- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਨੂੰ ਮੱਦੇਨਜ਼ਰ ਰੱਖਦਿਆਂ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
- ਟਰੈਫਿਕ ਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ:
ਸ਼ਹੀਦੀ ਸਭਾ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ, ਤਾਂ ਜੋ ਜ਼ਿਲ੍ਹੇ ਵਿੱਚ ਸਮਾਗਮ ਸੁਚਾਰੂ ਤੇ ਸੁਰੱਖਿਅਤ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ।
ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ – ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੀ ਅਨੂਪ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ 2025 ਤੱਕ ਫਤਹਿਗੜ੍ਹ ਸਾਹਿਬ ਵਿਖੇ ਆਯੋਜਿਤ ਹੋਵੇਗੀ।
ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਤਰੀਕੇ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਅਧਿਕਾਰੀਆਂ ਤੇ 24 ਡੀ.ਐਸ.ਪੀ. ਰੈਂਕ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ਦੀ ਫੋਰਸ ਤਾਇਨਾਤ ਕੀਤੀ ਗਈ ਹੈ।
watch…..Driving Village Development: CM Mann’s Grassroots Efforts
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡੀ.ਆਈ.ਜੀ. ਰੋਪੜ ਰੇਂਜ ਨਾਨਕ ਸਿੰਘ ਤੇ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਵੀ ਮੌਜੂਦ ਸਨ, ਨੇ ਪੁਖਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਤਾਇਨਾਤ ਐਸ.ਪੀ. ਤੇ ਡੀ.ਐਸ.ਪੀ. ਰੈਂਕ ਅਧਿਕਾਰੀਆਂ ਤੇ ਪੁਲਿਸ ਫੋਰਸ ਨੂੰ ਤਨਦੇਹੀ ਨਾਲ ਸੇਵਾ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਸੰਗਤ ਨਾਲ ਨਿਮਰਤਾ ਤੇ ਹਲੀਮੀ ਨਾਲ ਪੇਸ਼ ਆਉਣ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਸ਼ਰਧਾ ਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਸ਼ਾਂਤੀਪੂਰਨ ਤੇ ਸੁਚਾਰੂ ਸ਼ਹੀਦੀ ਸਭਾ ਕਰਵਾਉਣ ਲਈ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ, ਤਾਂ ਜੋ ਸ਼ਰਧਾਲੂਆਂ ਨੂੰ ਮੱਥਾ ਟੇਕਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਕੁੱਲ 22 ਪਾਰਕਿੰਗ ਸਥਾਨ ਰੱਖੇ ਗਏ ਹਨ ਅਤੇ ਪਾਰਕਿੰਗ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਸ਼ਟਲ ਬੱਸ ਸੇਵਾ ਵੀ ਉਪਲੱਬਧ ਰਹੇਗੀ। ਨਿਰਵਿਘਨ ਟਰੈਫਿਕ ਪ੍ਰਬੰਧਨ ਤੇ ਸੰਗਤਾਂ ਨੂੰ ਘੱਟੋ-ਘੱਟ ਅਸੁਵਿਧਾ ਲਈ ਗੂਗਲ ਨਾਲ ਤਾਲਮੇਲ ਕਰਕੇ ਰੀਅਲ-ਟਾਈਮ ਜੀਓ-ਟੈਗਿੰਗ ਤੇ ਮਾਰਗਦਰਸ਼ਨ ਲਈ ਸਾਈਨ ਬੋਰਡ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹਾਇਤਾ ਲਈ ਛੇ ਹੈਲਪ ਡੈਸਕ (ਜਿਨ੍ਹਾਂ ਵਿੱਚ ਪੁਲਿਸ ਡੈਸਕ, ਡਾਕਟਰੀ ਸਹਾਇਤਾ ਤੇ ਅੱਗ ਬੁਝਾਊ ਯੰਤਰ ਸ਼ਾਮਲ ਹਨ) ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਏਕੀਕ੍ਰਿਤ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਨਾਲ ਨਾਲ ਟਰੈਫਿਕ ਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਲਈ 6 ਡਰੋਨ ਤੇ 300 ਸੀਸੀਟੀਵੀ ਕੈਮਰੇ ਵਰਤੇ ਜਾ ਰਹੇ ਹਨ।
ਇਸ ਦੌਰਾਨ, ਸੜਕ ਸੁਰੱਖਿਆ ਵਧਾਉਣ ਤੇ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਟੀਮਾਂ ਵੱਲੋਂ ਟਰੈਕਟਰ-ਟਰਾਲੀਆਂ ‘ਤੇ ਰਿਫਲੈਕਟਰ ਸਟਿੱਕਰ ਵੀ ਲਗਾਏ ਜਾਣਗੇ।




