ਚੰਡੀਗੜ੍ਹ, 25 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 1,100 ਅਧਿਆਪਕਾਂ ਨੂੰ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਭਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਸੂਬੇ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸਰਕਾਰ ਉਨ੍ਹਾਂ ਦੇ ਮਾਣ-ਸਤਿਕਾਰ, ਹੱਕਾਂ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਸਿੱਖਿਆ ਪ੍ਰਣਾਲੀ ਦੀ ਨੀਂਹ ਅਧਿਆਪਕਾਂ ਨੂੰ ਬਣਦਾ ਮਾਣ ਅਤੇ ਸਹੂਲਤਾਂ ਦੇਣ ਨਾਲ ਹੀ ਮਜ਼ਬੂਤ ਹੁੰਦੀ ਹੈ।
ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਲੰਬੇ ਸਮੇਂ ਤੱਕ ਅਣਦੇਖੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਕਰੀਬ ਦੋ ਦਹਾਕਿਆਂ ਤੋਂ ਘੱਟ ਤਨਖਾਹ ’ਤੇ ਵੀ ਪੂਰੀ ਲਗਨ ਅਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
watch…..‘ਇੱਕ ਸਾਲ ਦੇ ਸਫ਼ੇ’ ਪੁਸਤਕ ਵੀ ਲੋਕ ਅਰਪਣ, ਢਾਡੀ ਜਥਿਆਂ ਦਾ ਸਨਮਾਨ
ਮੁੱਖ ਮੰਤਰੀ ਨੇ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਵਾਧਾ ਕਰਕੇ ਲੰਬੇ ਸਮੇਂ ਤੋਂ ਚੱਲ ਰਹੀ ਇਸ ਅਸਮਾਨਤਾ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਹੈ।”
ਉਨ੍ਹਾਂ ਦੱਸਿਆ ਕਿ ਵਧੀ ਹੋਈ ਤਨਖਾਹ ਤੋਂ ਇਲਾਵਾ ਅਧਿਆਪਕਾਂ ਨੂੰ ਕੇਂਦਰੀ ਵਿਦਿਆਲਿਆ ਦੀ ਤਰਜ਼ ’ਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਆਦਰਸ਼ ਸਕੂਲਾਂ ਵਿੱਚ 15,000 ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ, “ਜਦੋਂ ਅਧਿਆਪਕ ਖੁਦ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਉਹ ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆ ਦੇ ਸਕਦੇ ਹਨ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।”
ਮੁਲਾਜ਼ਮਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਬਿਨਾਂ ਕਿਸੇ ਮੁਸ਼ਕਲ ਦੇ ਨਿਭਾਉਣ ਲਈ ਸੁਖਾਵਾਂ ਮਾਹੌਲ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰਿ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।





