ਫਤਿਹਗੜ੍ਹ ਸਾਹਿਬ, 11 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਦਾ ਸਫ਼ਰ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕ ਭਲਾਈ, ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਔਰਤਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਪੰਜਾਬ ਦੇ ਵਿਕਾਸ ਨੂੰ ਅਣਗੌਲਿਆ ਕੀਤਾ।
ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਸਮੁੱਚਾ ਪੰਜਾਬ ਇੱਕ ਪਰਿਵਾਰ ਹੈ ਅਤੇ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਸਰਕਾਰ ਕੋਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਇੱਛਾ ਸ਼ਕਤੀ ਅਤੇ ਸਪੱਸ਼ਟ ਨੀਅਤ ਹੈ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਆਏ ਨਿਵੇਸ਼ ਰਾਹੀਂ ਰੋਜ਼ਗਾਰ ਦੇ 6 ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ। ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ੀ-ਰੋਟੀ ਲਈ ਆਪਣੀ ਮਾਤ-ਭੂਮੀ ਛੱਡਣ ਲਈ ਮਜਬੂਰ ਨਾ ਹੋਣਾ ਪਵੇ।
ਰਵਾਇਤੀ ਪਾਰਟੀਆਂ ’ਤੇ ਤਿੱਖੇ ਸਿਆਸੀ ਹਮਲੇ
ਮੁੱਖ ਮੰਤਰੀ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਦੀ ਬਜਾਏ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ।
ਚੋਣਾਂ ਤੋਂ ਪਹਿਲਾਂ ਵਾਰ-ਵਾਰ ਪਾਰਟੀਆਂ ਬਦਲਣ ਵਾਲੇ ਆਗੂਆਂ ’ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਦਲ-ਬਦਲੂ ਆਗੂਆਂ ਨੇ ਰੰਗ ਬਦਲਣ ਦੇ ਮਾਮਲੇ ਵਿੱਚ ਗਿਰਗਿਟਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਦਾ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ, ਸਗੋਂ ਉਨ੍ਹਾਂ ਦਾ ਮਕਸਦ ਸਿਰਫ਼ ਸਿਆਸੀ ਸੱਤਾ ਹਾਸਲ ਕਰਨਾ ਹੈ।
watch…..ਪੰਜਾਬ ਵਿੱਚ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਗਿਣਤੀ ਹੋਈ 1,764
ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗਠਜੋੜ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਅਕਾਲੀ ਆਗੂ ਪਹਿਲਾਂ ਭਾਜਪਾ ’ਤੇ ਸਿੱਖ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦੇ ਦੋਸ਼ ਲਾਉਂਦੇ ਸਨ, ਉਹ ਹੁਣ ਉਸੇ ਪਾਰਟੀ ਨਾਲ ਮੁੜ ਗਠਜੋੜ ਕਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਸਿਆਸੀ ਸਮਝੌਤਿਆਂ ਨੂੰ ਸਵੀਕਾਰ ਨਹੀਂ ਕਰਨਗੇ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸਤਾਵਿਤ ਸਾਈਕਲ ਯਾਤਰਾ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਇਸ ਨੂੰ ਪੰਜਾਬ ਲਈ ਕਿਸੇ ਠੋਸ ਏਜੰਡੇ ਤੋਂ ਬਿਨਾਂ ਸਿਆਸੀ ਡਰਾਮਾ ਕਰਾਰ ਦਿੱਤਾ।
90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ
ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਟੋਲ ਪਲਾਜ਼ੇ ਬੰਦ ਕਰਨ ਨਾਲ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਸੁਪਨਾ ਪੰਜਾਬ ਨੂੰ ਖੰਭਾ-ਮੁਕਤ ਬਣਾਉਣਾ ਹੈ, ਜਿਸ ਤਹਿਤ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਯੋਜਨਾ ’ਤੇ ਕੰਮ ਕੀਤਾ ਜਾਵੇਗਾ।
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ
ਸਿਹਤ ਸਹੂਲਤਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਮਹਿੰਗੇ ਇਲਾਜ ਦੇ ਖਰਚਿਆਂ ਤੋਂ ਰਾਹਤ ਦੇਣਾ ਅਤੇ ਹਰ ਵਰਗ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ।
ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਔਰਤਾਂ ਨੂੰ ਵਿੱਤੀ ਸਹਾਇਤਾ
ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹਨ।
ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਪਾਸ ਕੀਤੀ ਨੀਟ ਪ੍ਰੀਖਿਆ
ਸਿੱਖਿਆ ਖੇਤਰ ਵਿੱਚ ਹੋਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਸਾਲ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਹੋਏ ਸੁਧਾਰਾਂ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਹੀ ਗਰੀਬੀ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਦੂਰ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਇਸ ਲਈ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
1,587 ਪਿੰਡਾਂ ਤੱਕ ਪਹਿਲੀ ਵਾਰ ਪਹੁੰਚਿਆ ਨਹਿਰੀ ਪਾਣੀ
ਸਿੰਚਾਈ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਪਹਿਲਾਂ ਨਹਿਰੀ ਸਿੰਚਾਈ ਦੀ ਸਹੂਲਤ ਨਹੀਂ ਸੀ। ਉਨ੍ਹਾਂ ਦੱਸਿਆ ਕਿ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਉਨ੍ਹਾਂ ਅਨੁਸਾਰ, ਸਰਕਾਰ ਦੇ ਸੱਤਾ ਸੰਭਾਲਣ ਸਮੇਂ ਸਿਰਫ਼ 26 ਫੀਸਦੀ ਰਕਬਾ ਨਹਿਰੀ ਸਿੰਚਾਈ ਅਧੀਨ ਸੀ, ਜੋ ਹੁਣ ਵਧ ਕੇ 80 ਫੀਸਦੀ ਤੋਂ ਵੱਧ ਹੋ ਗਿਆ ਹੈ। ਸਾਲ 2022 ਵਿੱਚ ਨਹਿਰੀ ਪਾਣੀ 20.89 ਲੱਖ ਏਕੜ ਰਕਬੇ ਤੱਕ ਪਹੁੰਚਦਾ ਸੀ, ਜਦਕਿ ਹੁਣ ਇਹ ਵਧ ਕੇ 60.30 ਲੱਖ ਏਕੜ ਹੋ ਗਿਆ ਹੈ।
45 ਹਜ਼ਾਰ ਕਿਲੋਮੀਟਰ ਸੜਕਾਂ ਦਾ ਹੋਵੇਗਾ ਨਵੀਨੀਕਰਨ
ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ 1,000 ਖੇਡ ਮੈਦਾਨ ਸਮਰਪਿਤ ਕੀਤੇ ਗਏ ਹਨ ਅਤੇ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਇਸ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ।
ਸ਼ਹੀਦੀ ਸਭਾ ਲਈ ਕੀਤੇ ਜਾਣਗੇ ਵਿਆਪਕ ਪ੍ਰਬੰਧ
ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਅਸੁਵਿਧਾ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸਾਲ ਦੀ ਤਰ੍ਹਾਂ ਉਹ ਖੁਦ ਵੀ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ।
ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦਾ ਹੈ ਅਤੇ ਇਸ ਨੂੰ ਲੋਕਾਂ ਦੀ ਭਲਾਈ ’ਤੇ ਹੀ ਖਰਚਿਆ ਜਾਣਾ ਚਾਹੀਦਾ ਹੈ। ਸਰਕਾਰ ਦਾ ਟੀਚਾ ਬਿਹਤਰ ਸਕੂਲ, ਹਸਪਤਾਲ, ਸੜਕਾਂ, ਬਿਜਲੀ ਅਤੇ ਹੋਰ ਜਨਤਕ ਸਹੂਲਤਾਂ ਮੁਹੱਈਆ ਕਰਵਾ ਕੇ ਖੁਸ਼ਹਾਲ, ਬਰਾਬਰੀ ਵਾਲਾ ਅਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।





