ਵਰਗੇ ਮੁੱਦਿਆਂ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਇਸ ਲਈ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਮਾਨ ਨੇ ਦੋਸ਼ ਲਾਇਆ ਕਿ ਅਕਾਲੀ ਦਲ ਹੁਣ ਸੱਤਾ ਹਾਸਲ ਕਰਨ ਲਈ ਭਾਜਪਾ ਨਾਲ ਗੱਠਜੋੜ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਗੱਠਜੋੜ ਲੋਕ ਭਲਾਈ ਦੀ ਬਜਾਏ ਸਿਰਫ਼ ਸੱਤਾ ਦੀ ਰਾਜਨੀਤੀ ’ਤੇ ਆਧਾਰਿਤ ਹੈ।
ਭਾਜਪਾ ਨੂੰ ਵੀ CM ਮਾਨ ਦੀ ਚੁਣੌਤੀ
ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇਸ਼ ਦੇ ਹੋਰ ਸੂਬਿਆਂ ਵਿੱਚ ਜਿੱਤ ਹਾਸਲ ਕਰ ਸਕਦੀ ਹੈ, ਪਰ ਪੰਜਾਬ ਵਿੱਚ ਸੱਤਾ ਹਾਸਲ ਕਰਨ ਦਾ ਸੁਪਨਾ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਖੇਤੀ ਕਾਨੂੰਨਾਂ ਵਿਰੁੱਧ ਹੋਏ ਸੰਘਰਸ਼ ਦੌਰਾਨ ਕਿਸਾਨਾਂ ਨਾਲ ਹੋਏ ਕਥਿਤ ਵਿਹਾਰ ਨੂੰ ਨਹੀਂ ਭੁੱਲੇ ਹਨ।
ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਭਾਖੜਾ ਡੈਮ ਅਤੇ ਦਰਿਆਈ ਪਾਣੀਆਂ ਸਮੇਤ ਪੰਜਾਬ ਦੇ ਜਾਇਜ਼ ਹੱਕਾਂ ਨੂੰ ਪ੍ਰਭਾਵਿਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਮਿਲੇਗੀ ਅਤੇ ਲੋਕ ਉਸ ਨੂੰ ਜਵਾਬ ਦੇਣ ਲਈ ਤਿਆਰ ਹਨ।
ਕਾਂਗਰਸ ’ਤੇ ਵੀ ਕੱਸਿਆ ਤਨਜ਼
ਕਾਂਗਰਸ ਪਾਰਟੀ ਦੀ ਅੰਦਰੂਨੀ ਖਿੱਚੋਤਾਣ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਸੱਤਾ ਹਾਸਲ ਕਰਨ ਲਈ ਆਪਸ ਵਿੱਚ ਲੜ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਅਤੇ ਲੋਕਾਂ ਲਈ ਕੋਈ ਸਪੱਸ਼ਟ ਏਜੰਡਾ ਨਹੀਂ ਹੈ ਅਤੇ ਪਾਰਟੀ ਦੀ ਅੰਦਰੂਨੀ ਲੜਾਈ ਉਸ ਦੇ ਸਿਆਸੀ ਭਵਿੱਖ ਨੂੰ ਨੁਕਸਾਨ ਪਹੁੰਚਾ ਰਹੀ ਹੈ।
ਮੁਫ਼ਤ ਬਿਜਲੀ, ਨੌਕਰੀਆਂ ਅਤੇ ਵਿਕਾਸ ਕਾਰਜਾਂ ਦਾ ਜ਼ਿਕਰ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਉਣਾ ਵੀ ਸਰਕਾਰ ਦੀਆਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਹੈ।
ਉਨ੍ਹਾਂ ਕਿਹਾ ਕਿ ਟੈਕਸਦਾਤਿਆਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਹੀ ਖਰਚਿਆ ਜਾ ਰਿਹਾ ਹੈ ਅਤੇ ਇਹ ਰਕਮ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਤੱਕ ਵਾਪਸ ਪਹੁੰਚ ਰਹੀ ਹੈ। ਸਰਕਾਰ ਵੱਲੋਂ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕੀ ਸੰਪਰਕ, ਸਿੱਖਿਆ ਅਤੇ ਸਿਹਤ ਸਹੂਲਤਾਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
watch….ਜੇਲ੍ਹ ਦੀਆਂ ਕੰਧਾਂ ਪਾਰ ਭੈਣ-ਭਰਾਵਾਂ ਦਾ ਪਿਆਰ: ਪਟਿਆਲਾ ਜੇਲ੍ਹ ’ਚ ਮਨਾਈ ਰੱਖੜੀ
ਪਿੰਡਾਂ, ਖੇਡਾਂ ਅਤੇ ਨਸ਼ਾ ਵਿਰੋਧੀ ਮੁਹਿੰਮ ’ਤੇ ਜ਼ੋਰ
ਮਾਨ ਨੇ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਢੁਕਵੀਆਂ ਗ੍ਰਾਂਟਾਂ ਦੇ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਵਿੱਚ 3100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਸਿੱਖਿਆ ਨੂੰ ਦੱਸਿਆ ਬਦਲਾਅ ਦੀ ਕੁੰਜੀ
ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਮੁਫ਼ਤ ਸਹੂਲਤਾਂ ਜਾਂ ਕਾਰਡ ਗਰੀਬੀ ਅਤੇ ਸਮਾਜਿਕ ਬੁਰਾਈਆਂ ਦਾ ਸਥਾਈ ਹੱਲ ਨਹੀਂ ਹਨ। ਉਨ੍ਹਾਂ ਮੁਤਾਬਕ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੇ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਸਕੂਲਜ਼ ਆਫ਼ ਐਮੀਨੈਂਸ ਅਤੇ ਹੋਰ ਪਹਿਲਕਦਮੀਆਂ ਰਾਹੀਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ ਵੱਧ ਕੇ 882 ਹੋ ਗਈ ਹੈ।
ਖੇਤਾਂ ਤੱਕ ਨਹਿਰੀ ਪਾਣੀ ਅਤੇ ਸਿਹਤ ਸਹੂਲਤਾਂ
ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਰਕਾਰ ਵੱਲੋਂ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਹਿਰੀ ਸਿੰਚਾਈ ਅਧੀਨ ਰਕਬਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ।
ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਨਕਦੀ-ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਕਈ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।





