Homeਪੰਜਾਬੀਪੰਜਾਬ27ਵੇਂ ਤੋਂ ਪਹਿਲੇ ਸਥਾਨ ਤੱਕ ਦਾ ਸਫ਼ਰ, ਪੰਜਾਬ ਨੇ ਸਿੱਖਿਆ ਵਿੱਚ ਲਿਖੀ...

27ਵੇਂ ਤੋਂ ਪਹਿਲੇ ਸਥਾਨ ਤੱਕ ਦਾ ਸਫ਼ਰ, ਪੰਜਾਬ ਨੇ ਸਿੱਖਿਆ ਵਿੱਚ ਲਿਖੀ ਨਵੀਂ ਇਤਿਹਾਸਕ ਕਹਾਣੀ

- Advertisement -spot_img

-ਲੁਧਿਆਣਾ ਨੂੰ ਮਿਲੇ ਦੋ ਨਵੇਂ ਸਕੂਲ ਆਫ਼ ਐਮੀਨੈਂਸ, ਗਿਣਤੀ ਹੋਈ 16

ਲੁਧਿਆਣਾ, 2 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ਸਕੂਲ ਆਫ਼ ਐਮੀਨੈਂਸ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਨਵੇਂ ਸਕੂਲਾਂ ਨਾਲ ਲੁਧਿਆਣਾ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ ਵੱਧ ਕੇ 16 ਹੋ ਗਈ ਹੈ, ਜਿਸ ਨਾਲ ਇਹ ਪੰਜਾਬ ਦਾ ਸਭ ਤੋਂ ਵੱਧ ਸਕੂਲ ਆਫ਼ ਐਮੀਨੈਂਸ ਵਾਲਾ ਜ਼ਿਲ੍ਹਾ ਬਣ ਗਿਆ ਹੈ।

ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਵਿਗਿਆਨ ਲੈਬਾਂ, ਆਡੀਟੋਰੀਅਮ, ਲਾਇਬ੍ਰੇਰੀ ਅਤੇ ਹੋਰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਇਹ ਨਵੇਂ ਕੈਂਪਸ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਹਿਮ ਹਿੱਸਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰ ਲਗਾਤਾਰ ਵੱਡੇ ਪੱਧਰ ‘ਤੇ ਨਿਵੇਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਬਿਹਤਰ ਬੁਨਿਆਦੀ ਢਾਂਚਾ, ਵਿਦੇਸ਼ਾਂ ਵਿੱਚ ਅਧਿਆਪਕਾਂ ਦੀ ਸਿਖਲਾਈ ਅਤੇ ਆਧੁਨਿਕ ਪੜ੍ਹਾਉਣ ਦੇ ਤਰੀਕਿਆਂ ਕਾਰਨ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਵਧਿਆ ਹੈ। ਇਸੇ ਦਾ ਨਤੀਜਾ ਹੈ ਕਿ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦੇ 27ਵੇਂ ਸਥਾਨ ਤੋਂ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ।

watch….ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਵਿਸਥਾਰ, ਹੁਣ 68.5 ਲੱਖ ਮਹਿਲਾਵਾਂ ਨੂੰ ਮਿਲ ਰਿਹਾ ਲਾਭ

ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ ਮੁੱਖ ਮੰਤਰੀ

ਨਵੇਂ ਸਕੂਲਾਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ ਅਤੇ ਕਲਾਸਰੂਮਾਂ, ਵਿਗਿਆਨ ਲੈਬਾਂ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵਿਦਿਆਰਥੀਆਂ ਨਾਲ ਪੜ੍ਹਾਈ, ਵਿਗਿਆਨਕ ਪ੍ਰਯੋਗਾਂ ਅਤੇ ਉਨ੍ਹਾਂ ਦੇ ਭਵਿੱਖੀ ਸੁਪਨਿਆਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਆਪਕਾਂ ਅਤੇ ਸਕੂਲ ਸਟਾਫ਼ ਦੀ ਵੀ ਸ਼ਲਾਘਾ ਕੀਤੀ।

ਦੌਰੇ ਦੌਰਾਨ ਕਈ ਵਿਦਿਆਰਥੀਆਂ ਨੇ ਮੁੱਖ ਮੰਤਰੀ ਤੋਂ ਆਟੋਗ੍ਰਾਫ਼ ਲਏ, ਜਦਕਿ ਕੁਝ ਨੇ ਆਪਣੇ ਹੱਥਾਂ ਨਾਲ ਬਣਾਏ ਸਕੈਚ ਅਤੇ ਪੋਰਟਰੇਟ ਭੇਂਟ ਕਰਕੇ ਸਨਮਾਨ ਪ੍ਰਗਟਾਇਆ। ਇੱਕ ਵਿਦਿਆਰਥੀ ਦੇ ਮਾਪਿਆਂ ਨੇ ਵੀ ਮੁੱਖ ਮੰਤਰੀ ਨੂੰ ਗੁਲਦਸਤਾ ਭੇਂਟ ਕਰਦਿਆਂ ਸਿੱਖਿਆ ਖੇਤਰ ਵਿੱਚ ਹੋ ਰਹੇ ਬਦਲਾਅ ਲਈ ਸਰਕਾਰ ਦੀ ਸ਼ਲਾਘਾ ਕੀਤੀ।

ਐਕਸ ‘ਤੇ ਸਾਂਝੀ ਕੀਤੀ ਖੁਸ਼ੀ

ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ ਕਿ ਲੁਧਿਆਣਾ ਵਿੱਚ ਨਵੇਂ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਾ ਮਾਣ ਅਤੇ ਸੰਤੁਸ਼ਟੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਉੱਚ ਪੱਧਰੀ ਮਾਹੌਲ ਹੁਣ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਦਾਖਲਾ ਲੈਣ ਲਈ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਅਤੇ 125 ਤੋਂ ਵੱਧ ਵਿਦਿਆਰਥੀਆਂ ਨੇ JEE Mains ਪ੍ਰੀਖਿਆ ਪਾਸ ਕੀਤੀ ਹੈ।

ਲੁਧਿਆਣਾ ਬਣਿਆ ਸਿੱਖਿਆ ਕ੍ਰਾਂਤੀ ਦਾ ਕੇਂਦਰ

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਕ੍ਰਾਂਤੀ ਵਿੱਚ ਮੋਹਰੀ ਰਹਿਣ ਵਾਲਾ ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਵੀ ਅਗਵਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਮਾਡਲ ਨੇ ਗੁਣਵੱਤਾਪੂਰਨ ਸਿੱਖਿਆ ਨੂੰ ਹਰ ਵਰਗ ਦੇ ਬੱਚਿਆਂ ਲਈ ਸੌਖਾ ਬਣਾਇਆ ਹੈ ਅਤੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉਹੀ ਸਹੂਲਤਾਂ ਮਿਲ ਰਹੀਆਂ ਹਨ ਜੋ ਪਹਿਲਾਂ ਮਹਿੰਗੇ ਪ੍ਰਾਈਵੇਟ ਸਕੂਲਾਂ ਤੱਕ ਹੀ ਸੀਮਤ ਸਨ।

ਨਵੇਂ ਸਕੂਲਾਂ ਦੀਆਂ ਖਾਸ ਵਿਸ਼ੇਸ਼ਤਾਵਾਂ

ਮੁੱਖ ਮੰਤਰੀ ਨੇ ਦੱਸਿਆ ਕਿ ਕਿਦਵਈ ਨਗਰ ਸਕੂਲ ਆਫ਼ ਐਮੀਨੈਂਸ 10.62 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। 8300 ਵਰਗ ਗਜ਼ ਵਿੱਚ ਫੈਲੀ ਇਸ ਇਮਾਰਤ ਵਿੱਚ 60 ਕਮਰੇ ਹਨ, ਜਿਨ੍ਹਾਂ ਵਿੱਚ 27 ਕਲਾਸਰੂਮ, 7 ਆਧੁਨਿਕ ਲੈਬਾਂ, ਲਾਇਬ੍ਰੇਰੀ, ਪ੍ਰਿੰਸੀਪਲ ਦਫ਼ਤਰ, 500 ਵਿਦਿਆਰਥੀਆਂ ਦੀ ਸਮਰੱਥਾ ਵਾਲਾ ਆਡੀਟੋਰੀਅਮ ਅਤੇ 9 ਵਾਸ਼ਰੂਮ ਸ਼ਾਮਲ ਹਨ।

ਇਸੇ ਤਰ੍ਹਾਂ ਮਿਲਰ ਗੰਜ ਸਕੂਲ ਆਫ਼ ਐਮੀਨੈਂਸ 3.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। 1800 ਵਰਗ ਗਜ਼ ਵਿੱਚ ਬਣੀ ਇਸ ਇਮਾਰਤ ਵਿੱਚ 22 ਕਮਰੇ ਹਨ, ਜਿਨ੍ਹਾਂ ਵਿੱਚ 11 ਕਲਾਸਰੂਮ, 7 ਲੈਬਾਂ, ਪ੍ਰਿੰਸੀਪਲ ਦਫ਼ਤਰ, 6 ਵਾਸ਼ਰੂਮ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਲਿਫ਼ਟ ਦੀ ਵਿਵਸਥਾ ਵੀ ਕੀਤੀ ਗਈ ਹੈ।

ਸਰਕਾਰੀ ਸਕੂਲਾਂ ‘ਤੇ ਵਧਿਆ ਲੋਕਾਂ ਦਾ ਭਰੋਸਾ

ਮੁੱਖ ਮੰਤਰੀ ਨੇ ਦੱਸਿਆ ਕਿ ਇੰਦਰਪੁਰੀ ਸਥਿਤ ਸਕੂਲ ਆਫ਼ ਐਮੀਨੈਂਸ ਵਿੱਚ ਸਵੀਮਿੰਗ ਪੂਲ ਅਤੇ ਟੈਨਿਸ ਕੋਰਟ ਵਰਗੀਆਂ ਪ੍ਰੀਮੀਅਮ ਸਹੂਲਤਾਂ ਉਪਲਬਧ ਹਨ ਅਤੇ ਉੱਥੇ ਵਿਦਿਆਰਥੀਆਂ ਦੀ ਗਿਣਤੀ 1320 ਤੋਂ ਵੱਧ ਕੇ 1788 ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਸਬੂਤ ਹੈ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ 200 ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਅਪਗ੍ਰੇਡ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਕਰੀਬ 3 ਲੱਖ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਸ ਵੇਲੇ ਲੁਧਿਆਣਾ ਵਿੱਚ 16 ਸਕੂਲ ਆਫ਼ ਐਮੀਨੈਂਸ, 11 ਸਕੂਲ ਆਫ਼ ਬ੍ਰਿਲੀਐਂਸ ਅਤੇ 35 ਸਕੂਲ ਆਫ਼ ਹੈਪੀਨੈੱਸ ਕਾਰਜਸ਼ੀਲ ਹਨ।

ਸਿੱਖਿਆ ਹੀ ਸਮਾਜਿਕ ਬਦਲਾਅ ਦੀ ਕੁੰਜੀ

ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਸਿੱਖਿਆ ਹੈ। ਇਸ ਲਈ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਬੱਚੇ ਨੂੰ ਸਮਾਨ ਮੌਕੇ ਮਿਲ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਮਾਰਟ ਕਲਾਸਰੂਮਾਂ, ਅਧਿਆਪਕਾਂ ਦੀ ਉੱਚ ਪੱਧਰੀ ਸਿਖਲਾਈ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਯਤਨਾਂ ਨੇ ਇਹ ਸਫਲਤਾ ਸੰਭਵ ਬਣਾਈ ਹੈ।

ਸ਼ਾਨਦਾਰ ਨਤੀਜੇ

ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਵੇਲੇ ਪੰਜਾਬ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ‘ਤੇ ਸੀ, ਪਰ ਅੱਜ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। 2021 ਵਿੱਚ ਜਿੱਥੇ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ NEET ਪਾਸ ਕੀਤਾ ਸੀ, ਉੱਥੇ 2026 ਵਿੱਚ ਇਹ ਗਿਣਤੀ ਵੱਧ ਕੇ 881 ਹੋ ਗਈ ਹੈ। ਇਸ ਤੋਂ ਇਲਾਵਾ 24 ਲੱਖ ਤੋਂ ਵੱਧ ਮਾਪਿਆਂ ਨੇ ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮੀਟਿੰਗਾਂ ਵਿੱਚ ਹਿੱਸਾ ਲਿਆ ਅਤੇ ਕਰੀਬ 20 ਹਜ਼ਾਰ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ 155 ਵਿਦਿਆਰਥੀਆਂ ਨੇ JEE ਅਤੇ NEET ਪ੍ਰੀਖਿਆਵਾਂ ਪਾਸ ਕੀਤੀਆਂ, ਜਦਕਿ 47 ਵਿਦਿਆਰਥੀਆਂ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਸਫਲਤਾ ਹਾਸਲ ਕੀਤੀ। ਪਿਛਲੇ ਸਾਲ ਜ਼ਿਲ੍ਹੇ ਦੇ 201 ਵਿਦਿਆਰਥੀਆਂ ਨੇ ਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ 25 ਤਮਗੇ ਜਿੱਤੇ, ਜਿਨ੍ਹਾਂ ਵਿੱਚ 7 ਸੋਨ ਤਮਗੇ ਵੀ ਸ਼ਾਮਲ ਹਨ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here