ਪਟਿਆਲਾ, 21 ਅਗਸਤ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੀ.ਐਚ.ਸੀ. ਤ੍ਰਿਪੜੀ ਵਿਖੇ ਬਹੁ-ਵਿਸ਼ੇਸ਼ਤਾ ਵਾਲੇ ਮੈਗਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਮਿਆਰੀ, ਮੁਫ਼ਤ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਖਾਸ ਕਰਕੇ ਉਨ੍ਹਾਂ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਜੋ ਆਮ ਤੌਰ ’ਤੇ ਇਨ੍ਹਾਂ ਸਹੂਲਤਾਂ ਤੱਕ ਆਸਾਨੀ ਨਾਲ ਨਹੀਂ ਪਹੁੰਚ ਸਕਦੇ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੈਂਪ ਵਿੱਚ ਲੋਕਾਂ ਨੂੰ ਮਾਹਿਰ ਡਾਕਟਰੀ ਸਲਾਹ, ਸਿਹਤ ਜਾਂਚ ਅਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਦੀਆਂ ਸਹੂਲਤਾਂ ਇੱਕੋ ਛੱਤ ਹੇਠ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕੈਂਪ ਦਾ ਮਕਸਦ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਨਾ ਨਹੀਂ, ਬਲਕਿ ਬਿਮਾਰੀਆਂ ਦੀ ਰੋਕਥਾਮ, ਨਿਯਮਿਤ ਜਾਂਚ ਅਤੇ ਸ਼ੁਰੂਆਤੀ ਪੜਾਅ ’ਤੇ ਇਲਾਜ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਸਮੇਤ ਕਈ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਨਾਲ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।
ਇਸ ਮੌਕੇ ਸਿਹਤ ਮੰਤਰੀ ਵੱਲੋਂ ਸੀ.ਐਚ.ਸੀ. ਤ੍ਰਿਪੜੀ ਵਿਖੇ ਨਵੀਂ ਅਲਟ੍ਰਾਸਾਊਂਡ ਮਸ਼ੀਨ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਧੁਨਿਕ ਮੈਡੀਕਲ ਸਹੂਲਤਾਂ ਉਪਲਬਧ ਕਰਵਾਉਣ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਮਿਲ ਸਕਣਗੀਆਂ ਅਤੇ ਉਨ੍ਹਾਂ ਨੂੰ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ।
watch….ਹੱਕੀ ਮੰਗਾਂ ਲਈ ਮੁਲਾਜ਼ਮਾਂ ਦਾ ਸੰਘਰਸ਼ ਤੇਜ਼, 27 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਨਾਲ ਸਬੰਧਤ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਲੋੜ ਪੈਣ ’ਤੇ ਸਮੇਂ ਸਿਰ ਡਾਕਟਰੀ ਸਲਾਹ ਅਤੇ ਜਾਂਚ ਕਰਵਾਈ ਜਾਵੇ। ਉਨ੍ਹਾਂ ਸਿਹਤਮੰਦ ਜੀਵਨ ਲਈ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਸਿਹਤਮੰਦ ਜੀਵਨ-ਸ਼ੈਲੀ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਡਾ. ਪਰਨੀਤ ਕੌਰ, ਡਾ. ਬਲਕਾਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਮੈਡੀਕਲ ਕਾਲਜ ਤੋਂ ਪਹੁੰਚੇ ਮਾਹਿਰ ਡਾਕਟਰ, ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।





