14,000 ਕਿਲੋਮੀਟਰ ਪਾਈਪਲਾਈਨਾਂ ਤੋਂ ਬਾਅਦ ਹੁਣ ਹੋਰ 7,000 ਕਿਲੋਮੀਟਰ ਦਾ ਟੀਚਾ, ਕਿਸਾਨਾਂ ਲਈ ਵੱਡੀ ਸਹੂਲਤ
ਮੋਗਾ, 29 ਜੂਨ
ਪੰਜਾਬ ਦੇ ਹਰ ਖੇਤ ਤੱਕ ਪਹੁੰਚੇਗਾ ਨਹਿਰੀ ਪਾਣੀ, ਇਸ ਸਾਲ ਦੇ ਅੰਤ ਤੱਕ 7,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਦੇ ਭੱਲੂਰ ਵਿਖੇ ‘ਲੋਕ ਮਿਲਣੀ’ ਦੌਰਾਨ ਐਲਾਨ ਕੀਤਾ ਕਿ ਸੂਬਾ ਸਰਕਾਰ ਇਸ ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਪਹਿਲਾਂ ਹੀ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਦੂਰੀ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹੈ। ਇਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਲਈ ਵਾਟਰ ਰੀਚਾਰਜ ਪੁਆਇੰਟ ਵੀ ਬਣਾਏ ਜਾ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲਗਭਗ 80 ਫੀਸਦ ਖੇਤੀਯੋਗ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਦੀਆਂ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ।
ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਪਾਈਪਲਾਈਨਾਂ ਅਤੇ ਖਾਲਿਆਂ ਦਾ ਵੱਡਾ ਨੈੱਟਵਰਕ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਹੀਂ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਵੱਡੀ ਸਹੂਲਤ ਮਿਲੀ ਹੈ।
watch…..ਫਰਜ਼ੀ ਵੀਡੀਓ ਮਾਮਲੇ ‘ਤੇ ਆਪ ਦਾ ਸੂਬਾ ਪੱਧਰੀ ਪ੍ਰਦਰਸ਼ਨ, ਅਕਾਲੀ ਦਲ ‘ਤੇ ਤਿੱਖਾ ਹਮਲਾ
ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਨਦੀਆਂ ਵਿੱਚ ਬਣਾਏ ਗਏ ਰੀਚਾਰਜ ਪੁਆਇੰਟਾਂ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਤੱਕ ਸੁਧਾਰ ਹੋਇਆ ਹੈ।
ਮੁੱਖ ਮੰਤਰੀ ਨੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੀਆਂ ਸਰਕਾਰਾਂ ਦੇ ਸਮੇਂ ਨਹਿਰੀ ਪਾਣੀ ਦੀ ਸਹੂਲਤ ਸਿਰਫ਼ ਕੁਝ ਖੇਤਰਾਂ ਤੱਕ ਸੀਮਤ ਰਹੀ।
ਭਗਵੰਤ ਮਾਨ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਵਿੱਚ ਹਾਰੀਆਂ ਪਾਰਟੀਆਂ ਹੁਣ ਇਕੱਠੀਆਂ ਹੋ ਗਈਆਂ ਹਨ ਕਿਉਂਕਿ ਉਹ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਲਈ ਕਈ ਵੱਡੇ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਸਿੱਖਿਆ ਅਤੇ ਸਿਹਤ ਸਹੂਲਤਾਂ ਸ਼ਾਮਲ ਹਨ।
ਸਿਹਤ ਖੇਤਰ ਬਾਰੇ ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।
ਮਹਿਲਾਵਾਂ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਲਈ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।
ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਲਾਹਨਤ ਨੂੰ ਖ਼ਤਮ ਕੀਤਾ ਜਾਵੇਗਾ।
ਸਿੱਖਿਆ ਖੇਤਰ ਵਿੱਚ ਸੁਧਾਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਕੇਂਦਰਾਂ ਵਿੱਚ ਬਦਲਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਦੇਸ਼ ਦੇ ਅਗੇਤੀ ਸੂਬਿਆਂ ਵਿੱਚ ਆਪਣੀ ਥਾਂ ਬਣਾਈ ਹੈ।
ਮੁੱਖ ਮੰਤਰੀ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭੱਲੂਰ ਵਿਖੇ ਲੋਕ ਮਿਲਣੀ ਦੌਰਾਨ ਮਿਲਿਆ ਪਿਆਰ ਅਤੇ ਸਮਰਥਨ ਦਰਸਾਉਂਦਾ ਹੈ ਕਿ ਲੋਕ ਵਿਕਾਸ ਅਤੇ ਤਰੱਕੀ ਦੇ ਨਾਲ ਖੜ੍ਹੇ ਹਨ।

