Homeਪੰਜਾਬੀਧਰਮ‘ਸ਼ੁਕਰਾਨਾ ਯਾਤਰਾ’ ਦੌਰਾਨ ਲੱਖਾਂ ਸੰਗਤਾਂ ਨੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ...

‘ਸ਼ੁਕਰਾਨਾ ਯਾਤਰਾ’ ਦੌਰਾਨ ਲੱਖਾਂ ਸੰਗਤਾਂ ਨੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਕੀਤਾ ਸ਼ੁਕਰਾਨਾ

- Advertisement -spot_img

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨਾਲ ਹੁਣ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰੇਗਾ: ਮੁੱਖ ਮੰਤਰੀ

ਸੰਗਰੂਰ/ਪਟਿਆਲਾ/ਸ੍ਰੀ ਫਤਹਿਗੜ੍ਹ ਸਾਹਿਬ, 9 ਮਈ

ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਸੂਬੇ ਦੀ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਕਾਇਮ ਰੱਖਣ ਦੇ ਆਪਣੇ ਪੱਕੇ ਇਰਾਦੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੌਰਾਨ ਲੋਕਾਂ ਵੱਲੋਂ ਮਿਲੇ ਪਿਆਰ, ਸਨੇਹ ਅਤੇ ਸਮਰਥਨ ਲਈ ਪੰਜਾਬ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਇਹ ਯਾਤਰਾ ਅੱਜ ਪਵਿੱਤਰ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਈ।

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਧਰਤੀ ਪੰਜਾਬੀਆਂ ਨੂੰ ਜ਼ੁਲਮ ਦੇ ਖ਼ਿਲਾਫ਼ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਅਤੇ ਦਰਮਿਆਨ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਮਸਤੂਆਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਸਮੇਤ ਕਈ ਪਵਿੱਤਰ ਅਸਥਾਨਾਂ ’ਤੇ ਨਤਮਸਤਕ ਹੋਣ ਤੋਂ ਬਾਅਦ ਅੱਜ ਸਮਾਪਤ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਯਾਤਰਾ ਦੌਰਾਨ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਵਿਸ਼ਵਾਸ ਨੇ ਸਰਕਾਰ ਨੂੰ ਹੋਰ ਵੀ ਵੱਧ ਨਿਮਰਤਾ ਅਤੇ ਲੋਕਾਂ ਦੀ ਸੇਵਾ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਲਾਗੂ ਹੋਣ ਨਾਲ ਬੇਹੱਦ ਖੁਸ਼ ਹਨ, ਕਿਉਂਕਿ ਇਸ ਕਾਨੂੰਨ ਵਿੱਚ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਮਾਨ ਨੇ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਇਸ ਕਾਨੂੰਨ ਬਾਰੇ ਜਾਗਰੂਕ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਕਿਸੇ ਵੀ ਬੇਅਦਬੀ ਦੇ ਦੋਸ਼ੀ ਨਾਲ ਕਰੜੇ ਹੱਥੀਂ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਦੀ ਇੱਛਾ ਨਹੀਂ ਦਿਖਾਈ, ਜਿਸ ਕਾਰਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰਦੀਆਂ ਰਹੀਆਂ।

ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਵਿਰੋਧ ਵਿੱਚ ਇਕੱਠੇ ਹੋਏ ਨਿਰਦੋਸ਼ ਲੋਕਾਂ ’ਤੇ ਗੋਲੀਆਂ ਚਲਵਾਈਆਂ ਗਈਆਂ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਿਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਦੇ ਹੱਥ ਹਜ਼ਾਰਾਂ ਨੌਜਵਾਨਾਂ ਦੀ ਬਰਬਾਦੀ ਨਾਲ ਰੰਗੇ ਹੋਏ ਹਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਲਈ ਰਚੀ ਗਈ ਸਾਜ਼ਿਸ਼ ਦਾ ਹਿੱਸਾ ਸਨ। ਉਨ੍ਹਾਂ ਦੱਸਿਆ ਕਿ ਨਵਾਂ ਕਾਨੂੰਨ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਹਮੇਸ਼ਾਂ ਲਈ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਦੁਨੀਆ ਭਰ ਦੀਆਂ ਸੰਗਤਾਂ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ ਅਤੇ ਸਰਕਾਰ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸ਼ੁਕਰਾਨਾ ਯਾਤਰਾ’ ਦਾ ਮਕਸਦ ਸਿਰਫ਼ ਵਾਹਿਗੁਰੂ ਦਾ ਧੰਨਵਾਦ ਕਰਨਾ ਸੀ, ਜਿਸ ਦੀ ਕਿਰਪਾ ਨਾਲ ਸਰਕਾਰ ਨੂੰ ਇਹ ਇਤਿਹਾਸਕ ਕਾਨੂੰਨ ਲਿਆਉਣ ਦੀ ਤਾਕਤ ਮਿਲੀ।

ਕਾਨੂੰਨ ਦੇ ਵਿਰੋਧ ਕਰਨ ਵਾਲਿਆਂ ’ਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਝ ਲੋਕ ਇਸ ਲਈ ਡਰੇ ਹੋਏ ਹਨ ਕਿਉਂਕਿ ਉਨ੍ਹਾਂ ਦੀ ਸ਼ਮੂਲੀਅਤ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਾਹਮਣੇ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਵਾਪਸ ਲੈਣ ਦਾ ਕੋਈ ਸਵਾਲ ਹੀ ਨਹੀਂ ਬਣਦਾ, ਕਿਉਂਕਿ ਇਹ ਸੰਤ ਸਮਾਜ, ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ।

ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਚੰਡੀਗੜ੍ਹ, ਐਸ.ਵਾਈ.ਐਲ., ਬੀਬੀਐਮਬੀ, ਪੰਜਾਬ ਯੂਨੀਵਰਸਿਟੀ, ਆਰ.ਡੀ.ਐਫ. ਫੰਡ ਅਤੇ ਹੋਰ ਕਈ ਮੁੱਦਿਆਂ ’ਤੇ ਲਗਾਤਾਰ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਨ ਵਿੱਚ ਆਪਣਾ ਯੋਗਦਾਨ ਲਗਾਤਾਰ ਪਾ ਰਹੇ ਹਨ।

watch……ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਉਮਰ ਕੈਦ! ਮਾਨ ਸਰਕਾਰ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਰਾਜਾ ਪੋਰਸ ਨੇ ਸਿਕੰਦਰ ਨੂੰ ਰੋਕਿਆ ਸੀ, ਉਸੇ ਤਰ੍ਹਾਂ ਪੰਜਾਬ ਵੀ ਭਾਜਪਾ ਦੀ ਨਫ਼ਰਤ ਅਤੇ ਜ਼ਬਰ ਦੀ ਰਾਜਨੀਤੀ ਨੂੰ ਰੋਕਣ ਦਾ ਕੰਮ ਕਰੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਵਿੱਚ ਫਿਰਕੂ ਤਣਾਅ ਪੈਦਾ ਕਰਨ ਦੀ ਹਰ ਕੋਸ਼ਿਸ਼ ਨਾਕਾਮ ਰਹੇਗੀ, ਕਿਉਂਕਿ ਪੰਜਾਬ ਦੀ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ।

ਭਾਜਪਾ ’ਤੇ ਤੰਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਆਈ.ਐਸ.ਆਈ. ਵਾਂਗ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਫਿਰਕੂ ਹਿੰਸਾ ਅਤੇ ਦੰਗੇ ਭੜਕਾਉਣ ਦੀ ਰਾਜਨੀਤੀ ਕਰਨ ਵਾਲੀ ਭਾਜਪਾ ਦੀ ਇਹ ਚਾਲ ਪੰਜਾਬ ਵਿੱਚ ਕਦੇ ਕਾਮਯਾਬ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਦੁੱਖਾਂ ਅਤੇ ਕੁਰਬਾਨੀਆਂ ਦਾ ਸਾਹਮਣਾ ਕਰ ਚੁੱਕਾ ਹੈ ਅਤੇ ਪੰਜਾਬ ਦੇ ਲੋਕ ਹੁਣ ਕਿਸੇ ਵੀ ਫੁੱਟ ਪਾਉਣ ਵਾਲੀ ਸਿਆਸਤ ਨੂੰ ਸਵੀਕਾਰ ਨਹੀਂ ਕਰਨਗੇ।

ਮੁੱਖ ਮੰਤਰੀ ਨੇ ‘ਐਕਸ’ ’ਤੇ ਲਿਖਿਆ ਕਿ ‘ਸ਼ੁਕਰਾਨਾ ਯਾਤਰਾ’ ਦੌਰਾਨ ਵੱਖ-ਵੱਖ ਪਵਿੱਤਰ ਅਸਥਾਨਾਂ ’ਤੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਧੰਨਵਾਦ ਕੀਤਾ ਗਿਆ, ਜਿਸ ਨੇ ਸਰਕਾਰ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਤਾਕਤ ਬਖ਼ਸ਼ੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਹੁਣ ਰਾਜਪਾਲ ਦੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਇਹ ਪੂਰੀ ਤਰ੍ਹਾਂ ਲਾਗੂ ਹੈ।

ਚਾਰ ਦਿਨਾਂ ਦੀ ਇਸ ਯਾਤਰਾ ਦੌਰਾਨ ਮੁੱਖ ਮੰਤਰੀ ਨੂੰ ਪੰਜਾਬ ਭਰ ਵਿੱਚ ਵੱਡਾ ਜਨ ਸਮਰਥਨ ਮਿਲਿਆ। ਹਜ਼ਾਰਾਂ ਲੋਕ ਸੜਕਾਂ ’ਤੇ ਇਕੱਠੇ ਹੋਏ, ਫੁੱਲਾਂ ਦੀ ਵਰਖਾ ਕੀਤੀ, ਸਿਰੋਪੇ ਭੇਟ ਕੀਤੇ ਅਤੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਯਾਤਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਰੋਪੜ, ਬਲਾਚੌਰ, ਫਗਵਾੜਾ, ਜਲੰਧਰ, ਅੰਮ੍ਰਿਤਸਰ, ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ ਅਤੇ ਅੰਤ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਪਹੁੰਚੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here