ਪਟਿਆਲਾ, 21 ਅਗਸਤ
ਪੰਜਾਬ ਸਟੇਟ ਮਨਿਸਟਰਲ ਸਰਵਿਸ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਪੰਜਾਬ ਦੇ ਸੱਦੇ ’ਤੇ ਚੱਲ ਰਹੇ ਤਿੱਖੇ ਸੰਘਰਸ਼ ਦੇ ਤਹਿਤ 17 ਤੋਂ 21 ਅਗਸਤ 2026 ਤੱਕ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ, ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 15.01.2015 ਅਤੇ 17.07.2020 ਦੇ ਮੁਲਾਜ਼ਮ ਵਿਰੋਧੀ ਪੱਤਰਾਂ ਦੀ ਵਾਪਸੀ, ਬਕਾਇਆ ਡੀ.ਏ. ਦੀ ਅਦਾਇਗੀ ਅਤੇ ਏ.ਸੀ.ਪੀ. ਸਕੀਮ ਦੀ ਬਹਾਲੀ ਸ਼ਾਮਲ ਹੈ, ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਖਜ਼ਾਨਾ ਦਫ਼ਤਰ ਵਿਖੇ ਇਕੱਠੇ ਹੋਏ ਅਤੇ ਵੱਡੇ ਕਾਫਲੇ ਦੇ ਰੂਪ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਦੇ ਮੁੱਖ ਗੇਟ ਸਾਹਮਣੇ ਪਹੁੰਚ ਕੇ ਸਰਕਾਰ ਵੱਲੋਂ ਡੀ.ਏ. ’ਤੇ ਰੋਕ ਲਗਾਉਣ ਸਬੰਧੀ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਦਰਜ ਕਰਵਾਇਆ।
watch…..ਐਨਐਚਐਮ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, 24 ਅਗਸਤ ਤੱਕ ਹੜਤਾਲ
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਪਨੇਸਰ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਦੀ ਰਹੀ ਤਾਂ 2027 ਦੀਆਂ ਚੋਣਾਂ ਵਿੱਚ ਇਸਦਾ ਜਵਾਬ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਭੁਪਿੰਦਰ ਵਾਲੀਆ, ਸੰਦੀਪ ਗਰੇਵਾਲ, ਅਮਰਦੀਪ ਸਿੰਘ, ਰਾਜਵਿੰਦਰ ਸਿੰਘ, ਰਾਮ ਕ੍ਰਿਸ਼ਨ, ਦੀਪਕ ਕੁਮਾਰ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਵਿਸ਼ਵ ਸਾਗਰ, ਨਿਸ਼ਾਂਤ, ਦਰਸ਼ਨ ਸਿੰਘ, ਅੰਗਰੇਜ਼ ਸਿੰਘ, ਯਾਦਵਿੰਦਰ ਸਿੰਘ, ਜਗਮੇਲ ਸਿੰਘ, ਅਰੁਨ ਕੁਮਾਰ, ਦਲੀਪ ਕੁਮਾਰ, ਗੁਰਦੀਪ ਸਿੰਘ ਅਤੇ ਜਸਵਿੰਦਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਨਾ ਕਰਨ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ।
ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਵਿਰਕ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਜੱਦੀ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ‘ਮਹਾ-ਬੰਦ’ ਕੀਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਮਹਾ-ਬੰਦ ਦੌਰਾਨ ਦਰਜਾ ਚਾਰ ਕਰਮਚਾਰੀਆਂ ਤੋਂ ਲੈ ਕੇ ਉੱਚ ਅਧਿਕਾਰੀਆਂ ਅਤੇ ਪੈਨਸ਼ਨਰ ਜਥੇਬੰਦੀਆਂ ਤੱਕ ਸਾਰੇ ਵਰਗ ਇਕਜੁੱਟ ਹੋ ਕੇ ਕੰਮਕਾਜ ਦਾ ਬਾਈਕਾਟ ਕਰਨਗੇ। ਸਰਕਾਰੀ ਦਫ਼ਤਰਾਂ, ਸਰਕਾਰੀ ਵਾਹਨਾਂ ਅਤੇ ਸਮੁੱਚੀ ਸਰਕਾਰੀ ਮਸ਼ੀਨਰੀ ਦਾ ਕੰਮਕਾਜ ਪ੍ਰਭਾਵਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਜਾਂ ਨੁਕਸਾਨ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਲਵਜੀਤ ਸਿੰਘ, ਅਜੀਤਪਾਲ ਸਿੰਘ, ਨਿਰਮਲ ਸਿੰਘ, ਸੁਖਬੀਰ ਚਹਿਲ, ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਮੁਲਾਜ਼ਮ ਹਾਜ਼ਰ ਸਨ।





