Homeਪੰਜਾਬੀਧਰਮਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦਾ ਸਤਿਕਾਰ, ਸਾਰੇ ਮੰਤਰੀ ਤੇ ਵਿਧਾਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦਾ ਸਤਿਕਾਰ, ਸਾਰੇ ਮੰਤਰੀ ਤੇ ਵਿਧਾਇਕ ਸੋਮਵਾਰ ਨੂੰ ਹੋਣਗੇ ਪੇਸ਼: ਸੀਐਮ ਮਾਨ

- Advertisement -spot_img

ਅੰਮ੍ਰਿਤਸਰ, 28 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਹਰ ਹੁਕਮ ਦਾ ਪੂਰੀ ਸ਼ਰਧਾ ਤੇ ਨਿਮਰਤਾ ਨਾਲ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੋਮਵਾਰ ਨੂੰ ਪੇਸ਼ ਹੋ ਕੇ ਸਰਕਾਰ ਦਾ ਪੱਖ ਸਪੱਸ਼ਟ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਉਸ ਫ਼ਰਜ਼ੀ ਵੀਡੀਓ ਦੇ ਸਬੰਧ ਵਿੱਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੱਤੀ ਜਾਵੇਗੀ, ਜਿਸ ਵਿੱਚ ਇੱਕ ਵਿਅਕਤੀ ਨੇ ਉਨ੍ਹਾਂ ਦਾ ਮਾਸਕ ਪਹਿਨ ਕੇ ਉਨ੍ਹਾਂ ਦੀ ਨਕਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤਿਆਰ ਕੀਤਾ ਪੱਤਰ ਅਤੇ ਵੀਡੀਓ ਦੇ ਵੇਰਵੇ ਵੀ ਤਖ਼ਤ ਸਾਹਿਬ ਨੂੰ ਸੌਂਪੇ ਜਾਣਗੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਉਨ੍ਹਾਂ ਦੀ ਅਟੱਲ ਸ਼ਰਧਾ ਹੈ ਅਤੇ ਉਹ ਖ਼ੁਦ ਵੀ ਪਹਿਲਾਂ ਤਖ਼ਤ ਸਾਹਿਬ ਦੇ ਹੁਕਮ ’ਤੇ ਪੇਸ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦਾ ਹਰ ਆਦੇਸ਼ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਸਰਵਉੱਚ ਰਿਹਾ ਹੈ ਅਤੇ ਰਹੇਗਾ।

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗ ਦੇ ਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਅਤੇ ਰਾਜਨੀਤੀ ਨੂੰ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ ਅਤੇ ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ।

watch…..ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਲੋਕਾਂ ਦੇ ਵੱਡੇ ਸਮਰਥਨ ਤੋਂ ਘਬਰਾਕੇ ਬੇਬੁਨਿਆਦ ਦੋਸ਼ ਲਾ ਰਹੀਆਂ ਹਨ, ਜਦਕਿ ਸਰਕਾਰ ਰੋਜ਼ਗਾਰ, ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਵਿਕਾਸ ਵਰਗੇ ਮੁੱਦਿਆਂ ’ਤੇ ਕੰਮ ਕਰ ਰਹੀ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956’ ਨੂੰ ਰੱਦ ਕਰਨ ਦੇ ਫ਼ੈਸਲੇ ’ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੀ ਭਾਜਪਾ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਅਜਿਹੇ ਕਦਮਾਂ ਤੋਂ ਬਚਣਾ ਚਾਹੀਦਾ ਹੈ ਜੋ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿੱਖ ਪੰਥ ਵਿੱਚ ਸੰਗਤ ਸਰਵਉੱਚ ਹੈ ਅਤੇ ਸਰਕਾਰ ਹਰ ਫ਼ੈਸਲਾ ਲੋਕਾਂ ਦੀ ਭਾਵਨਾ ਅਤੇ ਸੱਚਾਈ ਦੇ ਆਧਾਰ ’ਤੇ ਲਵੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here