Homeਪੰਜਾਬੀਪੰਜਾਬ32 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ ਸਰਕਾਰ...

32 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਸਰਕਾਰ ਦਾ ਸਖ਼ਤ ਆਰਡੀਨੈਂਸ

- Advertisement -spot_img

ਚੰਡੀਗੜ੍ਹ, 13 ਜੁਲਾਈ

ਪੰਜਾਬ ਸਰਕਾਰ ਨੇ ਸੂਬੇ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯੰਤਰਿਤ ਕਰਨ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ-2026’ ਲਾਗੂ ਕਰ ਦਿੱਤਾ ਹੈ। ਇਸ ਆਰਡੀਨੈਂਸ ਤਹਿਤ ਹੁਣ ਪ੍ਰਾਈਵੇਟ ਸਕੂਲ ਸਾਲਾਨਾ ਫੀਸ ਵਿੱਚ ਵੱਧ ਤੋਂ ਵੱਧ 5 ਫੀਸਦੀ ਹੀ ਵਾਧਾ ਕਰ ਸਕਣਗੇ।

ਮੁੱਖ ਮੰਤਰੀ ਭਗਵੰਤ  ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜੇਕਰ ਕਿਸੇ ਸਕੂਲ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਕੁੱਲ ਮਿਲਾ ਕੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਤਾਂ ਉਸ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਇਸ ਦੇ ਨਾਲ ਹੀ ਟਰਾਂਸਪੋਰਟ ਫੀਸ, ਬਿਲਡਿੰਗ ਫੰਡ ਅਤੇ ਹੋਰ ਸਾਰੇ ਚਾਰਜ ਵੀ ਹੁਣ ਟਿਊਸ਼ਨ ਫੀਸ ਦਾ ਹੀ ਹਿੱਸਾ ਮੰਨੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਨੂੰ ਕਦੇ ਵੀ ਵਪਾਰ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੈਗੂਲੇਟਰੀ ਕਮੇਟੀਆਂ ਫੀਸਾਂ ਵਿੱਚ ਵਾਧੇ ਦੇ ਹਰ ਮਾਮਲੇ ਦੀ ਜਾਂਚ ਕਰਨਗੀਆਂ। ਨਾਲ ਹੀ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਵਸੂਲ ਕੀਤੀਆਂ ਫੀਸਾਂ ਦਾ ਪੂਰਾ ਵੇਰਵਾ ਸਰਕਾਰੀ ਪੋਰਟਲ ‘ਤੇ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮਾਨ ਨੇ ਰਾਜਪਾਲ ਵੱਲੋਂ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਅੱਜ ਤੋਂ ਹੀ ਲਾਗੂ ਹੋ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਸਕੂਲ ਵਾਧੂ ਫੀਸ ਵਸੂਲਦਾ ਪਾਇਆ ਗਿਆ ਤਾਂ ਉਹ ਰਕਮ ਮਾਪਿਆਂ ਨੂੰ ਵਾਪਸ ਕਰਨੀ ਲਾਜ਼ਮੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ ਹੋਈ ਸੀ, ਜਿਸ ਕਾਰਨ ਮਾਪਿਆਂ ‘ਤੇ ਬੇਲੋੜਾ ਆਰਥਿਕ ਬੋਝ ਪਿਆ। ਹੁਣ ਸਰਕਾਰ ਫੋਰੈਂਸਿਕ ਆਡਿਟ ਰਾਹੀਂ ਸਕੂਲਾਂ ਦੀ ਅਸਲ ਫੀਸ ਵਸੂਲੀ ਦੀ ਜਾਂਚ ਵੀ ਕਰਵਾਏਗੀ।

watch……ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਵਣ ਵਿਭਾਗ ਦੇ 516 ਦਿਹਾੜੀਦਾਰ ਮੁਲਾਜ਼ਮ ਕੀਤੇ ਰੈਗੂਲਰ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਕਰੀਬ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਹ ਆਰਡੀਨੈਂਸ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਲਿਆਂਦਾ ਗਿਆ ਹੈ। ਇਸ ਨਾਲ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧੇਗੀ ਅਤੇ ਮਾਪਿਆਂ ਨੂੰ ਨਾਜਾਇਜ਼ ਫੀਸਾਂ ਤੋਂ ਰਾਹਤ ਮਿਲੇਗੀ।

ਆਰਡੀਨੈਂਸ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਪ੍ਰਬੰਧ ਕੀਤਾ ਗਿਆ ਹੈ। ਪਹਿਲੀ ਉਲੰਘਣਾ ‘ਤੇ 50 ਹਜ਼ਾਰ ਰੁਪਏ, ਦੂਜੀ ਉਲੰਘਣਾ ‘ਤੇ 1 ਲੱਖ ਰੁਪਏ ਜੁਰਮਾਨਾ ਲਗੇਗਾ, ਜਦਕਿ ਤੀਜੀ ਵਾਰ ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਕੂਲ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਮਾਪਿਆਂ ਤੋਂ ਕਿਸੇ ਵੀ ਨਾਂ ਹੇਠ ਲਈ ਜਾਣ ਵਾਲੀ ਹਰ ਰਕਮ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਇਸ ‘ਤੇ ਇਹ ਨਿਯਮ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਨਾਫ਼ਾਖੋਰੀ ਜਾਂ ਸਿੱਖਿਆ ਮਾਫੀਆ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਹਰ ਵਿਦਿਆਰਥੀ ਨੂੰ ਵਾਜਬ ਖਰਚੇ ‘ਤੇ ਮਿਆਰੀ ਸਿੱਖਿਆ ਮਿਲੇ, ਇਹ ਯਕੀਨੀ ਬਣਾਇਆ ਜਾਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here