ਚੰਡੀਗੜ੍ਹ, 4 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ ਡੀ.ਏ. ਦੀ ਦਰ 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਈ ਹੈ। ਨਵੀਂ ਦਰ ਪਹਿਲੀ ਨਵੰਬਰ ਤੋਂ ਲਾਗੂ ਹੋਵੇਗੀ ਅਤੇ ਇਸ ਦਾ ਲਾਭ ਦਸੰਬਰ ਮਹੀਨੇ ਵਿੱਚ ਮਿਲਣ ਵਾਲੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੈਸਲੇ ਨਾਲ ਪੰਜਾਬ ਦੇ ਕਰੀਬ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਅਨੁਸਾਰ, ਸਾਲ 2022 ਵਿੱਚ ਸਰਕਾਰ ਵੱਲੋਂ ਅਹੁਦਾ ਸੰਭਾਲਣ ਸਮੇਂ ਮੁਲਾਜ਼ਮਾਂ ਨੂੰ 28 ਫੀਸਦੀ ਡੀ.ਏ. ਮਿਲ ਰਿਹਾ ਸੀ, ਜੋ ਹੁਣ ਵਧ ਕੇ 53 ਫੀਸਦੀ ਹੋ ਗਿਆ ਹੈ। ਇਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਡੀ.ਏ. ਵਿੱਚ ਕੁੱਲ 25 ਫੀਸਦੀ ਵਾਧਾ ਕੀਤਾ ਗਿਆ ਹੈ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਦੇ ਮੌਕੇ ’ਤੇ ਲਿਆ ਗਿਆ ਇਹ ਫੈਸਲਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਧੇ ਨਾਲ ਮੁਲਾਜ਼ਮਾਂ ਨੂੰ ਸਾਲਾਨਾ ਲਗਪਗ 3,988 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ। ਉਨ੍ਹਾਂ ਸਾਰੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ।
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਸ਼ਾਸਨਿਕ ਪ੍ਰਬੰਧਾਂ ਅਤੇ ਲੋਕ ਸੇਵਾਵਾਂ ਵਿੱਚ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਚਾਰ ਸਾਲ ਅਤੇ ਨੌਂ ਮਹੀਨਿਆਂ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 71,777 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਭਰਤੀਆਂ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਗੱਲਬਾਤ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਲਈ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਮੁੱਖ ਮੰਤਰੀ ਅਨੁਸਾਰ, ਸਤੰਬਰ ਮਹੀਨੇ ਵਿੱਚ ਵੀ ਸਰਕਾਰ ਵੱਲੋਂ ਡੀ.ਏ. ਵਿੱਚ ਅੱਠ ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ। ਤਾਜ਼ਾ ਤਿੰਨ ਫੀਸਦੀ ਵਾਧੇ ਨਾਲ ਪਿਛਲੇ ਦੋ ਮਹੀਨਿਆਂ ਦੌਰਾਨ ਡੀ.ਏ. ਵਿੱਚ ਕੁੱਲ 11 ਫੀਸਦੀ ਵਾਧਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 1,813 ਕਰੋੜ ਰੁਪਏ ਦਾ ਲਾਭ ਮਿਲੇਗਾ।
watch…Big Employment Boost in Punjab: 801 Youth Get Government Jobs Ahead of Diwali
ਮੁੱਖ ਮੰਤਰੀ ਨੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੇ ਬਕਾਏ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਮਿਸ਼ਨ ਦੇ ਲਾਭ ਪਹਿਲੀ ਜਨਵਰੀ 2016 ਤੋਂ ਲਾਗੂ ਹੋਣੇ ਸਨ, ਪਰ ਇਸ ਦੀਆਂ ਸਿਫਾਰਸ਼ਾਂ ਜੁਲਾਈ 2021 ਵਿੱਚ ਲਾਗੂ ਕੀਤੀਆਂ ਗਈਆਂ। ਇਸ ਕਾਰਨ ਪਹਿਲੀ ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਕਰੀਬ 14,191 ਕਰੋੜ ਰੁਪਏ ਦੇ ਬਕਾਏ ਇਕੱਠੇ ਹੋ ਗਏ ਸਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਬਕਾਇਆਂ ਦੀ ਅਦਾਇਗੀ ਲਈ ਪੜਾਅਵਾਰ ਯੋਜਨਾ ਬਣਾਈ ਹੈ। ਪੈਨਸ਼ਨਰਾਂ ਦੇ ਬਕਾਏ ਪਹਿਲੀ ਅਪਰੈਲ 2025 ਤੋਂ ਜਾਰੀ ਕੀਤੇ ਗਏ ਸਨ, ਜਦਕਿ ਸੇਵਾ ਨਿਭਾ ਰਹੇ ਸਰਕਾਰੀ ਮੁਲਾਜ਼ਮਾਂ ਦੇ ਬਕਾਏ ਪਹਿਲੀ ਅਪਰੈਲ 2026 ਤੋਂ ਜਾਰੀ ਕਰਨੇ ਸ਼ੁਰੂ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 4,891 ਕਰੋੜ ਰੁਪਏ ਦੇ ਬਕਾਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਲਗਪਗ 9,300 ਕਰੋੜ ਰੁਪਏ ਵੀ ਪੜਾਅਵਾਰ ਅਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਜਾਇਜ਼ ਹੱਕਾਂ ਦੀ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।





