- ਜੇ ਭਗਤ ਸਿੰਘ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਭਾਰਤ ਅੱਜ ਦੁਨੀਆਂ ਵਿੱਚ ਮੋਹਰੀ ਮੁਲਕ ਹੁੰਦਾ
- ਆਜ਼ਾਦੀ ਤੋਂ ਬਾਅਦ ਨੌਜਵਾਨਾਂ ਨੂੰ ਅਗਵਾਈ ਸੌਂਪੀ ਜਾਂਦੀ ਤਾਂ ਦੇਸ਼ ਦਾ ਨਕਸ਼ਾ ਵੱਖਰਾ ਹੁੰਦਾ
- ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਵਿੱਚ ਕੁਝ ਨਹੀਂ ਗੁਆਇਆ, ਉਹ ਅੱਜ ਦਾਅਵਾ ਕਰਦੇ ਹਨ ਕਿ ਭਾਰਤ 2014 ਵਿੱਚ ਆਜ਼ਾਦ ਹੋਇਆ
- ਆਪਣੇ ਆਗੂਆਂ ਦੇ ਨਾਮ ’ਤੇ ਸਟੇਡੀਅਮ ਬਣਾਏ ਪਰ ਸ਼ਹੀਦ ਭਗਤ ਸਿੰਘ ਲਈ ਕੁਝ ਨਹੀਂ ਕੀਤਾ
- ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਣ ਲਈ ਕੇਂਦਰ ਨਾਲ ਲੜਾਈ ਲੜੀ
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਸੁਪਨੇ ਦਾ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਿਰਫ਼ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਵਾਲੇ ਦ੍ਰਿੜ ਇਰਾਦਿਆਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਨੂੰ ‘ਭਾਰਤ ਰਤਨ’ ਨਾ ਦਿੱਤੇ ਜਾਣ ’ਤੇ ਸਵਾਲ ਉਠਾਏ ਅਤੇ ਕਿਹਾ ਕਿ ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਆਜ਼ਾਦੀ ਤੋਂ ਬਾਅਦ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਭਾਰਤ ਦਾ ਚਿਹਰਾ-ਮੋਹਰਾ ਪੂਰੀ ਤਰ੍ਹਾਂ ਵੱਖਰਾ ਹੁੰਦਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਵਿੱਚ ਕੁਝ ਨਹੀਂ ਗੁਆਇਆ, ਉਹ ਅੱਜ ਦਾਅਵਾ ਕਰ ਰਹੇ ਹਨ ਕਿ ਭਾਰਤ 2014 ਵਿੱਚ ਆਜ਼ਾਦ ਹੋਇਆ। ਇਹ ਸਾਡੇ ਸ਼ਹੀਦਾਂ ਦਾ ਘੋਰ ਅਪਮਾਨ ਹੈ। ਇਨ੍ਹਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸਟੇਡੀਅਮ ਬਣਾਏ ਪਰ ਸ਼ਹੀਦ ਭਗਤ ਸਿੰਘ ਲਈ ਕੁਝ ਨਹੀਂ ਕੀਤਾ।”
ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਕੇਂਦਰ ਸਰਕਾਰ ਨਾਲ ਵੱਡੀ ਲੜਾਈ ਲੜੀ ਗਈ ਅਤੇ ਅੰਤ ਵਿੱਚ ਸਫਲਤਾ ਮਿਲੀ। ਹਲਵਾਰਾ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ (ਜਿਨ੍ਹਾਂ ਨੂੰ ਭਗਤ ਸਿੰਘ ਆਪਣਾ ਗੁਰੂ ਮੰਨਦੇ ਸਨ) ਦੇ ਨਾਮ ’ਤੇ ਰੱਖਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪੀ ਜਾਂਦੀ ਤਾਂ ਅੱਜ ਭਾਰਤ ਦੁਨੀਆ ਵਿੱਚ ਮੋਹਰੀ ਮੁਲਕ ਹੁੰਦਾ। ਉਨ੍ਹਾਂ ਨੇ ਵੰਡ ਦੌਰਾਨ ਲੱਖਾਂ ਲੋਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸੱਤਾਧਾਰੀਆਂ ਨੇ ਇਸ ਦਰਦ ਨੂੰ ਨਹੀਂ ਸਮਝਿਆ ਕਿਉਂਕਿ ਉਨ੍ਹਾਂ ਨੂੰ ਤਿਆਰ-ਬਰ-ਤਿਆਰ ਮੁਲਕ ਮਿਲ ਗਿਆ ਸੀ।
watch…ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਵਾਪਸ ਆਉਣ ਦੀ ਉਡੀਕ ਕਰਨ ਦੀ ਬਜਾਏ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲੀਏ। ਅੱਜ ਵੋਟ ਦੀ ਤਾਕਤ ਸਭ ਤੋਂ ਵੱਡੀ ਹੈ ਅਤੇ ਸਹੀ ਆਗੂਆਂ ਦੀ ਚੋਣ ਕਰਕੇ ਅਸੀਂ ਅਸਲ ਤਬਦੀਲੀ ਲਿਆ ਸਕਦੇ ਹਾਂ।
ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪ੍ਰੋਜੈਕਟ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹੈ। ਇਸ ਵਿੱਚ ਵਿਰਾਸਤੀ ਪ੍ਰਵੇਸ਼ ਦੁਆਰ, ਗਲਿਆਰੇ, ਕੰਧ ਚਿੱਤਰਕਾਰੀ, 3-ਡੀ ਮੈਪਿੰਗ ਸ਼ੋਅ, ਸੰਗੀਤਕ ਫੁਹਾਰਾ, ਬੱਚਿਆਂ ਲਈ ਖੇਡ ਮੈਦਾਨ, ਸੋਲਰ ਪਾਵਰ ਪਲਾਂਟ ਅਤੇ ਆਰਓ ਪਲਾਂਟ ਸ਼ਾਮਲ ਹੋਣਗੇ।
ਮੁੱਖ ਮੰਤਰੀ ਨੇ ਸ਼ਹੀਦਾਂ ਦੀ ਯਾਦ ਨੂੰ ਰਸਮੀ ਨਹੀਂ ਸਗੋਂ ਜੀਵੰਤ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾ ਕੇ ਹੀ ਅਸੀਂ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਭਾਰਤ ਬਣਾ ਸਕਦੇ ਹਾਂ।




