ਟਾਂਡਾ (ਹੁਸ਼ਿਆਰਪੁਰ), 1 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੇ ਹੁਣ ਤੱਕ ਦੀਆਂ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਸ ਸਮੱਸਿਆ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਿਆਣੀ ਦੇ ਰਾਹਤ ਕੈਂਪ ਵਿੱਚ ਰਹਿ ਰਹੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤ ਨੇ ਸੂਬੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਪਰ ਸਰਕਾਰ ਨੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਜੰਗੀ ਪੱਧਰ ‘ਤੇ ਕਾਰਜ ਸ਼ੁਰੂ ਕਰ ਦਿੱਤੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਵਿਆਪਕ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਹਨ। ਸਰਕਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਅਤੇ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਕੇ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਉਨ੍ਹਾਂ ਨੇ ਰਾੜਾ ਪੁਲ ਅਤੇ ਹੋਰ ਥਾਵਾਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਕੋਲ ਸੂਬੇ ਦੇ 60,000 ਕਰੋੜ ਰੁਪਏ ਦੇ ਰੁਕੇ ਫੰਡ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਹੜ੍ਹਾਂ ਨੇ 1,000 ਤੋਂ ਵੱਧ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਅਤੇ ਲੱਖਾਂ ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਨਾਲ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਹੜ੍ਹ ਆਏ। ਸਥਿਤੀ ਗੰਭੀਰ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਿਗੜ ਸਕਦੀ ਹੈ। ਲਗਭਗ 3 ਲੱਖ ਏਕੜ ਖੇਤੀ ਜ਼ਮੀਨ, ਖਾਸ ਕਰਕੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਵਿੱਚ ਡੁੱਬ ਗਏ, ਜਿਸ ਨਾਲ ਵਾਢੀ ਤੋਂ ਪਹਿਲਾਂ ਵੱਡਾ ਨੁਕਸਾਨ ਹੋਇਆ। ਪਸ਼ੂਆਂ ਦਾ ਵੀ ਕਾਫੀ ਨੁਕਸਾਨ ਹੋਇਆ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਡੇਅਰੀ ਅਤੇ ਪਸ਼ੂ ਪਾਲਣ ‘ਤੇ ਨਿਰਭਰ ਪਰਿਵਾਰ ਪ੍ਰਭਾਵਿਤ ਹੋਏ।
ਮੁੱਖ ਮੰਤਰੀ ਨੇ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜਾਂ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਜੁਟੇ ਹੋਏ ਹਨ। ਉਨ੍ਹਾਂ ਨੇ ਨਦੀਆਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਅਤੇ ਮੈਡੀਕਲ ਟੀਮਾਂ ਨੂੰ ਹਰ ਪਿੰਡ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਮੈਡੀਕਲ ਟੀਮਾਂ ਨੂੰ ਪਾਣੀ ਦੇ ਨਮੂਨੇ ਲੈਣ, ਘਰਾਂ ਅਤੇ ਪਿੰਡਾਂ ਵਿੱਚ ਸਪਰੇਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦਾ ਸਰਵੇਖਣ, ਮਲੇਰੀਆ ਅਤੇ ਡੇਂਗੂ ਦੀ ਜਾਂਚ, ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
watch……Punjab Flood Crisis: 14,936 Evacuated, 122 Camps Open
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ਵਿੱਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕਰ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦੋਂ ਤੱਕ ਜਲ ਸਪਲਾਈ ਸਕੀਮਾਂ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਜਾਂਦੀਆਂ। ਵਾਟਰ ਟੈਸਟਿੰਗ ਟੀਮਾਂ ਨੂੰ ਪਿੰਡਾਂ ਵਿੱਚ ਪਾਣੀ ਦੀ ਗੁਣਵੱਤਾ ਜਾਂਚਣ ਅਤੇ ਮਹਾਮਾਰੀ ਨੂੰ ਰੋਕਣ ਦੇ ਆਦੇਸ਼ ਹਨ। ਪ੍ਰਭਾਵਿਤ ਪਿੰਡਾਂ ਵਿੱਚ ਸੁੱਕੇ ਰਾਸ਼ਨ ਦੀਆਂ ਕਿੱਟਾਂ, ਖੰਡ, ਚੌਲ, ਆਟਾ, ਘਿਓ, ਅਤੇ ਦੁੱਧ ਪਾਊਡਰ ਮੁਹੱਈਆ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੰਪਿੰਗ ਦੇ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਰਾਹਤ ਅਤੇ ਮੈਡੀਕਲ ਕੈਂਪਾਂ ਰਾਹੀਂ ਲੋਕਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ। ਮੋਬਾਈਲ ਮੈਡੀਕਲ ਯੂਨਿਟ ਅਤੇ ਐਂਟੀ-ਲਾਰਵਾ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਲੇਰੀਆ, ਡੇਂਗੂ, ਦਸਤ, ਟਾਈਫਾਈਡ, ਅਤੇ ਚਮੜੀ ਦੀਆਂ ਸਮੱਸਿਆਵਾਂ ਨੂੰ ਰੋਕਿਆ ਜਾ ਸਕੇ। ਪਸ਼ੂਆਂ ਦੇ ਇਲਾਜ, ਟੀਕਾਕਰਨ, ਅਤੇ ਚਾਰੇ ਦੀ ਵਿਵਸਥਾ ਲਈ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਸੈਨੀਟਾਈਜ਼ੇਸ਼ਨ ਅਤੇ ਫੌਗਿੰਗ ਟੀਮਾਂ ਪਿੰਡਾਂ ਵਿੱਚ ਸਫਾਈ ਅਤੇ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਕੰਮ ਕਰ ਰਹੀਆਂ ਹਨ। ਸੈਨੇਟਰੀ ਅਤੇ ਮਨਰੇਗਾ ਵਰਕਰਾਂ ਨੂੰ ਪਿੰਡਾਂ ਦੀ ਸਫਾਈ ਦਾ ਜ਼ਿੰਮਾ ਸੌਂਪਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਨਾਲਿਆਂ ਵਿੱਚ ਬਲੀਚਿੰਗ ਪਾਊਡਰ ਦਾ ਛਿੜਕਾਅ ਕੀਤਾ ਜਾਵੇਗਾ ਤਾਂ ਜੋ ਬਦਬੂ ਅਤੇ ਬਿਮਾਰੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਥਿਤੀ ਨਾਲ ਪੂਰੀ ਸਮਰੱਥਾ ਨਾਲ ਨਜਿੱਠਿਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।


