ਸੁਨਾਮ/ਲੌਂਗੋਵਾਲ, 11 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸਬੀਨਾ ਅਰੋੜਾ ਵੀ ਮੌਜੂਦ ਸਨ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।
watch…..Hat-Trick of Titles for MP Meet Hayer at National Parliamentarians’ Badminton Championship
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸੁਨਾਮ ਹਲਕੇ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ, ਜਿਨ੍ਹਾਂ ਨੇ NEET ਅਤੇ JEE ਵਰਗੀਆਂ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕੀਤੀ ਹੈ।
ਸ੍ਰੀ ਅਰੋੜਾ ਨੇ ਦੱਸਿਆ ਕਿ ਹਲਕੇ ਦੇ 13 ਵਿਦਿਆਰਥੀਆਂ ਨੇ NEET/JEE ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ਵਿੱਚ 8 ਵਿਦਿਆਰਥਣਾਂ ਸ਼ਾਮਲ ਹਨ। ਇਸ ਤੋਂ ਇਲਾਵਾ ਆਪਣੀਆਂ ਜਮਾਤਾਂ ਵਿੱਚ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰ ਰਹੀਆਂ ਹਨ। ਮੈਡੀਕਲ, ਨਾਨ-ਮੈਡੀਕਲ, ਡਿਫੈਂਸ ਅਤੇ ਸਿਵਲ ਸਰਵਿਸਿਜ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੜਕੀਆਂ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਪੂਰੇ ਸਮਾਜ ਲਈ ਮਾਣ ਵਾਲੀ ਗੱਲ ਹਨ ਅਤੇ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।
ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਮਨਮਾਨੀ ਫੀਸ ਵਸੂਲੀ ਤੋਂ ਰਾਹਤ ਦੇਣ ਲਈ ਕਾਨੂੰਨੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕਦਾ। ਜੇਕਰ ਕੋਈ ਸਕੂਲ ਨਿਰਧਾਰਤ ਸੀਮਾ ਤੋਂ ਵੱਧ ਫੀਸ ਵਸੂਲਦਾ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਵਾਧੂ ਵਸੂਲੀ ਵਾਪਸ ਕਰਵਾਉਣ ਲਈ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿੱਖਿਆ ਦੇ ਵਪਾਰੀਕਰਨ ਨੂੰ ਰੋਕਣਾ ਅਤੇ ਮਾਪਿਆਂ ’ਤੇ ਬੇਲੋੜਾ ਵਿੱਤੀ ਬੋਝ ਪੈਣ ਤੋਂ ਬਚਾਉਣਾ ਹੈ।
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ/ਸੁਰੱਖਿਅਤ ਕਰਨ ਲਈ ਚੁੱਕੇ ਕਦਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 28,000 ਤੋਂ ਵੱਧ ਕੱਚੇ/ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਲਿਆ ਗਿਆ ਫੈਸਲਾ ਸਰਕਾਰ ਦੀ ਮੁਲਾਜ਼ਮ ਪੱਖੀ ਨੀਤੀ ਨੂੰ ਦਰਸਾਉਂਦਾ ਹੈ।
ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ, “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਰਥਿਕ ਕਾਰਨਾਂ ਕਰਕੇ ਸਿੱਖਿਆ ਤੋਂ ਵਾਂਝਾ ਨਾ ਰਹੇ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਦੇ ਨਾਲ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਉਤਸ਼ਾਹਿਤ ਕਰਨਾ ਸਾਡੀ ਤਰਜੀਹ ਹੈ।”
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਜੋ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ। ਸਰਕਾਰ ਦਾ ਮੰਤਵ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਉਸ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਡੀ ਗਿਣਤੀ ਵਿੱਚ ਵਿਦਿਆਰਥੀ, ਮਾਪੇ ਅਤੇ ਨਗਰ ਵਾਸੀ ਹਾਜ਼ਰ ਸਨ।





