Homeਪੰਜਾਬੀਧਰਮ‘ਹਮਾਰੇ ਰਾਮ’ ਨਾਲ ਪੰਜਾਬ ’ਚ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ, 12 ਸ਼ਹਿਰਾਂ ’ਚ...

‘ਹਮਾਰੇ ਰਾਮ’ ਨਾਲ ਪੰਜਾਬ ’ਚ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ, 12 ਸ਼ਹਿਰਾਂ ’ਚ ਹੋਣਗੇ 41 ਮੁਫ਼ਤ ਸ਼ੋਅ

- Advertisement -spot_img

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਮੁਹਿੰਮ ਤਹਿਤ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਪਹਿਲਾ ਸ਼ੋਅ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਦਰਸ਼ਕਾਂ ਨਾਲ ਸ਼ਾਮਲ ਹੋ ਕੇ ਨਾਟਕ ਦਾ ਆਨੰਦ ਮਾਣਿਆ।

ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਰਾਵਣ ਦੀ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੌਰਾਨ ਸੂਬੇ ਦੇ 12 ਸ਼ਹਿਰਾਂ ਵਿੱਚ ‘ਹਮਾਰੇ ਰਾਮ’ ਦੇ 41 ਮੁਫ਼ਤ ਸ਼ੋਅ ਕਰਵਾਏ ਜਾਣਗੇ।

ਖਚਾਖਚ ਭਰੇ ਆਡੀਟੋਰੀਅਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਥੀਏਟਰ ਵਰਗੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਸੰਦੇਸ਼—ਸੱਚ, ਧਰਮ, ਦਇਆ, ਨੇਕੀ ਅਤੇ ਏਕਤਾ—ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਸ਼ੋਅ ਕਰਵਾਉਣ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਇਸ ਸੱਭਿਆਚਾਰਕ ਅਤੇ ਅਧਿਆਤਮਿਕ ਪੇਸ਼ਕਾਰੀ ਨਾਲ ਜੋੜਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਪਵਿੱਤਰ ਅਤੇ ਇਤਿਹਾਸਕ ਧਰਤੀ ਹੈ ਅਤੇ ਸਰਕਾਰ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਅੱਗੇ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਹਮਾਰੇ ਰਾਮ’ ਰਾਮਾਇਣ ਦੇ ਸਦੀਵੀ ਸੰਦੇਸ਼ ਨੂੰ ਵਿਲੱਖਣ ਨਾਟਕੀ ਅੰਦਾਜ਼ ਵਿੱਚ ਪੇਸ਼ ਕਰਦਾ ਹੈ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਮਦਦਗਾਰ ਹੈ।

ਉਨ੍ਹਾਂ ਦੱਸਿਆ ਕਿ ਇਹ ਸ਼ੋਅ ਮੋਹਾਲੀ, ਬਠਿੰਡਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਪਿਆਰ, ਆਪਸੀ ਸਤਿਕਾਰ ਅਤੇ ਸਮਾਜਿਕ ਸਦਭਾਵਨਾ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਭਗਵਾਨ ਸ੍ਰੀ ਰਾਮ ਦੇ ਆਦਰਸ਼ ਮਨੁੱਖਤਾ ਲਈ ਮਾਰਗਦਰਸ਼ਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

watch….ਹੁਣ ਪੀ.ਆਰ.ਟੀ.ਸੀ. ਬੱਸਾਂ ਵਿੱਚ UPI ਅਤੇ ਕਾਰਡ ਰਾਹੀਂ ਹੋਵੇਗੀ ਟਿਕਟ ਦੀ ਅਦਾਇਗੀ

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ‘ਇੱਕ ਸ਼ਾਮ ਸ਼ਿਵ ਕੇ ਨਾਮ’ ਪ੍ਰੋਗਰਾਮ ਕਰਵਾਇਆ ਗਿਆ ਸੀ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਵੀ ਉਲੀਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ‘ਹਮਾਰੇ ਰਾਮ’ ਦੀ ਪੂਰੀ ਟੀਮ ਵਿੱਚ ਸ਼ਾਮਲ ਕਰੀਬ 150 ਕਲਾਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸਾਰੇ ਧਰਮਾਂ ਦੇ ਲੋਕਾਂ ਦਾ ਇਸ ਸਮਾਗਮ ਵਿੱਚ ਇਕੱਠੇ ਸ਼ਾਮਲ ਹੋਣਾ ਏਕਤਾ ਅਤੇ ਸਦਭਾਵਨਾ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ

‘ਹਮਾਰੇ ਰਾਮ’ ਮਹਾਨ ਮਹਾਂਕਾਵਿ ਰਾਮਾਇਣ ‘ਤੇ ਆਧਾਰਿਤ ਇੱਕ ਵੱਡੇ ਪੱਧਰ ਦਾ ਨਾਟਕ ਹੈ, ਜੋ ਵਾਲਮੀਕਿ ਰਾਮਾਇਣ ਦੇ ਅਧਿਆਤਮਿਕ ਤੱਤਾਂ ਨਾਲ ਜੁੜੇ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਨੂੰ ਆਧੁਨਿਕ ਨਾਟਕੀ ਰੂਪ ਵਿੱਚ ਪੇਸ਼ ਕਰਦਾ ਹੈ।

ਗੌਰਵ ਭਾਰਦਵਾਜ ਵੱਲੋਂ ਨਿਰਦੇਸ਼ਿਤ ਅਤੇ ਫੈਲੀਸਿਟੀ ਥੀਏਟਰ ਵੱਲੋਂ ਤਿਆਰ ਕੀਤੇ ਇਸ ਨਾਟਕ ਵਿੱਚ ਆਸ਼ੂਤੋਸ਼ ਰਾਣਾ ਰਾਵਣ ਦੀ ਭੂਮਿਕਾ ਨਿਭਾ ਰਹੇ ਹਨ। ਸ਼ਾਨਦਾਰ ਸੈੱਟ, ਐਲਈਡੀ ਵਿਜ਼ੂਅਲਸ, ਮੂਲ ਸੰਗੀਤ, ਕੋਰੀਓਗ੍ਰਾਫੀ, ਰਵਾਇਤੀ ਪਹਿਰਾਵੇ ਅਤੇ ਵਿਸ਼ੇਸ਼ ਪ੍ਰਭਾਵਾਂ ਨੇ ਨਾਟਕ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ।

ਸਾਲ 2024 ਵਿੱਚ ਸ਼ੁਰੂ ਹੋਣ ਤੋਂ ਬਾਅਦ ‘ਹਮਾਰੇ ਰਾਮ’ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਸੈਂਕੜੇ ਸ਼ੋਅ ਹੋ ਚੁੱਕੇ ਹਨ। ਨਾਟਕ ਨੂੰ ਰਾਮਾਇਣ ਦੇ ਘੱਟ ਜਾਣੇ-ਪਛਾਣੇ ਪਹਿਲੂਆਂ ਅਤੇ ਸੱਚ, ਧਰਮ, ਦਇਆ ਤੇ ਨੇਕੀ ਦੀਆਂ ਸਦੀਵੀ ਕਦਰਾਂ-ਕੀਮਤਾਂ ਨੂੰ ਉਜਾਗਰ ਕਰਨ ਲਈ ਵਿਆਪਕ ਪ੍ਰਸ਼ੰਸਾ ਮਿਲੀ ਹੈ।

ਆਸ਼ੂਤੋਸ਼ ਰਾਣਾ ਦੀ ਅਦਾਕਾਰੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ

ਮੋਹਾਲੀ ਵਿੱਚ ਹੋਏ ਪਹਿਲੇ ਸ਼ੋਅ ਦੌਰਾਨ ਆਡੀਟੋਰੀਅਮ ਦਰਸ਼ਕਾਂ ਨਾਲ ਪੂਰੀ ਤਰ੍ਹਾਂ ਭਰਿਆ ਰਿਹਾ। ਸ਼ਾਨਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦ, ਰੂਹਾਨੀ ਸੰਗੀਤ ਅਤੇ ਵਿਸ਼ਵ ਪੱਧਰੀ ਸਟੇਜ ਕਲਾ ਨੇ ਦਰਸ਼ਕਾਂ ਨੂੰ ਪੂਰੇ ਨਾਟਕ ਦੌਰਾਨ ਜੋੜ ਕੇ ਰੱਖਿਆ।

ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦਾ ਨਿਭਾਇਆ ਗਿਆ ਕਿਰਦਾਰ ਖ਼ਾਸ ਖਿੱਚ ਦਾ ਕੇਂਦਰ ਰਿਹਾ ਅਤੇ ਉਨ੍ਹਾਂ ਦੀ ਦਮਦਾਰ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖੂਬ ਤਾਲੀਆਂ ਮਿਲੀਆਂ। ਸਮੁੱਚੀ ਪੇਸ਼ਕਾਰੀ ਨੇ ਮੋਹਾਲੀ ਵਿੱਚ ਹੋਈ ਇਸ ਸ਼ਾਮ ਨੂੰ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਯਾਦਗਾਰ ਜਸ਼ਨ ਬਣਾ ਦਿੱਤਾ।

ਇਸ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here