Onnline TV

ਪੰਜਾਬ ਪੰਜਾਬੀ

ਸਿੱਖਿਆ ਵਿੱਚ ਨੰਬਰ-1 ਪੰਜਾਬ, ਹੁਣ ਏ.ਆਈ. ਨਾਲ ਹੋਵੇਗਾ ਹੋਰ ਮਜ਼ਬੂਤ

‘ਬ੍ਰਾਈਟ ਮਾਈਂਡਜ਼ ਪੰਜਾਬ 2026’ ਦਾ ਰੂਪਨਗਰ ਤੋਂ ਸ਼ਾਨਦਾਰ ਆਗਾਜ਼; 12ਵੀਂ ਵਿੱਚ 85 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ

ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਨੂੰ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਵਿੱਚ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਪ੍ਰੋਗਰਾਮ ਦੌਰਾਨ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਉਹਨਾਂ ਵਿਦਿਆਰਥੀਆਂ ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ 85 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ।

ਸਿੱਖਿਆ ਮੰਤਰੀ ਬੈਂਸ ਨੇ ਐਲਾਨ ਕੀਤਾ ਕਿ ਨਵੇਂ ਅਕਾਦਮਿਕ ਸੈਸ਼ਨ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਵਿਸ਼ਵ ਪੱਧਰੀ ਮੁਕਾਬਲੇ ਲਈ ਤਿਆਰ ਕਰਨ ਵਾਸਤੇ ਉਨ੍ਹਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਏ.ਆਈ. ਭਵਿੱਖ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਇਸ ਤਕਨੀਕੀ ਕ੍ਰਾਂਤੀ ਦਾ ਹਿੱਸਾ ਬਣਨਾ ਚਾਹੀਦਾ ਹੈ।

watch….Historic Moment: Rural Students Beat Urban in Punjab Class 10th Exams; Jaito’s Harleen Bags Top Spot

ਬੈਂਸ ਨੇ ਦੱਸਿਆ ਕਿ ਨੀਤੀ ਆਯੋਗ ਦੀ ਤਾਜ਼ਾ ਰੈਂਕਿੰਗ ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਆਧਾਰਿਤ ਸੁਧਾਰ ਇਸ ਮੋਹਰੀ ਦਰਜੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਣਗੇ।

ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਹੁਣ ਵਿਦਿਆਰਥੀਆਂ ਲਈ ਔਨਲਾਈਨ ਉਪਲਬਧ ਹੋਣਗੀਆਂ, ਜਿਸ ਨਾਲ ਸਿੱਖਿਆ ਪ੍ਰਣਾਲੀ ਵਿੱਚ ਭਰੋਸਾ ਅਤੇ ਨਿਰਪੱਖਤਾ ਹੋਰ ਵਧੇਗੀ।

ਉਨ੍ਹਾਂ ਕਿਹਾ ਕਿ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਤਹਿਤ ਵਿਦਿਆਰਥੀਆਂ ਨੂੰ ਸਿੱਖਿਆ ਨੀਤੀਆਂ ਅਤੇ ਸੁਧਾਰਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲੇਗਾ। ਇਹ ਪ੍ਰੋਗਰਾਮ ਹੁਣ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕਰਵਾਇਆ ਜਾਵੇਗਾ ਤਾਂ ਜੋ ਅਕਾਦਮਿਕ ਉਤਕ੍ਰਿਸ਼ਟਤਾ ਅਤੇ ਨਵੀਨਤਾ ਨੂੰ ਹੋਰ ਉਤਸ਼ਾਹ ਮਿਲ ਸਕੇ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹੀ ਚਰਚਾ ਕਰਦਿਆਂ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਦੇ ਸੁਝਾਅ ਸੁਣੇ। ਉਨ੍ਹਾਂ ਕਿਹਾ ਕਿ ਹਰ ਬੱਚੇ ਤੱਕ ਗੁਣਵੱਤਾ ਭਰਪੂਰ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣਾ ਦੇਸ਼ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਅਧਿਆਪਕਾਂ ਅਤੇ ਸਰਕਾਰ ਨੂੰ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।

ਸਿਸੋਦੀਆ ਨੇ ਕਿਹਾ ਕਿ ਸਫ਼ਲਤਾ ਸਿਰਫ਼ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਵੀਂ ਸੋਚ ਨਾਲ ਹੀ ਸੰਭਵ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

LEAVE A RESPONSE

Your email address will not be published. Required fields are marked *