
ਚੰਡੀਗੜ੍ਹ, 03 ਜੁਲਾਈ,
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
LINK…..Vigilance Bureau nabs Head Constable for taking Rs 5,000 bribe
ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

