ਸੰਘੋਲ, 6 ਸਤੰਬਰ (ਔਜਲਾ)
ਇਲਾਕੇ ਵਿੱਚ ਲਗਾਤਾਰ ਵਾਪਰ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਪਿੰਡ ਗਗੜਵਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਸਵੇਰ ਦੀ ਸੈਰ ਲਈ ਨਿਕਲੇ ਪਤੀ-ਪਤਨੀ ਨਾਲ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ ਗਈ।
ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨਾਲ ਸਵੇਰੇ ਕਰੀਬ 5:30 ਵਜੇ ਘਰ ਦੇ ਨੇੜੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰ ਰਹੇ ਸਨ। ਇਸ ਦੌਰਾਨ ਪਿੰਡ ਮਹੇਸ਼ਪੁਰਾ ਵੱਲੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਪਿੱਛੋਂ ਆਏ। ਦੋਵਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਦੇ ਮੋਟਰਸਾਈਕਲ ’ਤੇ ਨੰਬਰ ਪਲੇਟ ਵੀ ਨਹੀਂ ਲੱਗੀ ਹੋਈ ਸੀ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਬਲਜਿੰਦਰ ਸਿੰਘ ਅਤੇ ਕੁਲਦੀਪ ਕੌਰ ਨਾਲ ਹੱਥੋਪਾਈ ਕੀਤੀ ਅਤੇ ਕੁਲਦੀਪ ਕੌਰ ਦੇ ਕੰਨਾਂ ਵਿੱਚੋਂ ਵਾਲੀਆਂ ਖੋਹਣ ਦੀ ਕੋਸ਼ਿਸ਼ ਕੀਤੀ। ਖਿੱਚ-ਧੂਹ ਦੌਰਾਨ ਜਦੋਂ ਵਾਲੀਆਂ ਨਹੀਂ ਨਿਕਲੀਆਂ ਤਾਂ ਦੋਵੇਂ ਨੌਜਵਾਨ ਮੌਕੇ ਤੋਂ ਭੱਜਣ ਵਿੱਚ ਸਫਲ ਹੋ ਗਏ।
watch…..ਸੰਘੋਲ ਇਲਾਕੇ ’ਚ ਚੋਰੀ ਦੀਆਂ ਦੋ ਵਾਰਦਾਤਾਂ, ਲੋਕਾਂ ’ਚ ਦਹਿਸ਼ਤ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਪਿੰਡ ਪਨੈਚਾਂ ਦੀ ਇੱਕ ਔਰਤ ਨਾਲ ਅਜਿਹੀ ਹੀ ਵਾਰਦਾਤ ਵਾਪਰੀ ਸੀ। ਦੱਸਿਆ ਗਿਆ ਸੀ ਕਿ ਉਹ ਇੱਕ ਹੋਰ ਔਰਤ ਨਾਲ ਸੈਰ ਕਰਕੇ ਘਰ ਵਾਪਸ ਆ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਉਸ ਦੇ ਕੰਨਾਂ ਵਿੱਚੋਂ ਵਾਲੀਆਂ ਖੋਹ ਕੇ ਫਰਾਰ ਹੋ ਗਏ ਸਨ।
ਇਲਾਕੇ ਵਿੱਚ ਲਗਾਤਾਰ ਵਾਪਰ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਸੈਰ ਲਈ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਉੱਧਰ, ਇਨ੍ਹਾਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।





