ਵਿਆਪਕ ਬਿਜਲੀ ਸੁਧਾਰ ਲਈ ਪਟਿਆਲਾ ਜ਼ਿਲ੍ਹੇ ‘ਚ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ – ਮੰਤਰੀ ਹਰਭਜਨ ਸਿੰਘ
-ਕਿਹਾ, ਪਟਿਆਲਾ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਮੌਜੂਦਾ ਪੰਜਾਬ ਸਰਕਾਰ
-ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਪਟਿਆਲਾ, 15 ਅਗਸਤ
ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਯਤਨਾਂ ਨਾਲ ਪੰਜਾਬ ‘ਰੰਗਲਾ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਹ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਉਪਰੰਤ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਮਿਲਕੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।
ਸਮਾਗਮ ਵਿੱਚ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਆਪ ਦੇ ਯੁੱਧ ਨਸ਼ਿਆਂ ਵਿਰੁੱਧ ਦੇ ਸੂਬਾ ਬੁਲਾਰੇ ਬਲਤੇਜ ਪੰਨੂ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀਆਈਜੀ ਕੁਲਦੀਪ ਚਾਹਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਹਾਜ਼ਰ ਸਨ।
ਆਪਣੇ ਸੰਦੇਸ਼ ਵਿੱਚ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਯੋਧਿਆਂ, ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਮਾਨਦਾਰੀ ਅਤੇ ਨੇਕ ਨੀਅਤ ਨਾਲ ਕੰਮ ਕਰ ਰਹੀ ਹੈ।
ਹਰਭਜਨ ਸਿੰਘ ਈਟੀਓ ਨੇ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਸਨਮਾਨ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ ਅਤੇ ਅਗਨੀਵੀਰਾਂ ਨੂੰ ਵੀ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਪੁਲਿਸ, ਸਾਬਕਾ ਫ਼ੌਜੀਆਂ, ਧਰਮੀ ਫ਼ੌਜੀਆਂ ਅਤੇ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵੀ ਸਰਕਾਰ ਵਚਨਬੱਧ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ, ਕਿਰਤ ਕਾਨੂੰਨ ਸਰਲ ਕੀਤੇ ਗਏ, ਪ੍ਰਾਜੈਕਟ ਜੀਵਨਜੋਤ ਅਧੀਨ ਭੀਖ ਮੰਗਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ ਅਤੇ ਸਾਰਿਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਸਕੀਮ ਸ਼ੁਰੂ ਕੀਤੀ ਗਈ।
ਬਿਜਲੀ ਮੰਤਰੀ ਨੇ ਸਿਹਤ, ਸਿੱਖਿਆ, ਬਿਜਲੀ ਅਤੇ ਲੋਕ ਨਿਰਮਾਣ ਦੇ ਖੇਤਰ ਵਿੱਚ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ 881 ਆਮ ਆਦਮੀ ਕਲੀਨਿਕ, ਸੀ.ਐਮ. ਦੀ ਯੋਗਸ਼ਾਲਾ, ਸਕੂਲ ਆਫ਼ ਹੈਪੀਨੈਸ, ਸਕੂਲ ਆਫ਼ ਐਮੀਨੈਂਸ ਅਤੇ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਦੀ ਖ਼ਰੀਦ ਸਮੇਤ ਸਿਹਤ, ਸਿੱਖਿਆ ਅਤੇ ਬਿਜਲੀ ਦੇ ਖੇਤਰ ਵਿੱਚ ਕਰਾਂਤੀਕਾਰੀ ਕਦਮ ਚੁੱਕੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 19 ਤੋਂ 25 ਨਵੰਬਰ ਤੱਕ ਸੂਬੇ ਭਰ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ, ਜਿਸ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਵਾਲੇ ਅਸਥਾਨਾਂ ਦੇ ਵਿਕਾਸ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਇਕੱਲੇ ਪਟਿਆਲਾ ਜ਼ਿਲ੍ਹੇ ਵਿੱਚ 35 ਅਸਥਾਨਾਂ ਦੇ ਵਿਕਾਸ ਲਈ 80 ਕਰੋੜ ਰੁਪਏ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਵੱਲੋਂ 3.50 ਲੱਖ ਬੂਟੇ ਲਾਉਣ ਅਤੇ 52 ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ ਸਥਾਪਤ ਕੀਤੇ ਜਾਣਗੇ। ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੀ ਬਹਾਲੀ ਵੀ ਸ਼ੁਰੂ ਕੀਤੀ ਗਈ ਹੈ।
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਵਿਆਪਕ ਬਿਜਲੀ ਸੁਧਾਰ ਲਈ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਨਵੀਆਂ ਲਾਈਨਾਂ, ਟਰਾਂਸਫਾਰਮਰ ਅਤੇ ਹੋਰ ਸੁਧਾਰਾਂ ਰਾਹੀਂ ਨਿਰਵਿਘਨ ਤੇ ਪਾਏਦਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲੇ ਕੀਤੇ ਪਟਿਆਲਾ ਦੇ ਵਿਕਾਸ ਲਈ ਮੌਜੂਦਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਅਤੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਪਛਵਾੜਾ ਕੋਲਾ ਖਾਣ ਤੋਂ ਕੋਲਾ ਕੱਢਣ ਨਾਲ 1200 ਕਰੋੜ ਰੁਪਏ ਦਾ ਵਿੱਤੀ ਲਾਭ ਹੋਇਆ ਹੈ। ਜੀਵੀਕੇ ਤਾਪ ਬਿਜਲੀ ਘਰ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਦੀ ਖ਼ਰੀਦ ਨਾਲ ਬਿਜਲੀ ਖੇਤਰ ਵਿੱਚ ਵੱਡਾ ਸੁਧਾਰ ਦਰਜ ਕੀਤਾ ਗਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ 2130 ਕਰੋੜ ਰੁਪਏ ਨਾਲ 2173 ਕਿਲੋਮੀਟਰ ਨਵੀਆਂ ਸੜਕਾਂ ਅਤੇ 185 ਕਰੋੜ ਰੁਪਏ ਨਾਲ 34 ਪੁਲ ਬਣਾਏ ਜਾ ਰਹੇ ਹਨ। 20 ਟੋਲ ਪਲਾਜੇ ਬੰਦ ਕੀਤੇ ਗਏ ਹਨ। ਨਸ਼ਿਆਂ ਖ਼ਿਲਾਫ਼ ਯੁੱਧ ਵਿੱਚ ਵੱਡੇ ਤਸਕਰਾਂ ਨੂੰ ਜੇਲ੍ਹ ਵਿੱਚ ਸੁੱਟਿਆ ਗਿਆ, 25 ਹਜ਼ਾਰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ‘ਬਾਜ਼ ਅੱਖ’ ਐਂਟੀ ਡਰੋਨ ਸਿਸਟਮ ਸ਼ੁਰੂ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਖ਼ਤਮ ਕਰਨ, ਈਜ਼ੀ ਰਜਿਸਟਰੀ ਸਹੂਲਤ ਅਤੇ ਮਾਲ ਤੇ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਖੇਤੀਬਾੜੀ ਨੂੰ ਪੰਜਾਬ ਦੀ ਆਰਥਿਕਤਾ ਦਾ ਮੁੱਢ ਦੱਸਦਿਆਂ ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ, ਜਿਸ ਨਾਲ 2024 ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ 70 ਫ਼ੀਸਦੀ ਕਮੀ ਆਈ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਦਾ ਵਾਧੂ ਪਾਣੀ ਵਰਤਣ ਦੀ ਆਗਿਆ ਨਹੀਂ ਦਿੱਤੀ ਅਤੇ 18 ਹਜ਼ਾਰ ਤੋਂ ਵੱਧ ਖਾਲ਼ ਬਹਾਲ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ।
ਕੈਬਨਿਟ ਮੰਤਰੀ ਨੇ ਪਰੇਡ ਕਮਾਂਡਰ ਡੀ.ਐਸ.ਪੀ. ਫ਼ਤਿਹ ਸਿੰਘ ਬਰਾੜ ਦੀ ਅਗਵਾਈ ਵਿੱਚ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ, ਮਹਿਲਾ ਵਿੰਗ, ਹੋਮ ਗਾਰਡਜ਼, ਐਨ.ਸੀ.ਸੀ., ਆਰਮੀ, ਏਅਰ ਵਿੰਗ ਅਤੇ ਰੈਡ ਕਰਾਸ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਉਨ੍ਹਾਂ ਨੇ 16 ਅਗਸਤ ਨੂੰ ਸਕੂਲਾਂ ਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਵੀ ਕੀਤਾ।
ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਸਰਕਾਰੀ ਕਾਲਜ ਲੜਕੀਆਂ ਅਤੇ ਵਾਣੀ ਸਕੂਲ ਦੇ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਦਿਆਰਥੀਆਂ ਨੇ ਸੰਕੇਤਕ ਭਾਸ਼ਾ ਵਿੱਚ ਰਾਸ਼ਟਰੀ ਗਾਣ ਗਾਇਆ। ਹਰਭਜਨ ਸਿੰਘ ਈਟੀਓ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਅਤੇ ਸੰਘਰਸ਼ੀ ਯੋਧਿਆਂ, ਸ਼ਹੀਦ ਪਰਿਵਾਰਾਂ, ਪਰੇਡ ਕਮਾਂਡਰ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਦਾ ਸਨਮਾਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਹਰਭਜਨ ਸਿੰਘ ਈਟੀਓ ਨੂੰ ਸਨਮਾਨਿਤ ਕੀਤਾ।
ਸਮਾਗਮ ਵਿੱਚ ਜੁਡੀਸ਼ੀਅਲ ਅਧਿਕਾਰੀ, ਚੇਅਰਮੈਨ ਇੰਪਰੂਵਮੈਂਟ ਟਰਸਟ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਆਪ ਇਸਤਰੀ ਵਿੰਗ ਦੀਆਂ ਆਗੂ ਵੀਰਪਾਲ ਕੌਰ ਚਹਿਲ, ਮੋਨਿਕਾ ਸ਼ਰਮਾ, ਚੇਅਰਮੈਨ ਜਸਵੀਰ ਸਿੰਘ ਜੱਸੀ, ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ, ਐਸ.ਸੀ. ਸੈਲ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਪਦਮਸ੍ਰੀ ਜਗਜੀਤ ਸਿੰਘ ਦਰਦੀ, ਪ੍ਰਾਣ ਸੱਭਰਵਾਲ, ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਡਾ. ਜਗਦੀਪ ਸਿੰਘ, ਏ.ਡੀ.ਸੀ. ਇਸ਼ਾ ਸਿੰਗਲ, ਅਮਰਿੰਦਰ ਸਿੰਘ ਟਿਵਾਣਾ, ਨਵਰੀਤ ਕੌਰ ਸੇਖੋਂ, ਐਸ.ਪੀ. ਵੈਭਵ ਚੌਧਰੀ, ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਹਰਜੋਤ ਕੌਰ ਮਾਵੀ ਅਤੇ ਵੱਡੀ ਗਿਣਤੀ ਵਿੱਚ ਪਟਿਆਲਾ ਵਾਸੀ, ਵਿਦਿਆਰਥੀ, ਅਧਿਆਪਕ, ਫ਼ੌਜ, ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।


