Homeਪੰਜਾਬੀਪੰਜਾਬਸੀਐਮ ਮਾਨ ਦਾ ਵਿਰੋਧੀਆਂ 'ਤੇ ਤਿੱਖਾ ਹਮਲਾ, ਕਿਹਾ ਫ਼ਰਜ਼ੀ ਵੀਡੀਓ ਨਾਲ ਨਹੀਂ...

ਸੀਐਮ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ, ਕਿਹਾ ਫ਼ਰਜ਼ੀ ਵੀਡੀਓ ਨਾਲ ਨਹੀਂ ਰੁਕੇਗਾ ਵਿਕਾਸ

- Advertisement -spot_img

ਬਰਨਾਲਾ, 26 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਤਿੰਨੋਂ ਰਵਾਇਤੀ ਪਾਰਟੀਆਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਭਰਪੂਰ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਸਕਦੀਆਂ। ਇਸ ਲਈ ਉਹ ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਇਕੋ-ਇਕ ਮਕਸਦ ਉਨ੍ਹਾਂ ਨੂੰ ਸਿਆਸੀ ਅਤੇ ਧਾਰਮਿਕ ਤੌਰ ‘ਤੇ ਬਦਨਾਮ ਕਰਨਾ ਹੈ, ਪਰ ਅਜਿਹੀਆਂ ਸਾਜ਼ਿਸ਼ਾਂ ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਕਿਹਾ ਕਿ ਅੰਤਿਮ ਫ਼ੈਸਲਾ ਹਮੇਸ਼ਾ ਲੋਕ ਹੀ ਕਰਦੇ ਹਨ ਅਤੇ ਉਹ ਲੋਕਾਂ ਦੀ ਅਦਾਲਤ ਵਿੱਚ ਪੂਰਾ ਭਰੋਸਾ ਰੱਖਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕ-ਭਲਾਈ ਦੇ ਕੰਮਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਐਲਾਨ ਕੀਤਾ ਕਿ 1 ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਹੋ ਜਾਵੇਗੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਆਮ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਸਿੱਧੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਸੂਬੇ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਨੂੰ ਮਿਲੇਗਾ ਅਤੇ ਇਸ ਲਈ ਸਰਕਾਰ ਨੇ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਦੇ ਸਤਿਕਾਰ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਪਰਿਵਾਰਾਂ ਵਿੱਚ ਮਹਿਲਾਵਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਸਮਾਜਿਕ ਤੇ ਆਰਥਿਕ ਫ਼ੈਸਲਿਆਂ ਵਿੱਚ ਹੋਰ ਸਰਗਰਮ ਭਾਗੀਦਾਰੀ ਨਿਭਾ ਸਕਣਗੀਆਂ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਦੇਸ਼ ਦਾ ਪਹਿਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਨਾਲ ਬਿਜਲੀ ਹਾਦਸਿਆਂ ਵਿੱਚ ਕਮੀ ਆਵੇਗੀ, ਕਿਸਾਨਾਂ ਨੂੰ ਰਾਹਤ ਮਿਲੇਗੀ ਅਤੇ ਪਿੰਡਾਂ ਦੀ ਦਿੱਖ ਵੀ ਸੁਧਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਦੀ ਸੁਰੱਖਿਆ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਸਿੰਚਾਈ ਲਈ 14,000 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਅਤੇ ਖਾਲਿਆਂ ਦਾ ਜਾਲ ਵਿਛਾਇਆ ਗਿਆ ਹੈ। ਇਸ ਨਾਲ ਹਜ਼ਾਰਾਂ ਕਿਸਾਨਾਂ ਨੂੰ ਲਾਭ ਮਿਲਿਆ ਹੈ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਆਇਆ ਹੈ।

watch….ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ

ਵਿਰੋਧੀ ਧਿਰ ‘ਤੇ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਸਿਆਸੀ ਤੌਰ ‘ਤੇ ਉਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਦੇ ਤਾਂ ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਮਨਘੜਤ ਪ੍ਰਚਾਰ ਦਾ ਸਹਾਰਾ ਲੈਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਾਇਰਲ ਹੋ ਰਹੀਆਂ ਵੀਡੀਓਜ਼ ਪੂਰੀ ਤਰ੍ਹਾਂ ਝੂਠੀਆਂ ਅਤੇ ਮਨਘੜਤ ਹਨ ਅਤੇ ਲੋਕਾਂ ਨੂੰ ਅਜਿਹੇ ਪ੍ਰਚਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਉਹ ਸੱਚ ਤੇ ਝੂਠ ਦਾ ਫ਼ਰਕ ਜਾਣਦੇ ਹਨ। “ਮੈਂ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀ ਸੇਵਾ ਕਰਦਾ ਰਹਾਂਗਾ। ਮੇਰਾ ਧਿਆਨ ਬਿਜਲੀ, ਪਾਣੀ, ਸੜਕਾਂ, ਸਿਹਤ, ਸਿੱਖਿਆ, ਰੋਜ਼ਗਾਰ ਅਤੇ ਕਿਸਾਨਾਂ ਦੀ ਭਲਾਈ ‘ਤੇ ਹੈ। ਕੋਈ ਵੀ ਸਾਜ਼ਿਸ਼ ਮੈਨੂੰ ਇਸ ਰਾਹ ਤੋਂ ਨਹੀਂ ਹਟਾ ਸਕਦੀ,” ਮੁੱਖ ਮੰਤਰੀ ਨੇ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰਕੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।

ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here